ਲਹਿਰਾਗਾਗਾ ਨੇੜੇ ਪਿੰਡ ਖੰਡੇਬਾਦ ਵਿਖੇ 27 ਏਕੜ ਤੋਂ ਵੱਧ ਸਰਕਾਰੀ ਜ਼ਮੀਨ 'ਤੇ ਬਣਾਈ ਜਾਵੇਗੀ ਨਵੀਂ ਅਨਾਜ ਮੰਡੀ: ਬਰਿੰਦਰ ਕੁਮਾਰ ਗੋਇਲ

ਲਹਿਰਾਗਾਗਾ ਨੇੜੇ ਪਿੰਡ ਖੰਡੇਬਾਦ ਵਿਖੇ 27 ਏਕੜ ਤੋਂ ਵੱਧ ਸਰਕਾਰੀ ਜ਼ਮੀਨ 'ਤੇ ਬਣਾਈ ਜਾਵੇਗੀ ਨਵੀਂ ਅਨਾਜ ਮੰਡੀ: ਬਰਿੰਦਰ ਕੁਮਾਰ ਗੋਇਲ

*ਚੰਡੀਗੜ੍ਹ, 2 ਨਵੰਬਰ:* ਪੰਜਾਬ ਦੇ ਜਲ ਸਰੋਤ ਮੰਤਰੀ ਅਤੇ ਲਹਿਰਾਗਾਗਾ ਤੋਂ ਵਿਧਾਇਕ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਐਲਾਨ ਕੀਤਾ ਕਿ ਲਹਿਰਾਗਾਗਾ ਨੇੜਲੇ ਪਿੰਡ ਖੰਡੇਬਾਦ ਵਿਖੇ 217 ਕਨਾਲ 14 ਮਰਲੇ (27 ਏਕੜ ਤੋਂ ਵੱਧ) ਸਰਕਾਰੀ ਜ਼ਮੀਨ 'ਤੇ ਨਵੀਂ ਅਨਾਜ ਮੰਡੀ ਸਥਾਪਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪ੍ਰਸਤਾਵ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ 31 ਅਕਤੂਬਰ ਨੂੰ ਹੋਈ ਮੀਟਿੰਗ ਵਿੱਚ ਪ੍ਰਵਾਨਗੀ ਦੇ ਦਿੱਤੀ ਗਈ ਹੈ।

ਇੱਥੇ ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਲਹਿਰਾਗਾਗਾ ਦੀ ਮੌਜੂਦਾ ਅਨਾਜ ਮੰਡੀ ਫ਼ਸਲਾਂ ਖਾਸ ਕਰਕੇ ਝੋਨੇ ਅਤੇ ਕਣਕ ਦੀ ਵਧਦੀ ਆਮਦ ਨੂੰ ਸੰਭਾਲਣ ਲਈ ਨਾਕਾਫ਼ੀ ਸਾਬਤ ਹੋ ਰਹੀ ਸੀ ਕਿਉਂਕਿ ਪਿਛਲੇ ਸਾਲਾਂ ਦੌਰਾਨ ਫ਼ਸਲਾਂ ਦੀ ਉਪਜ ਵਿੱਚ ਕਾਫ਼ੀ ਵਾਧਾ ਹੋਇਆ ਹੈ।

