‘ਯੁੱਧ ਨਸ਼ਿਆਂ ਵਿਰੁੱਧ’: 186ਵੇਂ ਦਿਨ,ਪੰਜਾਬ ਪੁਲਿਸ ਨੇ 376 ਥਾਵਾਂ ‘ਤੇ ਕੀਤੀ ਛਾਪੇਮਾਰੀ; 83 ਨਸ਼ਾ ਤਸਕਰ ਕਾਬੂ
ਚੰਡੀਗੜ, 3 ਸਤੰਬਰ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ 186ਵੇਂ ਦਿਨ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ 376 ਥਾਵਾਂ ‘ਤੇ ਛਾਪੇਮਾਰੀ ਕੀਤੀ , ਜਿਸ ਨਾਲ ਸੂਬੇ ਭਰ ਵਿੱਚ 56 ਐਫਆਈਆਰਜ਼ ਦਰਜ ਕੀਤੀਆਂ ਗਈਆਂ ਅਤੇ 83 ਨਸ਼ਾ ਤਸਕਰਾਂ ਨੂੰ ਗਿ੍ਰਫਤਾਰ ਕੀਤਾ ਗਿਆ। ਇਸ ਦੇ ਨਾਲ 186 ਦਿਨਾਂ ਵਿੱਚ ਗਿ੍ਰਫਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 28,142 ਹੋ ਗਈ ਹੈ।
ਛਾਪੇਮਾਰੀ ਦੇ ਨਤੀਜੇ ਵਜੋਂ ਗਿ੍ਰਫਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜੇ ਵਿੱਚੋਂ 631 ਗ੍ਰਾਮ ਹੈਰੋਇਨ, 6082 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।
ਇਹ ਕਾਰਵਾਈ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿਆਂ ਵਿੱਚ ਇੱਕੋ ਸਮੇਂ ਅਮਲ ਵਿਚ ਲਿਆਂਦੀ ਗਈ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਆਫ ਪੁਲਿਸ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।
ਵੇਰਵੇ ਸਾਂਝੇ ਕਰਦਿਆਂ, ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 76 ਗਜਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲਿਸ ਮੁਲਾਜਮਾਂ ਵਾਲੀਆਂ 150 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ ਛਾਪੇਮਾਰੀ ਕੀਤੀ । ਉਨਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸਨ ਦੌਰਾਨ ਪੁਲਿਸ ਟੀਮਾਂ ਨੇ 423 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ।
ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਰਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸਨ ਐਂਡ ਪ੍ਰੀਵੈਨਸਨ (ਈਡੀਪੀ) - ਲਾਗੂ ਕਰਨ ਦੇ ਨਾਲ, ਪੰਜਾਬ ਪੁਲਿਸ ਨੇ ‘ਨਸ਼ਾ ਛੁਡਾਊ’ ਦੇ ਹਿੱਸੇ ਵਜੋਂ ਅੱਜ 53 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜੀ ਕੀਤਾ ਹੈ।