ਪਰਵਿੰਦਰ ਝੋਟਾ ਕਤਲ ਕਾਂਡ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਐਂਟਰੀ
ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਦਿਨ-ਦਿਹਾੜੇ ਹੋਏ ਕਤਲ ਮਾਮਲੇ ਵਿੱਚ ਹੁਣ ਕੇਂਦਰ ਸਰਕਾਰ ਦਾ ਦਖ਼ਲ ਸਾਹਮਣੇ ਆਇਆ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਕਤਲ ਕਾਂਡ ਅਤੇ ਪੰਜਾਬ ਦੀ ਮੌਜੂਦਾ ਕਾਨੂੰਨ-ਵਿਵਸਥਾ 'ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰਾਲਾ ਪਰਵਿੰਦਰ ਝੋਟਾ ਕਤਲ ਕਾਂਡ ਅਤੇ ਦਿੜ੍ਹਬਾ ਦੇ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ਨੂੰ ਲੈ ਕੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਤੋਂ ਰਸਮੀ ਰਿਪੋਰਟ ਤਲਬ ਕਰੇਗਾ।
ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' (X) 'ਤੇ ਪੋਸਟ ਸਾਂਝੀ ਕਰਦਿਆਂ ਅਮਿਤ ਸ਼ਾਹ ਨੇ ਲਿਖਿਆ ਕਿ ਪੰਜਾਬ ਅੱਜ ਨਸ਼ੇ, ਗੈਂਗਸਟਰਵਾਦ ਅਤੇ ਸੰਗਠਿਤ ਅਪਰਾਧ ਦੇ ਵੱਧ ਰਹੇ ਖ਼ਤਰੇ ਨਾਲ ਜੂਝ ਰਿਹਾ ਹੈ। ਉਨ੍ਹਾਂ ਸਵਾਲ ਚੁੱਕਿਆ ਕਿ ਪੰਜਾਬ ਦੀ ਜਨਤਾ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਕੌਣ ਲਵੇਗਾ, ਕਿਉਂਕਿ ਲੋਕਾਂ ਨੂੰ ਨਾਅਰਿਆਂ ਅਤੇ ਇਸ਼ਤਿਹਾਰਾਂ ਦੀ ਥਾਂ ਠੋਸ ਕਾਰਵਾਈ ਦੀ ਲੋੜ ਹੈ।
https://twitter.com/AmitShah/status/2110968662673019128?s=20
"ਦਿੜ੍ਹਬਾ ਵਿੱਚ ਦਬਾਅ ਹੇਠ ਇੱਕ ਪਿਤਾ ਵੱਲੋਂ ਜ਼ਹਿਰ ਖਾਣਾ ਅਤੇ ਮਾਨਸਾ ਵਿੱਚ ਨਸ਼ੇ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਦਿਨ-ਦਿਹਾੜੇ ਕਤਲ ਹੋਣਾ ਪੰਜਾਬ ਦੀ ਕਾਨੂੰਨ-ਵਿਵਸਥਾ 'ਤੇ ਵੱਡੇ ਸਵਾਲ ਖੜ੍ਹੇ ਕਰਦਾ ਹੈ। ਪਰਵਿੰਦਰ ਦੇ ਪਰਿਵਾਰ ਨੇ ਸਰਕਾਰ ਅਤੇ ਸਥਾਨਕ ਵਿਧਾਇਕ 'ਤੇ ਗੰਭੀਰ ਦੋਸ਼ ਲਾਏ ਹਨ। ਗ੍ਰਹਿ ਮੰਤਰਾਲਾ ਇਨ੍ਹਾਂ ਦੋਵਾਂ ਘਟਨਾਵਾਂ 'ਤੇ ਸੂਬਾ ਸਰਕਾਰ ਤੋਂ ਜਵਾਬ ਮੰਗੇਗਾ," ਅਮਿਤ ਸ਼ਾਹ ਨੇ ਕਿਹਾ।
ਉਹ 2 ਮਾਮਲੇ, ਜਿਨ੍ਹਾਂ ਦਾ ਗ੍ਰਹਿ ਮੰਤਰੀ ਨੇ ਕੀਤਾ ਜ਼ਿਕਰ:
1. ਨਸ਼ੇ ਦਾ ਵਿਰੋਧ ਕਰਨ 'ਤੇ ਪਰਵਿੰਦਰ ਝੋਟਾ ਦਾ ਕਤਲ (ਮਾਨਸਾ)
