ਭਗਵੰਤ ਸਿੰਘ ਮਾਨ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦੀ ਸੌਗਾਤ, ਡੀ.ਏ. ਦਾ ਅੱਠ ਫੀਸਦੀ ਵਾਧਾ ਸਤੰਬਰ ਦੀ ਤਨਖਾਹ ਨਾਲ ਮਿਲੇਗਾ
*ਚੰਡੀਗੜ੍ਹ; 23 ਸਤੰਬਰ 2026: * ਪੰਜਾਬ ਭਰ ਦੇ 8 ਲੱਖ ਤੋਂ ਵੱਧ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਵੱਡੇ ਤਿਉਹਾਰੀ ਤੋਹਫ਼ੇ ਵਜੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 1 ਸਤੰਬਰ, 2026 ਤੋਂ ਮਹਿੰਗਾਈ ਭੱਤੇ (ਡੀ.ਏ.) ਵਿੱਚ 8 ਫੀਸਦੀ ਵਾਧਾ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਸ ਨਾਲ ਮੁਲਾਜ਼ਮ ਨੁਮਾਇੰਦਿਆਂ ਨੂੰ ਦਿੱਤਾ ਭਰੋਸਾ ਪੂਰਾ ਹੋਇਆ ਹੈ ਅਤੇ ਮੁਲਾਜ਼ਮਾਂ ਦੀ ਭਲਾਈ ਅਤੇ ਵਿੱਤੀ ਖੁਸ਼ਹਾਲੀ ਪ੍ਰਤੀ ਸਰਕਾਰ ਦੀ ਵਚਨਬੱਧਤਾ ਹੋਰ ਮਜ਼ਬੂਤ ਹੋਈ ਹੈ।
ਇਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਨੇ ਕਿਹਾ ਕਿ ਇਹ ਫੈਸਲਾ ਸੂਬਾ ਸਰਕਾਰ ਦੀ ਆਪਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਭਲਾਈ ਅਤੇ ਵਿੱਤੀ ਖੁਸ਼ਹਾਲੀ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਮੁੱਖ ਮੰਤਰੀ ਦਫ਼ਤਰ ਨੇ ਕਿਹਾ, "ਵਧਿਆ ਹੋਇਆ ਡੀ.ਏ. ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਅਜਿਹੇ ਸਮੇਂ ਵਿੱਚ ਵਾਧੂ ਵਿੱਤੀ ਇਮਦਾਦ ਦੇਵੇਗਾ, ਜਦੋਂ ਘਰੇਲੂ ਖਰਚੇ ਤੇ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਧ ਗਈਆਂ ਹਨ।"
ਇਹ ਫੈਸਲਾ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਚਕਾਰ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਹਾਲ ਹੀ ਵਿੱਚ ਹੋਈ ਮੀਟਿੰਗ ਤੋਂ ਬਾਅਦ ਲਿਆ ਗਿਆ ਹੈ। ਇਸ ਮੀਟਿੰਗ ਦੌਰਾਨ ਮਹਿੰਗਾਈ ਭੱਤੇ ਵਿੱਚ ਵਾਧੇ ਦੀ ਮੰਗ ਸਮੇਤ ਮੁਲਾਜ਼ਮਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ ਸੀ।