ਉਨ੍ਹਾਂ ਦੱਸਿਆ ਕਿ ਮੌਜੂਦਾ ਅਨਾਜ ਮੰਡੀ ਲਗਭਗ 45 ਸਾਲ ਪਹਿਲਾਂ ਕਰੀਬ 12 ਏਕੜ ਜ਼ਮੀਨ 'ਤੇ ਬਣਾਈ ਗਈ ਸੀ। ਇਸੇ ਜ਼ਮੀਨ ਵਿੱਚੋਂ ਬਾਅਦ ਵਿੱਚ ਕਾਟਨ ਯਾਰਡ ਵੀ ਬਣਾ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਫ਼ਸਲਾਂ ਦੀ ਆਮਦ ਲਗਾਤਾਰ ਵਧਣ ਕਾਰਨ ਮੰਡੀ ਵਿੱਚ ਖ਼ਰੀਦ ਅਤੇ ਵਪਾਰਕ ਗਤੀਵਿਧੀਆਂ ਲਈ ਉਪਲਬਧ ਥਾਂ ਨਾਕਾਫ਼ੀ ਹੋ ਗਈ ਸੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੌਜੂਦਾ ਅਨਾਜ ਮੰਡੀ ਸ਼ਹਿਰ ਦੇ ਬਿਲਕੁਲ ਵਿਚਕਾਰ ਸਥਿਤ ਹੋਣ ਕਾਰਨ ਖ਼ਰੀਦ ਸੀਜ਼ਨ ਦੌਰਾਨ ਆਵਾਜਾਈ ਦੀ ਗੰਭੀਰ ਸਮੱਸਿਆ ਪੈਦਾ ਹੁੰਦੀ ਸੀ ਜਿਸ ਕਰਕੇ ਕਿਸਾਨਾਂ, ਵਪਾਰੀਆਂ ਅਤੇ ਆੜ੍ਹਤੀਆਂ ਵੱਲੋਂ ਲੰਮੇ ਸਮੇਂ ਤੋਂ ਇਸ ਸਮੱਸਿਆ ਦੇ ਹੱਲ ਅਤੇ ਖੇਤੀਬਾੜੀ ਉਤਪਾਦਾਂ ਦੀ ਸੁਚਾਰੂ ਖ਼ਰੀਦ ਲਈ ਨਵੀਂ ਅਨਾਜ ਮੰਡੀ ਸਥਾਪਤ ਕਰਨ ਦੀ ਮੰਗ ਕੀਤੀ ਜਾ ਰਹੀ ਸੀ।

ਇਸ ਲੰਮੇ ਸਮੇਂ ਤੋਂ ਲਟਕਦੀ ਮੰਗ ਨੂੰ ਪੂਰਾ ਕਰਦਿਆਂ ਪੰਜਾਬ ਸਰਕਾਰ ਵੱਲੋਂ ਲਹਿਰਾਗਾਗਾ ਦੇ ਨਾਲ ਲੱਗਦੇ ਪਿੰਡ ਖੰਡੇਬਾਦ ਵਿਖੇ ਆਪਣੀ 217 ਕਨਾਲ 14 ਮਰਲੇ ਜ਼ਮੀਨ 'ਤੇ ਨਵੀਂ ਅਨਾਜ ਮੰਡੀ ਵਿਕਸਤ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪ੍ਰਸਤਾਵਿਤ ਅਨਾਜ ਮੰਡੀ ਤੱਕ ਪਹੁੰਚ ਲਈ ਰਸਤਾ ਪਿੰਡ ਲਹਿਲ ਖ਼ੁਰਦ ਦੀ ਜ਼ਮੀਨ ਰਾਹੀਂ ਬਣਾਇਆ ਜਾਵੇਗਾ।

ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਨਵੀਂ ਅਨਾਜ ਮੰਡੀ ਸਥਾਪਤ ਹੋਣ ਨਾਲ ਕਿਸਾਨਾਂ, ਵਪਾਰੀਆਂ ਅਤੇ ਆੜ੍ਹਤੀਆਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਲਹਿਰਾਗਾਗਾ ਸ਼ਹਿਰ ਵਿੱਚ ਟ੍ਰੈਫ਼ਿਕ ਦੀ ਸਮੱਸਿਆ ਤੋਂ ਵੀ ਨਿਜਾਤ ਮਿਲੇਗੀ। ਉਨ੍ਹਾਂ ਕਿਹਾ ਕਿ ਇਹ ਨਵੀਂ ਮੰਡੀ ਸਮੁੱਚੇ ਇਲਾਕੇ ਦੀਆਂ ਖੇਤੀਬਾੜੀ ਅਤੇ ਵਪਾਰਕ ਲੋੜਾਂ ਨੂੰ ਪੂਰਾ ਕਰਨ ਵਿੱਚ ਵੀ ਸਹਾਈ ਹੋਵੇਗੀ।

ਕੈਬਨਿਟ ਮੰਤਰੀ ਨੇ ਇਸ ਮਹੱਤਵਪੂਰਨ ਪ੍ਰਸਤਾਵ ਨੂੰ ਪ੍ਰਵਾਨਗੀ ਦੇਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਮੁੱਚੀ ਕੈਬਨਿਟ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਇਲਾਕੇ ਦੇ ਲੋਕਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਨ ਦੇ ਨਾਲ-ਨਾਲ ਖੇਤੀਬਾੜੀ ਉਤਪਾਦਾਂ ਦੀ ਮੰਡੀਕਰਨ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਵਿੱਚ ਮਦਦਗਾਰ ਸਾਬਤ ਹੋਵੇਗਾ।