80ਵਾਂ ਆਜ਼ਾਦੀ ਦਿਹਾੜਾ: ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਇਆ ਕੌਮੀ ਝੰਡਾ
ਬਰਨਾਲਾ, 15 ਅਗਸਤ ਦੇਸ਼ ਦੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਇੱਥੇ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਸ਼ਾਨੋ-ਸ਼ੌਕਤ ਨਾਲ ਕਰਾਇਆ ਗਿਆ, ਜਿਸ ਵਿੱਚ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਮੁੱਖ ਮਹਿਮਾਨ ਵਜੋਂ ਪੁੱਜੇ ਅਤੇ ਕੌਮੀ ਝੰਡਾ ਲਹਿਰਾਇਆ। ਮੁੱਖ ਮਹਿਮਾਨ ਨੇ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ।
ਇਸ ਮੌਕੇ ਸੰਬੋਧਨ ਕਰਦਿਆਂ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਅੱਜ ਦਾ ਦਿਨ ਸਾਨੂੰ ਸੁਤੰਤਰਤਾ ਸੈਨਾਨੀਆਂ ਵੱਲੋਂ ਕੀਤੀਆਂ ਕੁਰਬਾਨੀਆਂ ਕਰਕੇ ਨਸੀਬ ਹੋਇਆ ਹੈ। ਓਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਰੰਗਲਾ ਅਤੇ ਖੁਸ਼ਹਾਲ ਪੰਜਾਬ ਬਣਾਉਣ ਲਈ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ। ਪੰਜਾਬ ਸਰਕਾਰ ਨੇ ਸ਼ਹੀਦ ਜਵਾਨਾਂ ਦੇ ਵਾਰਸਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕੀਤੀ ਹੈ। ਇਸ ਵਿੱਤੀ ਸਹਾਇਤਾ ਸਕੀਮ ਅਧੀਨ ਅਗਨੀਵੀਰਾਂ ਨੂੰ ਵੀ ਸ਼ਾਮਲ ਕੀਤਾ ਹੈ। ਸਰਕਾਰ ਨੇ ਸੂਬੇ ਅਤੇ ਦੇਸ਼ ਦੀ ਸੁਰੱਖਿਆ ਲਈ ਜਾਨ ਵਾਰਨ ਵਾਲੇ ਪੁਲਿਸ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਵੀ ਇਕ-ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਪ੍ਰਬੰਧ ਕੀਤਾ ਹੈ। ਪੰਜਾਬ ਸਰਕਾਰ ਨੇ ਧਰਮੀ ਫ਼ੌਜੀਆਂ ਨੂੰ ਦਿੱਤੀ ਜਾਂਦੀ ਵਿੱਤੀ ਸਹਾਇਤਾ 10 ਹਜ਼ਾਰ ਤੋਂ ਵਧਾ ਕੇ 12 ਹਜ਼ਾਰ ਰੁਪਏ ਪ੍ਰਤੀ ਮਹੀਨਾ ਕਰ ਦਿੱਤੀ ਹੈ। ਸਰਕਾਰ ਨੇ ਸੂਬੇ ਦੇ ਆਜ਼ਾਦੀ ਘੁਲਾਟੀਆਂ ਜਾਂ ਉਨ੍ਹਾਂ ਦੇ ਵਾਰਸਾਂ ਨੂੰ ਮਿਲਦੀ ਪੈਨਸ਼ਨ 9400 ਤੋਂ ਵਧਾ ਕੇ 11 ਹਜ਼ਾਰ ਰੁਪਏ ਕਰ ਦਿੱਤੀ ਹੈ। ਸੁਤੰਤਰਤਾ ਸੰਗਰਾਮੀਆਂ ਦੇ ਵਾਰਸਾਂ ਲਈ ਪੰਜਾਬ ਸਰਕਾਰ ਦੀ ਸਿੱਧੀ ਭਰਤੀ ਵਿੱਚ 1 ਫ਼ੀਸਦੀ ਰਾਖਵੇਂਕਰਨ ਦਾ ਉਪਬੰਧ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮ ਉਲੀਕੇ ਗਏ ਹਨ। ਇਸ ਮਕਸਦ ਲਈ ਬਜਟ ਵਿੱਚ 100 ਕਰੋੜ ਰੁਪਏ ਰੱਖੇ ਗਏ ਹਨ। ਸਰਕਾਰ ਵਲੋਂ ਚਲਾਈ “ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ" ਤਹਿਤ ਹੁਣ ਤੱਕ 4 ਲੱਖ ਤੋਂ ਵੱਧ ਸ਼ਰਧਾਲੂ ਧਾਰਮਿਕ ਅਸਥਾਨਾਂ ਦੀ ਯਾਤਰਾ ਕਰ ਚੁੱਕੇ ਹਨ। ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਪੰਜਬ ਸਰਕਾਰ ਨੇ ਅਪ੍ਰੈਲ 2022 ਤੋਂ ਹੁਣ ਤੱਕ ਵੱਖ ਵੱਖ ਵਿਭਾਗਾਂ ਵਿੱਚ 69 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ।
ਸੂਬਾ ਸਰਕਾਰ ਵੱਲੋਂ "ਮੁੱਖ ਮੰਤਰੀ ਸਿਹਤ ਯੋਜਨਾ" ਸ਼ੁਰੂ ਕੀਤੀ ਗਈ ਹੈ ਜਿਸ ਅਧੀਨ 900 ਤੋਂ ਵੱਧ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ 10 ਲੱਖ ਤੱਕ ਨਕਦੀ ਰਹਿਤ ਇਲਾਜ ਪ੍ਰਦਾਨ ਕੀਤਾ ਜਾ ਰਿਹਾ ਹੈ। ਇਸ ਨਾਲ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਜਿੱਥੇ ਯੋਗ 65 ਲੱਖ ਪਰਿਵਾਰਾਂ ਨੂੰ ਪ੍ਰਤੀ ਸਾਲ 10 ਲੱਖ ਰੁਪਏ ਦੇ ਮੁਫ਼ਤ ਇਲਾਜ ਦੀ ਸਹੂਲਤ ਮਿਲ ਰਹੀ ਹੈ। ਸਰਕਾਰ ਵੱਲੋਂ ਸ਼ੁਰੂ ਕੀਤੇ 1,090 ਆਮ ਆਦਮੀ ਕਲੀਨਿਕਾਂ ਵਿੱਚ 6 ਕਰੋੜ ਤੋਂ ਵੱਧ ਲੋਕਾਂ ਨੇ ਮੁਫ਼ਤ ਇਲਾਜ ਦਾ ਲਾਭ ਲਿਆ ਹੈ। ਮਹਿਲਾਵਾਂ ਲਈ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਸ਼ੁਰੂ ਕੀਤੀ ਗਈ ਹੈ। ਪੰਜਾਬ ਸਰਕਾਰ ਨੇ 7,200 ਕਰੋੜ ਰੁਪਏ ਖਰਚ ਕੇ ਨਹਿਰੀ ਸਿੰਚਾਈ ਵਿੱਚ ਵੱਡਾ ਸੁਧਾਰ ਕੀਤਾ ਹੈ। ਸਾਲ 2022 ਵਿੱਚ ਸਿਰਫ਼ 20.89 ਲੱਖ ਏਕੜ (26.5 ਫ਼ੀਸਦੀ) ਰਕਬੇ ਨੂੰ ਨਹਿਰੀ ਪਾਣੀ ਮਿਲ ਰਿਹਾ ਸੀ। ਹੁਣ ਇਹ ਵੱਧ ਕੇ 60.30 ਲੱਖ ਏਕੜ (80 ਫ਼ੀਸਦੀ) ਦੇ ਕਰੀਬ ਹੋ ਗਿਆ ਹੈ। ਸੂਬੇ ਦੇ 1587 ਪਿੰਡਾਂ ਤੱਕ ਪਹਿਲੀ ਵਾਰ ਨਹਿਰੀ ਪਾਣੀ ਪਹੁੰਚਿਆ ਹੈ।
ਇਸ ਮੌਕੇ ਪਰੇਡ ਕਮਾਂਡਰ ਡੀਐੱਸਪੀ ਮੇਜਰ ਗੁਰਪ੍ਰੀਤ ਸਿੰਘ ਪੀ ਪੀ ਐੱਸ ਦੀ ਅਗਵਾਈ ਵਿਚ ਪੰਜਾਬ ਪੁਲੀਸ ਅਤੇ ਐਨ ਸੀ ਸੀ ਦੀਆਂ ਵੱਖ-ਵੱਖ ਟੁਕੜੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ।
ਇਸ ਉਪਰੰਤ ਮੁੱਖ ਮਹਿਮਾਨ ਵੱਲੋਂ ਆਜ਼ਾਦੀ ਘੁਲਾਟੀਆਂ ਦੇ ਵਾਰਸਾਂ, ਸੰਘਰਸ਼ੀ ਯੋਧਿਆਂ ਅਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਦਾ ਸਨਮਾਨ ਕੀਤਾ ਗਿਆ। ਇਸ ਤੋਂ ਇਲਾਵਾ ਵੱਖ ਵੱਖ ਖੇਤਰਾਂ ਵਿੱਚ ਚੰਗੀਆਂ ਸੇਵਾਵਾਂ ਨਿਭਾਉਣ ਬਦਲੇ ਸ਼ਖਸੀਅਤਾਂ ਦਾ ਸਨਮਾਨ ਕੀਤਾ ਗਿਆ ਅਤੇ ਲੋੜਵੰਦਾਂ ਨੂੰ ਟ੍ਰਾਈਸਾਈਕਲਾਂ, ਵ੍ਹੀਲ ਚੇਅਰਾਂ ਤੇ ਮਸ਼ੀਨਾਂ ਦੀ ਵੰਡ ਕੀਤੀ ਗਈ।