ਮੁੱਖ ਮੰਤਰੀ ਦਫ਼ਤਰ ਨੇ ਕਿਹਾ, "ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੁਲਾਜ਼ਮ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਸੀ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ 'ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ ਅਤੇ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹਿੱਤ ਵਿੱਚ ਢੁਕਵੇਂ ਕਦਮ ਚੁੱਕੇਗੀ। ਇਸ ਵਚਨਬੱਧਤਾ ਨੂੰ ਕਾਇਮ ਰੱਖਦਿਆਂ ਸਰਕਾਰ ਨੇ ਹੁਣ ਰਸਮੀ ਤੌਰ 'ਤੇ ਡੀ.ਏ. ਵਿੱਚ 8 ਫੀਸਦੀ ਵਾਧਾ ਕਰਨ ਦੇ ਫੈਸਲੇ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।"
ਵਧਿਆ ਹੋਇਆ ਡੀ.ਏ. 1 ਸਤੰਬਰ 2026 ਤੋਂ ਲਾਗੂ ਹੋਵੇਗਾ ਅਤੇ ਮੁਲਾਜ਼ਮਾਂ ਨੂੰ ਸਰਕਾਰੀ ਨਿਯਮਾਂ ਅਨੁਸਾਰ ਉਨ੍ਹਾਂ ਦੀ ਤਨਖਾਹ ਵਿੱਚ ਵਧੀ ਹੋਈ ਰਾਸ਼ੀ ਮਿਲੇਗੀ। ਇਸੇ ਤਰ੍ਹਾਂ ਪੈਨਸ਼ਨਰਾਂ ਨੂੰ ਵੀ ਸਬੰਧਤ ਨਿਯਮਾਂ ਅਨੁਸਾਰ ਵਧੇ ਹੋਏ ਡੀ.ਏ. ਦਾ ਲਾਭ ਮਿਲੇਗਾ।
ਮੁੱਖ ਮੰਤਰੀ ਦਫ਼ਤਰ ਨੇ ਕਿਹਾ, "ਇਹ ਫੈਸਲਾ ਮੁਲਾਜ਼ਮਾਂ ਨਾਲ ਨਿਰੰਤਰ ਗੱਲਬਾਤ ਜਾਰੀ ਰੱਖਣ ਅਤੇ ਸ਼ਮੂਲੀਅਤ ਰਾਹੀਂ ਉਨ੍ਹਾਂ ਦੀਆਂ ਜਾਇਜ਼ ਚਿੰਤਾਵਾਂ ਨੂੰ ਹੱਲ ਕਰਨ ਦੀ ਭਗਵੰਤ ਮਾਨ ਸਰਕਾਰ ਦੀ ਪਹੁੰਚ ਨੂੰ ਦਰਸਾਉਂਦਾ ਹੈ।"
ਮੁੱਖ ਮੰਤਰੀ ਦਫ਼ਤਰ ਨੇ ਦੱਸਿਆ ਕਿ ਵਧੇ ਹੋਏ ਡੀ.ਏ. ਦਾ ਨੋਟੀਫਿਕੇਸ਼ਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੁਲਾਜ਼ਮ ਨੁਮਾਇੰਦਿਆਂ ਨਾਲ ਗੱਲਬਾਤ ਦੌਰਾਨ ਦਿੱਤੇ ਗਏ ਭਰੋਸੇ ਨੂੰ ਵੀ ਪੂਰਾ ਕਰਦਾ ਹੈ। ਮੁੱਖ ਮੰਤਰੀ ਦਫ਼ਤਰ ਨੇ ਕਿਹਾ, "ਡੀ.ਏ. ਵਿੱਚ 8 ਫੀਸਦੀ ਦਾ ਵਾਧਾ ਪੰਜਾਬ ਭਰ ਦੇ 8 ਲੱਖ ਤੋਂ ਵੱਧ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਵਿੱਤੀ ਰਾਹਤ ਦੇਵੇਗਾ ਅਤੇ ਇਹ ਆਪਣੇ ਮੁਲਾਜ਼ਮਾਂ ਦੀ ਭਲਾਈ ਅਤੇ ਹਿੱਤਾਂ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।"
ਮੁੱਖ ਮੰਤਰੀ ਦਫ਼ਤਰ ਨੇ ਜ਼ੋਰ ਦੇ ਕੇ ਕਿਹਾ, "ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਕੰਮ ਕਰਨਾ ਜਾਰੀ ਰੱਖੇਗੀ ਅਤੇ ਇਹ ਯਕੀਨੀ ਬਣਾਏਗੀ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਜਾਇਜ਼ ਚਿੰਤਾਵਾਂ ਨੂੰ ਸਮਾਂਬੱਧ ਅਤੇ ਪਾਰਦਰਸ਼ੀ ਢੰਗ ਨਾਲ ਹੱਲ ਕੀਤਾ ਜਾਵੇ।"

