ਅਕਾਲੀ ਦਲ ਦੀ NDA 'ਚ ਵਾਪਸੀ 'ਤੇ PM ਮੋਦੀ ਨੇ ਜਤਾਈ ਖੁਸ਼ੀ, ਕਿਹਾ- ਪੰਜਾਬ ਤੇ ਪੰਜਾਬੀਆਂ ਦੀ ਭਲਾਈ ਸਭ ਤੋਂ ਪਹਿਲਾਂ

ਅਕਾਲੀ ਦਲ ਦੀ NDA 'ਚ ਵਾਪਸੀ 'ਤੇ PM ਮੋਦੀ ਨੇ ਜਤਾਈ ਖੁਸ਼ੀ, ਕਿਹਾ- ਪੰਜਾਬ ਤੇ ਪੰਜਾਬੀਆਂ ਦੀ ਭਲਾਈ ਸਭ ਤੋਂ ਪਹਿਲਾਂ

ਸ਼੍ਰੋਮਣੀ ਅਕਾਲੀ ਦਲ ਦੇ ਮੁੜ NDA ਪਰਿਵਾਰ ਵਿੱਚ ਸ਼ਾਮਲ ਹੋਣ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੁਸ਼ੀ ਜਤਾਈ ਹੈ। PM ਮੋਦੀ ਨੇ ਕਿਹਾ ਕਿ ਅਕਾਲੀ ਦਲ-ਭਾਜਪਾ ਦਾ ਕੁਦਰਤੀ ਗਠਜੋੜ ਪੰਜਾਬ ਤੇ ਪੰਜਾਬੀਆਂ ਦੀ ਭਲਾਈ ਅਤੇ ਸੂਬੇ ਦੀ ਤਰੱਕੀ ਲਈ ਕੰਮ ਕਰੇਗਾ।

ਨਵੀਂ ਦਿੱਲੀ/ਚੰਡੀਗੜ੍ਹ: ਪੰਜਾਬ ਦੀ ਸਿਆਸਤ ਵਿੱਚ ਇੱਕ ਵੱਡੇ ਅਤੇ ਇਤਿਹਾਸਕ ਬਦਲਾਅ ਤਹਿਤ ਸ਼੍ਰੋਮਣੀ ਅਕਾਲੀ ਦਲ (SAD) ਅਤੇ ਭਾਰਤੀ ਜਨਤਾ ਪਾਰਟੀ (BJP) ਨੇ ਕਰੀਬ 6 ਸਾਲਾਂ ਦੇ ਵਕਫ਼ੇ ਮਗਰੋਂ ਮੁੜ ਹੱਥ ਮਿਲਾ ਲਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਮੁੜ ਨੈਸ਼ਨਲ ਡੈਮੋਕ੍ਰੇਟਿਕ ਅਲਾਇੰਸ (NDA) ਪਰਿਵਾਰ ਵਿੱਚ ਸ਼ਾਮਲ ਹੋਣ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡੂੰਘੀ ਖੁਸ਼ੀ ਦਾ ਇਜ਼ਹਾਰ ਕੀਤਾ ਹੈ। ਉਨ੍ਹਾਂ ਇਸ ਗਠਜੋੜ ਨੂੰ 'ਕੁਦਰਤੀ ਗਠਜੋੜ' ਕਰਾਰ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੀ ਤਰਜੀਹ ਹਮੇਸ਼ਾ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਹੈ।

ਪ੍ਰਧਾਨ ਮੰਤਰੀ ਮੋਦੀ ਦਾ ਖ਼ਾਸ ਸੁਨੇਹਾ

ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' (X) 'ਤੇ ਆਪਣੀਆਂ ਭਾਵਨਾਵਾਂ ਸਾਂਝੀਆਂ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਲਿਖਿਆ, "ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਸਭ ਤੋਂ ਪਹਿਲਾਂ! ਮੈਨੂੰ ਇਸ ਗੱਲ ਦੀ ਬੇਹੱਦ ਖੁਸ਼ੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਮੁੜ NDA ਪਰਿਵਾਰ ਵਿੱਚ ਵਾਪਸ ਪਰਤ ਆਇਆ ਹੈ, ਅਤੇ ਉਹ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ 'ਤੇ। ਸਾਡਾ ਇਹ ਇੱਕ ਕੁਦਰਤੀ ਗਠਜੋੜ ਹੈ ਜੋ ਇਹ ਯਕੀਨੀ ਬਣਾਏਗਾ ਕਿ ਪੰਜਾਬ ਨੂੰ ਲੋਕ-ਪੱਖੀ ਸ਼ਾਸਨ ਮਿਲੇ, ਜੋ ਸੂਬੇ ਨੂੰ ਤਰੱਕੀ ਦੀਆਂ ਨਵੀਆਂ ਬੁਲੰਦੀਆਂ 'ਤੇ ਲੈ ਕੇ ਜਾਵੇਗਾ।"

ਪੁਰਾਣੇ ਆਗੂਆਂ ਨੂੰ ਯਾਦ ਕਰਦਿਆਂ PM ਮੋਦੀ ਨੇ ਅੱਗੇ ਕਿਹਾ ਕਿ ਅਟਲ ਬਿਹਾਰੀ ਵਾਜਪਾਈ ਜੀ, ਲਾਲ ਕ੍ਰਿਸ਼ਨ ਅਡਵਾਨੀ ਜੀ ਅਤੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਜੀ ਵੱਲੋਂ ਸਿੰਜਿਆ ਗਿਆ ਅਕਾਲੀ ਦਲ-ਭਾਜਪਾ ਗਠਜੋੜ ਹਮੇਸ਼ਾ ਸਮੇਂ ਦੀ ਕਸੌਟੀ 'ਤੇ ਖਰਾ ਉਤਰਿਆ ਹੈ। ਉਨ੍ਹਾਂ ਪੂਰਾ ਭਰੋਸਾ ਜਤਾਇਆ ਕਿ ਆਉਣ ਵਾਲੇ ਸਮੇਂ ਵਿੱਚ ਇਹ ਗਠਜੋੜ ਪੰਜਾਬ ਦੇ ਲੋਕਾਂ ਦੀ ਪਹਿਲੀ ਪਸੰਦ ਬਣ ਕੇ ਉਭਰੇਗਾ।

