ਅੰਮ੍ਰਿਤਸਰ ਵਿੱਚ ਸਰਹੱਦ ਨੇੜਿਓਂ ਏਕੇ-47 ਰਾਈਫਲ ਸਮੇਤ 26 ਆਧੁਨਿਕ ਹਥਿਆਰ ਬਰਾਮਦ; ਇੱਕ ਵਿਅਕਤੀ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 19 ਜੂਨ: ਸਰਹੱਦ ਪਾਰੋਂ ਹਥਿਆਰ ਤਸਕਰੀ ਵਿਰੁੱਧ ਵੱਡੀ ਸਫਲਤਾ ਦਰਜ ਕਰਦਿਆਂ ਸੀਮਾ ਸੁਰੱਖਿਆ ਬਲ (ਬੀਐਸਐਫ) ਪੰਜਾਬ ਨੇ ਪੰਜਾਬ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਸ ਦੇ ਕਬਜ਼ੇ ਵਿੱਚੋਂ ਇੱਕ ਏਕੇ-47 ਰਾਈਫਲ ਅਤੇ 25 ਪਿਸਤੌਲਾਂ ਸਮੇਤ ਕੁੱਲ 26 ਆਧੁਨਿਕ ਹਥਿਆਰ ਬਰਾਮਦ ਕੀਤੇ ਹਨ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।
ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ ਅੱਤਵਾਦੀ ਗਤੀਵਿਧੀਆਂ ਵਿਰੁੱਧ ਆਪਣੀ ਮੁਹਿੰਮ ਤੇਜ਼ ਕਰ ਦਿੱਤੀ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਅਣਥੱਕ ਮਿਹਨਤ ਕੀਤੀ ਜਾ ਰਹੀ ਹੈ। ਇਹ ਕਾਰਵਾਈ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਵੱਲੋਂ ਅਮਲ ਵਿੱਚ ਲਿਆਂਦੀ ਗਈ।
ਦੋਸ਼ੀ ਵਿਅਕਤੀ, ਜਿਸਦੀ ਪਛਾਣ ਰੋਹਨ ਖੋਸਲਾ, ਵਾਸੀ ਰੂਪਨਗਰ ਕਲੋਨੀ, ਅੰਮ੍ਰਿਤਸਰ ਵਜੋਂ ਹੋਈ ਹੈ, ਨੂੰ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਦੇ ਨੇੜਿਓਂ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਨੇ ਦੋਸ਼ੀ ਕੋਲੋਂ 14 9ਐਮ.ਐਮ. ਅਤੇ 11 .30 ਬੋਰ ਦੇ ਵੱਖ ਵੱਖ ਮਾਰਕੇ ਦੇ ਪਿਸਤੌਲ–ਜਿਨ੍ਹਾਂ ਵਿੱਚ ਨੋਰਿੰਕੋ ਸਟਾਰ ਮਾਰਕ, ਗਲੌਕ, ਜ਼ਿਗਾਨਾ, ਟੌਰਸ, ਵਾਲਥਰ ਆਦਿ ਸ਼ਾਮਲ ਹਨ ਸਮੇਤ 368 ਜ਼ਿੰਦਾ ਕਾਰਤੂਸ ਅਤੇ 48 ਮੈਗਜ਼ੀਨ ਬਰਾਮਦ ਕੀਤੇ ਹਨ।
ਵੱਡੀ ਮਾਤਰਾ ਵਿੱਚ ਹਥਿਆਰਾਂ ਅਤੇ ਗੋਲੀ-ਸਿੱਕੇ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮ ਨੇ ਅਮਰੀਕਾ ਦੀ ਬਣੀ ਇੱਕ ਬੁਲੇਟ-ਪਰੂਫ ਜੈਕੇਟ ਵੀ ਬਰਾਮਦ ਕੀਤੀ ਹੈ ਅਤੇ ਦੋਸ਼ੀ ਦੀ ਹੁੰਡਈ ਆਈ-20 ਕਾਰ ( ਪੀਬੀ 02 ਈਜੇ 2347) , ਜਿਸਦੀ ਵਰਤੋਂ ਉਹ ਹਥਿਆਰ ਤਸਕਰੀ ਲਈ ਕਰ ਰਿਹਾ ਸੀ, ਨੂੰ ਵੀ ਜ਼ਬਤ ਕੀਤਾ ਹੈ ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਆਸਟ੍ਰੇਲੀਆ-ਅਧਾਰਤ ਹੈਂਡਲਰ, ਜਿਸਨੇ ਸੋਸ਼ਲ ਮੀਡੀਆ ਐਪਲੀਕੇਸ਼ਨ ਰਾਹੀਂ ਹਥਿਆਰ ਪਹੁੰਚਾਉਣ ਵਾਲੇ ਟਿਕਾਣੇ ਬਾਰੇ ਜਾਣਕਾਰੀ ਸਾਂਝੀ ਕੀਤੀ ਸੀ, ਦੇ ਨਿਰਦੇਸ਼ਾਂ ’ਤੇ ਕੰਮ ਕਰ ਰਿਹਾ ਸੀ ।
