ਡਿਬਰੂਗੜ੍ਹ ਜੇਲ੍ਹ 'ਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਮਿਲੀ 3 ਘੰਟੇ ਦੀ ਪੈਰੋਲ
ਅੰਮ੍ਰਿਤਸਰ: ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਐਨ.ਐਸ.ਏ. (NSA) ਤਹਿਤ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ 21 ਨਵੰਬਰ ਨੂੰ ਆਪਣੀ ਦਾਦੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ 3 ਘੰਟੇ ਦੀ ਪੈਰੋਲ 'ਤੇ ਆਪਣੇ ਪਿੰਡ ਪੁੱਜਣਗੇ। ਅਦਾਲਤ ਨੇ ਇਸ ਸੰਖੇਪ ਫੇਰੀ ਦੀ ਇਜਾਜ਼ਤ ਦੇ ਦਿੱਤੀ ਹੈ, ਜਦਕਿ ਅੰਤਿਮ ਅਰਦਾਸ ਦੀਆਂ ਬਾਕੀ ਰਸਮਾਂ ਵਿੱਚ ਉਹ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਾਮਲ ਹੋਣਗੇ।
ਅੰਮ੍ਰਿਤਪਾਲ ਸਿੰਘ ਦੇ ਚਾਚਾ ਸੁਖਚੈਨ ਸਿੰਘ ਨੇ ਦੱਸਿਆ ਕਿ ਨਵੇਂ ਹੁਕਮਾਂ ਅਨੁਸਾਰ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਅੰਮ੍ਰਿਤਪਾਲ ਸਿੰਘ ਨੂੰ ਪਿੰਡ ਲਿਆਉਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਨੇ ਦੁਪਹਿਰ 12 ਵਜੇ ਤੱਕ ਘਰ ਪਹੁੰਚਣਾ ਹੈ। ਹਾਲਾਂਕਿ, ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਗੱਲਬਾਤ ਤੋਂ ਬਾਅਦ ਪ੍ਰੋਗਰਾਮ ਵਿੱਚ ਮਾਮੂਲੀ ਬਦਲਾਅ ਸੰਭਵ ਹਨ।
ਸੁਖਚੈਨ ਸਿੰਘ ਨੇ ਸਪੱਸ਼ਟ ਕੀਤਾ ਕਿ ਅੰਮ੍ਰਿਤਪਾਲ ਸਿੰਘ ਦੇ ਪਿੰਡ ਪੁੱਜਣ 'ਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ। ਉਨ੍ਹਾਂ ਕਿਹਾ, "ਅਦਾਲਤ ਅਤੇ ਪ੍ਰਸ਼ਾਸਨ ਵੱਲੋਂ ਜੋ ਵੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣਗੇ, ਪਰਿਵਾਰ ਉਨ੍ਹਾਂ ਦੀ ਪੂਰੀ ਤਰ੍ਹਾਂ ਪਾਲਣਾ ਕਰੇਗਾ ਅਤੇ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦੇਵੇਗਾ।" ਉਨ੍ਹਾਂ ਸੰਗਤ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਦੁੱਖ ਦੀ ਘੜੀ ਵਿੱਚ ਅਨੁਸ਼ਾਸਨ ਬਣਾਈ ਰੱਖਣ।
ਪਹਿਲਾਂ 17 ਨਵੰਬਰ ਨੂੰ ਹੋਣਾ ਸੀ ਅੰਤਿਮ ਸੰਸਕਾਰ ਅੰਮ੍ਰਿਤਪਾਲ ਸਿੰਘ ਦੇ ਚਾਚਾ ਨੇ ਦੱਸਿਆ ਕਿ ਪਹਿਲਾਂ ਅੰਤਿਮ ਸੰਸਕਾਰ 17 ਨਵੰਬਰ ਨੂੰ ਹੋਣਾ ਤੈਅ ਸੀ, ਪਰ ਬਾਅਦ ਵਿੱਚ ਤਰੀਕ ਬਦਲ ਕੇ 21 ਨਵੰਬਰ ਕਰ ਦਿੱਤੀ ਗਈ। ਇਸ ਤੋਂ ਬਾਅਦ ਉਨ੍ਹਾਂ ਦੇ ਚਾਚੇ ਹਰਜੀਤ ਸਿੰਘ ਅਤੇ ਸੁਖਮਨ ਸਿੰਘ ਦੀਆਂ ਪਟੀਸ਼ਨਾਂ 'ਤੇ ਵੀ ਅਦਾਲਤ ਵਿੱਚ ਸੁਣਵਾਈ ਹੋਣੀ ਬਾਕੀ ਹੈ।
ਪਰਿਵਾਰ ਵੱਲੋਂ ਸਰਕਾਰ ਨੂੰ ਖਰਚਾ ਚੁੱਕਣ ਦੀ ਅਪੀਲ ਆਉਣ-ਜਾਣ ਦੇ ਪ੍ਰਬੰਧਾਂ ਬਾਰੇ ਬੋਲਦਿਆਂ ਸੁਖਚੈਨ ਸਿੰਘ ਨੇ ਕਿਹਾ ਕਿ ਪਰਿਵਾਰ ਨੇ ਸਰਕਾਰ ਨੂੰ ਸਫ਼ਰ ਦਾ ਖਰਚਾ ਚੁੱਕਣ ਦੀ ਅਪੀਲ ਕੀਤੀ ਸੀ। ਉਨ੍ਹਾਂ ਤਰਕ ਦਿੱਤਾ ਕਿ ਅੰਮ੍ਰਿਤਪਾਲ ਸਿੰਘ ਨੂੰ ਇੰਨੀ ਦੂਰ ਅਸਾਮ ਦੀ ਜੇਲ੍ਹ ਵਿੱਚ ਸਰਕਾਰ ਵੱਲੋਂ ਰੱਖਿਆ ਗਿਆ ਹੈ, ਇਸ ਲਈ ਉਨ੍ਹਾਂ ਨੂੰ ਪੰਜਾਬ ਲਿਆਉਣ ਅਤੇ ਵਾਪਸ ਲਿਜਾਣ ਦੇ ਖਰਚੇ ਦੀ ਜ਼ਿੰਮੇਵਾਰੀ ਵੀ ਸਰਕਾਰ ਨੂੰ ਹੀ ਚੁੱਕਣੀ ਚਾਹੀਦੀ ਹੈ।
1.png)
ਅੰਤਿਮ ਸੰਸਕਾਰ ਮੌਕੇ ਨਹੀਂ ਲੱਗੇਗੀ ਕੋਈ ਸਟੇਜ ਪਰਿਵਾਰ ਨੇ ਅੰਤਿਮ ਸੰਸਕਾਰ ਦੌਰਾਨ ਕਿਸੇ ਵੀ ਤਰ੍ਹਾਂ ਦੀ ਸਟੇਜ ਜਾਂ ਜਨਤਕ ਸੰਬੋਧਨ ਦੀ ਸੰਭਾਵਨਾ ਤੋਂ ਸਾਫ਼ ਇਨਕਾਰ ਕੀਤਾ ਹੈ। ਸੁਖਚੈਨ ਸਿੰਘ ਨੇ ਕਿਹਾ ਕਿ ਇਹ ਦੁੱਖ ਦੀ ਘੜੀ ਹੈ, ਇਸ ਲਈ ਸਟੇਜ ਲਗਾਉਣ ਦਾ ਕੋਈ ਪ੍ਰੋਗਰਾਮ ਨਹੀਂ ਹੈ। ਭੋਗ ਦੌਰਾਨ ਸਿਰਫ਼ ਸਿੱਖ ਮਰਿਆਦਾ ਅਨੁਸਾਰ ਕੀਰਤਨ, ਕਥਾ ਅਤੇ ਅਰਦਾਸ ਹੀ ਕੀਤੀ ਜਾਵੇਗੀ।

