ਮੰਡੀਆਂ ਵਿਚ ਸੁੱਕਾ ਝੋਨਾ ਹੀ ਲੈ ਕੇ ਆਉਣ ਕਿਸਾਨ : ਆਸ਼ਿਕਾ ਜੈਨ
ਹੁਸ਼ਿਆਰਪੁਰ, 18 ਸਤੰਬਰ :
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ ਲਈ ਨਮੀ ਦੀ ਮਾਤਰਾ 17 ਫੀਸਦੀ ਨਿਰਧਾਰਤ ਕੀਤੀ ਗਈ ਹੈ, ਜਿਸ ਕਰਕੇ ਝੋਨੇ ਦੀ ਨਾਲੋ-ਨਾਲ ਖ਼ਰੀਦ ਲਈ ਕਿਸਾਨ ਮੰਡੀਆਂ ਵਿਚ ਸੁੱਕਾ ਝੋਨਾ ਹੀ ਲੈ ਕੇ ਆਉਣ।
ਡਿਪਟੀ ਕਮਿਸ਼ਨ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ, ਤਾਂ ਜੋ ਉਨ੍ਹਾਂ ਨੂੰ ਆਪਣੀ ਫ਼ਸਲ ਮੰਡੀਆਂ ਵਿਚ ਵੇਚਣ ਦੌਰਾਨ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਖ਼ਰੀਦ ਸੀਜ਼ਨ ਦੌਰਾਨ ਕਿਸਾਨਾਂ ਅਤੇ ਖ਼ਰੀਦ ਨਾਲ ਸਬੰਧਤ ਕਿਸੇ ਵੀ ਵਰਗ ਨੂੰ ਮੰਡੀਆਂ ਵਿਚ ਕੋਈ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਹਦਾਇਤ ਕੀਤੀ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਜ਼ਿਲ੍ਹੇ ਦੀਆਂ ਸਾਰੀਆਂ 65 ਮੰਡੀਆਂ ਵਿਚ ਸਾਰੇ ਪ੍ਰਬੰਧ ਮੁਕੰਮਲ ਹੋਣ। ਉਨ੍ਹਾਂ ਕਿਹਾ ਕਿ ਖ਼ਰੀਦ ਪ੍ਰਕਿਰਿਆ ਦੌਰਾਨ ਪੰਜਾਬ ਸਰਕਾਰ ਦੇ ਨਿਯਮਾਂ ਅਤੇ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਕਿਸਾਨਾਂ ਵੱਲੋਂ ਸਖ਼ਤ ਮਿਹਨਤ ਨਾਲ ਤਿਆਰ ਕੀਤੀ ਫ਼ਸਲ ਦਾ ਇਕ-ਇਕ ਦਾਣਾ ਮੰਡੀਆਂ ਵਿਚੋਂ ਚੁੱਕਿਆ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਇਹ ਵੀ ਪੁਰਜ਼ੋਰ ਅਪੀਲ ਕੀਤੀ ਕਿ ਉਹ ਵਾਤਾਵਰਨ ਦੀ ਸਵੱਛਤਾ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਲਈ ਝੋਨੇ ਦੀ ਪਰਾਲੀ ਅਤੇ ਇਸ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ। ਉਨ੍ਹਾਂ ਕਿਹਾ ਕਿ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਹੀ ਝੋਨੇ ਦੀ ਕਟਾਈ ਕੀਤੀ ਜਾਵੇ, ਕਿਉਂਕਿ ਇਸ ਉਪਰੰਤ ਫ਼ਸਲ ਵਿਚ ਨਮੀ ਦੀ ਮਾਤਰਾ ਵੱਧ ਹੋ ਜਾਂਦੀ ਹੈ।