ਸਰਕਾਰੀ ਸਕੂਲਾਂ ਦੇ ਵਿਕਾਸ ’ਚ ਪੰਜਾਬ ਸਰਕਾਰ ਵਲੋਂ ਨਹੀਂ ਛੱਡੀ ਜਾ ਰਹੀ ਕੋਈ ਕਮੀ : ਜੈ ਕ੍ਰਿਸ਼ਨ ਸਿੰਘ ਰੌੜੀ
ਗੜ੍ਹਸ਼ੰਕਰ/ਹੁਸ਼ਿਆਰਪੁਰ, 24 ਮਈ : ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੇ ਵਿਕਾਸ ਕੰਮਾਂ ਨੂੰ ਨਵੀਂ ਦਿਸ਼ਾ ਮਿਲ ਰਹੀ ਹੈ। ਇਸ ਕੜੀ ਵਿਚ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਜ ਗੜ੍ਹਸ਼ੰਕਰ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਸਕੂਲਾਂ ਵਿਚ 41.4 ਲੱਖ ਰੁਪਏ ਦੀ ਲਾਗਤ ਨਾਲ ਨਿਰਮਾਣ ਕੰਮਾਂ ਦਾ ਉਦਘਾਟਨ ਕੀਤਾ।
ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਨੇ ਸਰਕਾਰੀ ਪ੍ਰਾਇਮਰੀ ਸਕੂਲ ਟੂਟੋਮਜਾਰਾ, ਪ੍ਰਾਇਮਰੀ ਸਕੂਲ ਮੇਘੋਵਾਲ ਦੋਆਬਾ, ਮਿਡਲ ਸਕੂਲ ਮੁਗੋਵਾਲ, ਮਿਡਲ ਸਕੂਲ ਲੰਗੇਰੀ ਅਤੇ ਸੀਨੀਅਰ ਸੈਕੰਡਰੀ ਸਕੂਲ ਮਾਹਿਲਪੁਰ ਵਿਚ ਨਵੇਂ ਕਲਾਸ ਰੂਮ, ਚਾਰਦੀਵਾਰੀ, ਪਖਾਨੇ, ਪੀਣ ਵਾਲੇ ਪਾਣੀ ਦੀ ਵਿਵਸਥਾ ਅਤੇ ਹੋਰ ਬੁਨਿਆਦੀ ਸਹੂਲਤਾਂ ਦਾ ਉਦਘਾਟਨ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਨੂੰ ਨਿੱਜੀ ਸਕੂਲਾਂ ਤੋਂ ਬਿਹਤਰ ਬਣਾਉਣ ਦੇ ਸੰਕਲਪ ਨਾਲ ਕੰਮ ਕਰ ਰਹੀ ਹੈ।
ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਰਾਜ ਸਰਕਾਰ ਬੱਚਿਆਂ ਨੂੰ ਗੁਣਵੱਤਾਪੂਰਨ ਸਿੱਖਿਆ ਪ੍ਰਦਾਨ ਕਰਨ ਲਈ ਵਚਨਬੱਧ ਹੈ। ਸਾਡਾ ਉਦੇਸ਼ ਹੈ ਕਿ ਪੇਂਡੂ ਹਲਕਿਆਂ ਦੇ ਬੱਚਿਆਂ ਨੂੰ ਵੀ ਬਿਹਤਰ ਵਿਦਿਅਕ ਮਾਹੌਲ ਮਿਲੇ ਤਾਂ ਜੋ ਉਹ ਆਤਮਵਿਸ਼ਵਾਸ ਨਾਲ ਅੱਗੇ ਵੱਧ ਸਕਣ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਕਾਸ ਕੰਮਾਂ ’ਤੇ ਲੱਖਾਂ ਰੁਪਏ ਦੀ ਲਾਗਤ ਆਈ ਹੈ ਅਤੇ ਇਸ ਦਾ ਮਕਸਦ ਵਿਦਿਆਰਥੀਆਂ ਲਈ ਸੁਰੱਖਿਅਤ, ਸਿਹਤਮੰਦ ਅਤੇ ਅਨੁਕੂਲ ਵਿਦਿਅਕ ਵਾਤਾਵਰਣ ਯਕੀਨੀ ਬਣਾਉਣਾ ਹੈ। ਰੌੜੀ ਨੇ ਸਕੂਲ ਪ੍ਰਬੰਧਨ, ਅਧਿਆਪਕਾਂ ਅਤੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਸੁਵਿਧਾਵਾਂ ਨੂੰ ਸੁਰੱਖਿਅਤ ਰੱਖਣ ਅਤੇ ਬੱਚਿਆਂ ਨੂੰ ਸਿੱਖਿਆ ਲਈ ਪ੍ਰੇਰਿਤ ਕਰਨ।
ਪ੍ਰੋਗਰਾਮ ਵਿਚ ਸਿੱਖਿਆ ਵਿਭਾਗ ਦੇ ਅਧਿਕਾਰੀ, ਪੰਚਾਇਤ ਪ੍ਰਤੀਨਿੱਧੀ, ਅਧਿਆਪਕ, ਵਿਦਿਆਰਥੀ ਅਤੇ ਸਥਾਨਕ ਲੋਕ ਵੱਡੀ ਗਿਣਤੀ ਵਿਚ ਮੌਜੂਦ ਸਨ।