13 ਅਕਤੂਬਰ ਨੂੰ ਮਾਨਸਾ ਵਿਖੇ ਨਸ਼ਿਆਂ ਵਿਰੁੱਧ ਲੜਨ ਵਾਲੇ ਕਾਰਕੁਨ ਪਰਵਿੰਦਰ ਸਿੰਘ ਉਰਫ਼ ਝੋਟਾ ਦਾ ਇੱਕ ਮੈਡੀਕਲ ਸਟੋਰ 'ਤੇ ਕਥਿਤ ਨਸ਼ੀਲੀਆਂ ਦਵਾਈਆਂ ਦੀ ਵਿਕਰੀ ਨੂੰ ਲੈ ਕੇ ਵਿਵਾਦ ਹੋਇਆ। ਇਸ ਦੌਰਾਨ ਮੈਡੀਕਲ ਸਟੋਰ ਸੰਚਾਲਕ ਅਸ਼ਵਨੀ ਕੁਮਾਰ ਵੱਲੋਂ ਚਲਾਈਆਂ ਗੋਲੀਆਂ ਲੱਗਣ ਕਾਰਨ ਝੋਟਾ ਦੀ ਮੌਤ ਹੋ ਗਈ ਅਤੇ ਚਾਰ ਹੋਰ ਸਾਥੀ ਜ਼ਖ਼ਮੀ ਹੋ ਗਏ।
14 ਅਕਤੂਬਰ ਨੂੰ ਪੁਲਿਸ ਨੇ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਨੂੰ ਰਾਜਸਥਾਨ ਦੇ ਸਾਲਾਸਰ ਤੋਂ ਕਾਬੂ ਕਰ ਲਿਆ। ਲੋਕਾਂ ਦੇ ਵਿਰੋਧ ਮਗਰੋਂ ਪ੍ਰਸ਼ਾਸਨ ਨੇ ਮੁਲਜ਼ਮ ਦੀ ਦੁਕਾਨ ਤੇ ਰਿਹਾਇਸ਼ੀ ਥਾਂ ਖ਼ਿਲਾਫ਼ ਕਾਰਵਾਈ ਕੀਤੀ ਅਤੇ ਥਾਣਾ ਸਿਟੀ-2 ਦੀ ਐਸਐਚਓ (SHO) ਬੇਅੰਤ ਕੌਰ ਨੂੰ ਮੁਅੱਤਲ ਕਰ ਦਿੱਤਾ ਗਿਆ। ਮੁਲਜ਼ਮਾਂ ਨੂੰ 22 ਅਕਤੂਬਰ ਤੱਕ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਹੈ, ਜਦਕਿ ਪਰਿਵਾਰ ਇਸ ਮਾਮਲੇ ਦੀ ਸੀਬੀਆਈ ਜਾਂਚ 'ਤੇ ਅੜਿਆ ਹੋਇਆ ਹੈ।
2.png)
2. ਮੰਤਰੀ ਅੱਗੇ ਨਸ਼ਿਆਂ ਦਾ ਮੁੱਦਾ ਚੁੱਕਣ ਮਗਰੋਂ ਗੁਲਜ਼ਾਰ ਸਿੰਘ ਦੀ ਖ਼ੁਦਕੁਸ਼ੀ (ਦਿੜ੍ਹਬਾ)
ਸੰਗਰੂਰ ਜ਼ਿਲ੍ਹੇ ਦੇ ਪਿੰਡ ਤੂਰਬੰਜਾਰਾ ਦੇ 50 ਸਾਲਾ ਗੁਲਜ਼ਾਰ ਸਿੰਘ ਨੇ 6 ਸਤੰਬਰ 2026 ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸਾਹਮਣੇ ਆਪਣੇ ਇਲਾਕੇ 'ਚ ਚਿੱਟੇ ਦੀ ਵਿਕਰੀ ਅਤੇ ਆਪਣੇ ਪੁੱਤਰ ਦੇ ਨਸ਼ੇ ਦੀ ਲਤ ਦਾ ਮੁੱਦਾ ਚੁੱਕਿਆ ਸੀ। ਪਰਿਵਾਰ ਦਾ ਦੋਸ਼ ਹੈ ਕਿ ਇਸ ਤੋਂ ਬਾਅਦ ਪਿੰਡ ਦੇ ਸਰਪੰਚ ਅਤੇ ਕੁਝ ਹੋਰ ਵਿਅਕਤੀਆਂ ਨੇ ਉਨ੍ਹਾਂ 'ਤੇ ਮਾਫ਼ੀ ਮੰਗਣ ਲਈ ਦਬਾਅ ਪਾਇਆ ਅਤੇ ਜਾਤੀਸੂਚਕ ਸ਼ਬਦ ਵਰਤੇ।
7 ਸਤੰਬਰ ਨੂੰ ਗੁਲਜ਼ਾਰ ਸਿੰਘ ਨੇ ਜ਼ਹਿਰ ਨਿਗਲ ਲਿਆ, ਜਿਸ ਮਗਰੋਂ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਖ਼ੁਦਕੁਸ਼ੀ ਤੋਂ ਪਹਿਲਾਂ ਵੀਡੀਓ ਵਿੱਚ ਉਨ੍ਹਾਂ ਕਈ ਵਿਅਕਤੀਆਂ 'ਤੇ ਦੋਸ਼ ਲਾਏ ਸਨ। ਪੁਲਿਸ ਨੇ ਪੰਜ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਐਸਆਈਟੀ (SIT) ਬਣਾਈ ਹੈ ਅਤੇ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਤੇ ਪੰਜਾਬ-ਹਰਿਆਣਾ ਹਾਈ ਕੋਰਟ ਨੇ ਵੀ ਸਰਕਾਰ ਤੋਂ ਇਸ ਮਾਮਲੇ ਵਿੱਚ ਰਿਪੋਰਟ ਤਲਬ ਕੀਤੀ ਹੈ।