ਡੀਜੀਪੀ ਨੇ ਕਿਹਾ ਕਿ ਅਗਲੇ-ਪਿਛਲੇ ਸਬੰਧ ਸਥਾਪਤ ਕੀਤੇ ਜਾ ਰਹੇ ਹਨ ਅਤੇ ਇਸ ਮਾਮਲੇ ਵਿੱਚ ਸ਼ਾਮਲ ਸਾਰੇ ਕਾਰਕੁੰਨਾਂ ਦੀ ਪਛਾਣ ਕਰਨ, ਪੂਰੇ ਅੱਤਵਾਦੀ ਨੈੱਟਵਰਕ ਨੂੰ ਖਤਮ ਕਰਨ ਅਤੇ ਸਰਹੱਦ ਪਾਰੋਂ ਹਥਿਆਰ ਤਸਕਰੀ ਦੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਕਰਨ ਲਈ ਹੋਰ ਜਾਂਚ ਜਾਰੀ ਹੈ।
ਅਪੇ੍ਰਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਏ.ਆਈ.ਜੀ. ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਬੀਐਸਐਫ ਤੋਂ, ਬਾਰਡਰ ਆਊਟਪੋਸਟ (ਬੀਓਪੀ) ਸ਼ਾਹਪੁਰ ਦੇ ਇਲਾਕੇ ਵਿੱਚ ਡਰੋਨ ਰਾਹੀਂ ਸੁੱਟੀ ਗਈ ਹਥਿਆਰਾਂ ਦੀ ਖੇਪ ਪ੍ਰਾਪਤ ਕਰਨ ਬਾਰੇ ਪੁਖ਼ਤਾ ਇਤਲਾਹ ਮਿਲੀ ਸੀ। ਇਸ ’ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਐਸਐਸਓਸੀ ਅੰਮ੍ਰਿਤਸਰ ਦੀ ਟੀਮ ਨੇ ਬੀਐਸਐਫ ਟੀਮ ਦੇ ਤਾਲਮੇਲ ਨਾਲ ਹੁੰਡਈ ਆਈ-20 ਵਿੱਚ ਜਾ ਰਹੇ ਸ਼ੱਕੀ ਰੋਹਨ ਖੋਸਲਾ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਦੱਸਿਆ ਕਿ ਕਾਰ ਦੀ ਤਲਾਸ਼ੀ ਦੌਰਾਨ, 25 ਆਧੁਨਿਕ ਪਿਸਤੌਲ ਅਤੇ ਇੱਕ ਏਕੇ-47 ਰਾਈਫਲ ਦੇ ਸਮੇਤ ਜ਼ਿੰਦਾ ਕਾਰਤੂਸ ਅਤੇ ਮੈਗਜ਼ੀਨ ਅਤੇ ਅਮਰੀਕਾ ਦੀ ਬਣੀ ਇੱਕ ਬੁਲੇਟ-ਪਰੂਫ ਜੈਕੇਟ ਬਰਾਮਦ ਕੀਤੀ ਗਈ।
ਏਆਈਜੀ ਨੇ ਕਿਹਾ ਕਿ ਇਹ ਵੀ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਆਪਣੇ ਆਸਟ੍ਰੇਲੀਆ ਸਥਿਤ ਹੈਂਡਲਰ ਦੇ ਨਿਰਦੇਸ਼ਾਂ ਅਨੁਸਾਰ ਇਸ ਖੇਪ ਨੂੰ ਅੱਗੇ ਹੋਰ ਕਾਰਕੁੰਨਾਂ ਤੱਕ ਪਹੁੰਚਾਉਣ ਲਈ ਇੱਕ ਸਥਾਨਕ ਲਿੰਕ ਵਜੋਂ ਕੰਮ ਕਰ ਰਿਹਾ ਸੀ। ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।
ਇਸ ਸਬੰਧ ਵਿੱਚ ਐਫਆਈਆਰ ਨੰਬਰ 39 ਮਿਤੀ 19.06.2026 ਨੂੰ, ਅਸਲਾ ਐਕਟ ਦੀ ਧਾਰਾ 25, ਬੀਐਨਐਸ ਦੀ ਧਾਰਾ 111 ਅਤੇ 61(2) ਅਤੇ ਭਾਰਤੀ ਵਾਯੂਯਾਨ ਅਧਿਨੀਅਮ ਦੀ ਧਾਰਾ 25, 26, 27, 28 ਅਤੇ 29 ਦੇ ਤਹਿਤ ਪੁਲਿਸ ਸਟੇਸ਼ਨ ਐਸਐਸਓਸੀ ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਹੈ।

