ਬੇਅੰਤ ਸਿੰਘ ਕਤਲ ਕਾਂਡ: ਜਗਤਾਰ ਸਿੰਘ ਹਵਾਰਾ 6 ਘੰਟੇ ਦੀ ਪੈਰੋਲ ਲਈ ਸਹਿਮਤ, ਬਿਮਾਰ ਮਾਂ ਨੂੰ ਮਿਲਣ ਜਾਣਗੇ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਜਗਤਾਰ ਸਿੰਘ ਹਵਾਰਾ ਨੇ ਆਖ਼ਰਕਾਰ ਪੈਰੋਲ ਲਈ ਆਪਣੀ ਸਹਿਮਤੀ ਦੇ ਦਿੱਤੀ ਹੈ। ਸੂਤਰਾਂ ਮੁਤਾਬਕ ਹਵਾਰਾ ਨੂੰ ਆਪਣੀ ਗੰਭੀਰ ਬਿਮਾਰ ਮਾਂ ਨਾਲ ਮੁਲਾਕਾਤ ਕਰਨ ਲਈ 6 ਘੰਟੇ ਦੀ ਕਸਟਡੀ ਪੈਰੋਲ ਮਿਲ ਸਕਦੀ ਹੈ।
ਪਹਿਲਾਂ ਸੁਰੱਖਿਆ ਘੇਰੇ ਵਿੱਚ ਜਾਣ ਤੋਂ ਕੀਤਾ ਸੀ ਇਨਕਾਰ
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਜੇਲ੍ਹ ਪ੍ਰਸ਼ਾਸਨ ਵੱਲੋਂ ਹਵਾਰਾ ਨੂੰ ਆਪਣੀ ਮਾਂ ਨੂੰ ਮਿਲਣ ਲਈ ਸੁਰੱਖਿਆ ਹੇਠ ਕਸਟਡੀ ਪੈਰੋਲ ਦੀ ਮਨਜ਼ੂਰੀ ਦਿੱਤੀ ਗਈ ਸੀ, ਪਰ ਹਵਾਰਾ ਨੇ ਪੁਲਿਸ ਦੇ ਸੁਰੱਖਿਆ ਘੇਰੇ ਵਿੱਚ ਜਾਣ ਤੋਂ ਇਨਕਾਰ ਕਰ ਦਿੱਤਾ ਸੀ। ਉਨ੍ਹਾਂ ਦੀ ਮੰਗ ਸੀ ਕਿ ਉਨ੍ਹਾਂ ਨੂੰ ਆਮ ਕੈਦੀਆਂ ਵਾਂਗ ਸਾਧਾਰਨ ਪੈਰੋਲ ਦਿੱਤੀ ਜਾਵੇ। ਹਾਲਾਂਕਿ ਜੇਲ੍ਹ ਅਧਿਕਾਰੀਆਂ ਦਾ ਕਹਿਣਾ ਸੀ ਕਿ ਹਾਈ-ਰਿਸਕ (High-Risk) ਕੈਦੀ ਹੋਣ ਦੇ ਚੱਲਦਿਆਂ ਉਨ੍ਹਾਂ ਨਾਲ ਹਥਿਆਰਬੰਦ ਪੁਲਿਸ ਮੁਲਾਜ਼ਮਾਂ ਦੀ ਤੈਨਾਤੀ ਬੇਹੱਦ ਜ਼ਰੂਰੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਸੀ 10 ਦਿਨਾਂ ਦੀ ਪੈਰੋਲ ਦੀ ਸਿਫ਼ਾਰਸ਼
ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਕੇ ਇਨਸਾਨੀਅਤ ਦੇ ਆਧਾਰ 'ਤੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨਾਂ ਦੀ ਪੈਰੋਲ ਦੇਣ ਦੀ ਸਿਫ਼ਾਰਸ਼ ਕੀਤੀ ਸੀ। ਮੁੱਖ ਮੰਤਰੀ ਨੇ ਕਿਹਾ ਸੀ ਕਿ ਹਵਾਰਾ ਦੀ 80 ਸਾਲ ਤੋਂ ਵੱਧ ਉਮਰ ਦੀ ਮਾਤਾ ਬੇਹੱਦ ਨਾਜ਼ੁਕ ਹਾਲਤ ਵਿੱਚ ਹਨ। ਮੁੱਖ ਮੰਤਰੀ ਨੇ ਰਾਜਪਾਲ ਨੂੰ ਭਰੋਸਾ ਦਿਵਾਇਆ ਸੀ ਕਿ ਪੈਰੋਲ ਦੌਰਾਨ ਪੰਜਾਬ ਅੰਦਰ ਅਮਨ-ਕਾਨੂੰਨ ਦੀ ਸਥਿਤੀ ਕਾਇਮ ਰੱਖਣ ਦੀ ਪੂਰੀ ਜ਼ਿੰਮੇਵਾਰੀ ਸੂਬਾ ਸਰਕਾਰ ਦੀ ਹੋਵੇਗੀ। ਇਹ ਮਾਮਲਾ ਦਿੱਲੀ ਦੀ ਜੇਲ੍ਹ ਨਾਲ ਜੁੜਿਆ ਹੋਣ ਕਾਰਨ ਰਾਜਪਾਲ ਨੇ ਕੇਂਦਰੀ ਗ੍ਰਹਿ ਸਕੱਤਰ ਨਾਲ ਰਾਬਤਾ ਕਾਇਮ ਕਰਨ ਦਾ ਭਰੋਸਾ ਦਿੱਤਾ ਸੀ।
1.png)
31 ਅਗਸਤ 1995 ਨੂੰ ਹੋਇਆ ਸੀ ਬੇਅੰਤ ਸਿੰਘ ਦਾ ਕਤਲ
31 ਅਗਸਤ 1995 ਨੂੰ ਚੰਡੀਗੜ੍ਹ ਸਥਿਤ ਪੰਜਾਬ ਸਿਵਲ ਸਕੱਤਰੇਤ ਦੇ ਬਾਹਰ ਹੋਏ ਬੰਬ ਧਮਾਕੇ ਵਿੱਚ ਉਸ ਵੇਲੇ ਦੇ ਮੁੱਖ ਮੰਤਰੀ ਬੇਅੰਤ ਸਿੰਘ ਸਮੇਤ 17 ਲੋਕਾਂ ਦੀ ਮੌਤ ਹੋ ਗਈ ਸੀ। ਇਸ ਮਾਮਲੇ ਵਿੱਚ ਜਗਤਾਰ ਸਿੰਘ ਹਵਾਰਾ ਨੂੰ ਸਾਲ 2007 ਵਿੱਚ ਫਾਂਸੀ ਦੀ ਸਜ਼ਾ ਸੁਣਾਈ ਗਈ ਸੀ, ਜਿਸ ਨੂੰ ਬਾਅਦ ਵਿੱਚ 2010 ਵਿੱਚ ਹਾਈ ਕੋਰਟ ਨੇ ਉਮਰ ਕੈਦ ਵਿੱਚ ਤਬਦੀਲ ਕਰ ਦਿੱਤਾ ਸੀ। ਹਵਾਰਾ ਪਿਛਲੇ ਲਗਭਗ 31 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਹਨ।