ਅਮਿਤ ਸ਼ਾਹ ਅਤੇ ਸੁਖਬੀਰ ਬਾਦਲ ਵੱਲੋਂ ਸਾਂਝਾ ਐਲਾਨ

ਇਸ ਤੋਂ ਪਹਿਲਾਂ ਨਵੀਂ ਦਿੱਲੀ ਸਥਿਤ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿੱਚ ਇਸ ਗਠਜੋੜ ਦਾ ਅਧਿਕਾਰਤ ਐਲਾਨ ਕੀਤਾ ਗਿਆ। ਦੋਵਾਂ ਪਾਰਟੀਆਂ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਇਕੱਠਿਆਂ ਲੜਨ ਦਾ ਫੈਸਲਾ ਕੀਤਾ ਹੈ।

ਪ੍ਰੈੱਸ ਕਾਨਫਰੰਸ ਦੌਰਾਨ ਅਮਿਤ ਸ਼ਾਹ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਇਸ ਬਾਰੇ ਗੱਲ ਕੀਤੀ ਤਾਂ PM ਮੋਦੀ ਨੇ ਖੁਦ ਸੁਖਬੀਰ ਸਿੰਘ ਬਾਦਲ ਨਾਲ ਫ਼ੋਨ 'ਤੇ ਗੱਲਬਾਤ ਕੀਤੀ ਅਤੇ ਕਿਹਾ ਕਿ "ਬਾਦਲ ਸਾਹਿਬ ਦੇ ਨਾਲ ਆਉਣ ਨਾਲ ਹੁਣ NDA ਪੂਰਾ ਹੋ ਗਿਆ ਹੈ।" ਅਮਿਤ ਸ਼ਾਹ ਨੇ ਇਸ ਸਮਝੌਤੇ ਨੂੰ ਹਿੰਦੂ-ਸਿੱਖ ਭਾਈਚਾਰਕ ਸਾਂਝ ਦਾ ਪ੍ਰਤੀਕ ਦੱਸਦਿਆਂ ਕਿਹਾ ਕਿ ਦੋਵਾਂ ਪਾਰਟੀਆਂ ਦਾ ਮੁੱਖ ਏਜੰਡਾ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ, ਸਰਹੱਦੀ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਕਰਨਾ ਅਤੇ ਗੈਂਗਸਟਰਵਾਦ ਨੂੰ ਖ਼ਤਮ ਕਰਨਾ ਹੋਵੇਗਾ।

2020 ਵਿੱਚ ਟੁੱਟਿਆ ਸੀ 24 ਸਾਲ ਪੁਰਾਣਾ ਨਾਤਾ

ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ NDA ਦੇ ਸਭ ਤੋਂ ਪੁਰਾਣੇ ਸਹਿਯੋਗੀਆਂ ਵਿੱਚੋਂ ਇੱਕ ਰਿਹਾ ਹੈ। ਦੋਵਾਂ ਪਾਰਟੀਆਂ ਨੇ ਕਰੀਬ 24 ਸਾਲਾਂ ਤੱਕ ਇਕੱਠਿਆਂ ਸਿਆਸਤ ਕੀਤੀ ਅਤੇ ਕਈ ਵਾਰ ਸੂਬੇ ਵਿੱਚ ਸਰਕਾਰ ਬਣਾਈ। ਹਾਲਾਂਕਿ, ਸਤੰਬਰ 2020 ਵਿੱਚ ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਅਕਾਲੀ ਦਲ ਨੇ NDA ਨਾਲੋਂ ਆਪਣਾ ਨਾਤਾ ਤੋੜ ਲਿਆ ਸੀ ਅਤੇ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਸ ਤੋਂ ਬਾਅਦ 2022 ਦੀਆਂ ਵਿਧਾਨ ਸਭਾ ਚੋਣਾਂ ਦੋਵਾਂ ਪਾਰਟੀਆਂ ਨੇ ਵੱਖ-ਵੱਖ ਲੜੀਆਂ ਸਨ, ਜਿਸ ਵਿੱਚ ਦੋਵਾਂ ਨੂੰ ਵੱਡੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

ਹੁਣ 2027 ਦੀਆਂ ਚੋਣਾਂ ਤੋਂ ਪਹਿਲਾਂ ਦੋਵਾਂ ਰਵਾਇਤੀ ਸਹਿਯੋਗੀਆਂ ਦੇ ਮੁੜ ਇਕੱਠੇ ਹੋਣ ਨਾਲ ਪੰਜਾਬ ਦੀ ਸਿਆਸਤ ਵਿੱਚ ਨਵੇਂ ਸਮੀਕਰਨ ਬਣ ਗਏ ਹਨ, ਜਿਸ ਦਾ ਸਿੱਧਾ ਅਸਰ ਸੱਤਾਧਾਰੀ ਆਮ ਆਦਮੀ ਪਾਰਟੀ (AAP) ਅਤੇ ਕਾਂਗਰਸ ਦੀ ਰਣਨੀਤੀ 'ਤੇ ਪੈਣਾ ਤੈਅ ਹੈ।modi ji