ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ: ਹਰਜੋਤ ਸਿੰਘ ਬੈਂਸ ਨੇ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ, ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਦਿੱਤਾ ਸੱਦਾ

ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ: ਹਰਜੋਤ ਸਿੰਘ ਬੈਂਸ ਨੇ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ, ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਦਿੱਤਾ ਸੱਦਾ

ਚੰਡੀਗੜ੍ਹ, 27 ਅਕਤੂਬਰ:

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਸਮਾਗਮਾਂ ਵਿੱਚ ਸ਼ਮੂਲੀਅਤ ਲਈ ਦੇਸ਼ ਭਰ ਦੇ ਆਗੂਆਂ ਨੂੰ ਸੱਦਾ ਦੇਣ ਸਬੰਧੀ ਪੰਜਾਬ ਸਰਕਾਰ ਦੀ ਪਹਿਲਕਦਮੀ ਦੇ ਹਿੱਸੇ ਵਜੋਂ ਅੱਜ ਸ਼ਾਮ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨਾਲ ਸ੍ਰੀਨਗਰ ਵਿਖੇ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨਾਲ ਮੁਲਾਕਾਤ ਕੀਤੀ ਅਤੇ ਅਗਲੇ ਮਹੀਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾਣ ਵਾਲੇ ਮੁੱਖ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ।

ਸਿੱਖਿਆ ਮੰਤਰੀ ਨੇ ਮੁੱਖ ਮੰਤਰੀ ਅਬਦੁੱਲਾ ਨੂੰ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਕਦਰਾਂ-ਕੀਮਤਾਂ ਦੀ ਰਾਖੀ ਲਈ ਬਲੀਦਾਨ ਦੇਣ ਵਾਲੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਕਰਵਾਏ ਜਾ ਰਹੇ ਸੂਬਾ ਪੱਧਰੀ ਸਮਾਗਮਾਂ ਦੀ ਲੜੀ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾਣ ਵਾਲੇ ਧਾਰਮਿਕ ਸਮਾਗਮਾਂ ਸਮੇਤ ਇਹਨਾਂ ਯਾਦਗਾਰੀ ਸਮਾਰੋਹਾਂ ਦੇ ਮੁੱਖ ਪਹਿਲੂਆਂ ਬਾਰੇ ਵੀ ਦੱਸਿਆ।

ਸ. ਬੈਂਸ ਦੇ ਸੱਦੇ ਨੂੰ ਸਵੀਕਾਰ ਕਰਦਿਆਂ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਮਨੁੱਖਤਾ ਲਈ ਪ੍ਰੇਰਨਾ ਸ੍ਰੋਤ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਨੂੰ ਨਮਨ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਸ਼ਾਂਤੀ, ਧਾਰਮਿਕ ਆਜ਼ਾਦੀ, ਸਦਭਾਵਨਾ ਅਤੇ ਆਪਸੀ ਭਾਈਚਾਰੇ ਦਾ ਸਦੀਵੀਂ ਸੰਦੇਸ਼ ਮਨੁੱਖਤਾ ਨੂੰ ਪ੍ਰੇਰਿਤ ਕਰਦਾ ਰਹੇਗਾ।

ਯਾਦਗਾਰੀ ਪ੍ਰੋਗਰਾਮਾਂ ਦੀ ਲੜੀ ਬਾਰੇ ਸਾਂਝੀ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਵਿਸ਼ੇਸ਼ ਸਮਾਗਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਅਤੇ ਉਨ੍ਹਾਂ ਦੇ ਅਨਿੰਨ ਸੇਵਕਾਂ ਭਾਈ ਸਤੀ ਦਾਸ ਜੀ, ਭਾਈ ਮਤੀ ਦਾਸ ਜੀ, ਭਾਈ ਦਿਆਲਾ ਜੀ ਅਤੇ ਭਾਈ ਜੈਤਾ ਜੀ (ਬਾਬਾ ਜੀਵਨ ਸਿੰਘ ਜੀ) ਦੇ ਜੀਵਨ, ਸਿੱਖਿਆਵਾਂ ਅਤੇ ਲਾਸਾਨੀ ਸ਼ਹਾਦਤ ਨਾਲ ਜੁੜੇ ਵੱਖ-ਵੱਖ ਪਵਿੱਤਰ ਅਸਥਾਨਾਂ ‘ਤੇ ਕਰਵਾਏ ਜਾ ਰਹੇ ਹਨ।