ਇਸ ਮੌਕੇ ਜ਼ਿਲ੍ਹਾ ਉਦਯੋਗ ਕੇਂਦਰ, ਬਰਨਾਲਾ ਪੁਲੀਸ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸਿਹਤ ਵਿਭਾਗ, ਸਿੱਖਿਆ ਵਿਭਾਗ, ਖੇਡ ਵਿਭਾਗ, ਖੇਤੀਬਾੜੀ ਵਿਭਾਗ, ਵਣ ਵਿਭਾਗ ਤੇ ਮਾਰਕਫੈੱਡ ਵਲੋਂ ਵੱਖ ਵੱਖ ਸਕੀਮਾਂ ਅਤੇ ਉਪਰਾਲਿਆਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਕੱਢੀਆਂ ਗਈਆਂ।
ਇਸ ਮੌਕੇ ਵੱਖ ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਪੀ ਟੀ ਸ਼ੋਅ, ਕੋਰੀਓ ਗ੍ਰਾਫੀਆਂ, ਗਿੱਧਾ, ਭੰਗੜਾ ਤੇ ਰਾਸ਼ਟਰ ਗਾਣ ਪੇਸ਼ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਕੌਮੀ ਗੀਤ 'ਵੰਦੇ ਮਾਤਰਮ' ਨਾਲ ਕੀਤੀ ਗਈ।
ਇਸ ਮੌਕੇ ਮੁੱਖ ਮਹਿਮਾਨ ਸ੍ਰੀ ਬਰਿੰਦਰ ਕੁਮਾਰ ਗੋਇਲ ਅਤੇ ਓਹਨਾਂ ਦੇ ਪਤਨੀ ਸ੍ਰੀਮਤੀ ਸੀਮਾ ਗੋਇਲ ਦਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ।
ਇਸ ਮੌਕੇ ਵਿਧਾਇਕ ਮਹਿਲ ਕਲਾਂ ਅਤੇ ਚੇਅਰਮੈਨ ਵਿਸ਼ੇਸ਼ ਅਧਿਕਾਰੀ ਕਮੇਟੀ (ਪੰਜਾਬ ਵਿਧਾਨ ਸਭਾ) ਕੁਲਵੰਤ ਸਿੰਘ ਪੰਡੋਰੀ ਵੀ ਵਿਸ਼ੇਸ਼ ਤੌਰ 'ਤੇ ਪੁੱਜੇ।
ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ. ਪਰਮਿੰਦਰ ਸਿੰਘ ਭੰਗੂ, ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਮਾਲਵਾ ਜੋਨ ਦੇ ਵਾਈਸ ਇੰਚਾਰਜ ਐਡਵੋਕੇਟ ਗੁਰਪ੍ਰੀਤ ਸਿੰਘ ਚੈਰੀ ਅਤੇ ਇਸ ਮੁਹਿੰਮ ਦੇ ਜ਼ਿਲ੍ਹਾ ਕੋਆਰਡੀਨੇਟਰ ਕੁਲਦੀਪ ਸਿੰਘ ਫਰਵਾਹੀ, ਮੈਂਬਰ ਐੱਸ ਸੀ ਕਮਿਸ਼ਨ ਰੁਪਿੰਦਰ ਸਿੰਘ ਸੀਤਲ ਤੋਂ ਇਲਾਵਾ ਜ਼ਿਲ੍ਹਾ ਅਧਿਕਾਰੀਆਂ ਵਿਚ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਸ਼ੁਲ ਬੇਰੀ, ਡੀ ਆਈ ਜੀ (ਪਟਿਆਲਾ ਰੇਂਜ) ਕੁਲਦੀਪ ਚਹਿਲ, ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ, ਐੱਸ ਐੱਸ ਪੀ ਮੁਹੰਮਦ ਸਰਫ਼ਰਾਜ਼ ਆਲਮ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਵਿਵੇਕ ਕੁਮਾਰ ਮੋਦੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਜਿੰਦਰ ਸਿੰਘ ਬੇਦੀ ਸਮੇਤ ਵੱਖ ਵੱਖ ਵਿਭਾਗਾਂ ਦੇ ਮੁਖੀ ਅਤੇ ਕਰਮਚਾਰੀ ਮੌਜੂਦ ਸਨ।

