ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ

ਫਾਜ਼ਿਲਕਾ, 1 ਜਨਵਰੀ
ਨਵੇਂ ਸਾਲ ਦੇ ਸ਼ੁਰੂਆਤੀ ਦੌਰ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ । ਇਸ ਦੌਰਾਨ ਡਿਪਟੀ ਕਮਿਸ਼ਨਰ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਨੇ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ ਤੇ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ ਦੇ ਇਸ ਸ਼ੁਰੂਆਤੀ ਦੌਰ ਦੀ ਮੁਬਾਰਕਬਾਦ ਦਿੱਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਮਨਦੀਪ ਕੌਰ, ਐੱਸ.ਡੀ.ਐੱਮ. ਫਾਜ਼ਿਲਕਾ ਮੈਡਮ ਵੀਰਪਾਲ ਕੌਰ, ਸਹਾਇਕ ਕਮਿਸ਼ਨਰ ਸ. ਅਮਨਦੀਪ ਸਿੰਘ ਮਾਵੀ, ਸਹਾਇਕ ਕਮਿਸ਼ਨਰ (ਯੂ.ਟੀ.) ਸ੍ਰੀ ਅਰਵਿੰਦ ਕੁਮਾਰ ਵਿਸ਼ੇਸ਼ ਤੌਰ `ਤੇ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਵੇਂ ਸਾਲ 2026 ਦੇ ਆਗਮਨ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਨਵਾਂ ਸਾਲ ਸਭਨਾਂ ਲਈ ਖੁਸ਼ੀਆਂ ਭਰਿਆ ਰਹੇ। ਉਨ੍ਹਾਂ ਕਿਹਾ ਕਿ ਨਵੇਂ ਸਾਲ ਦੇ ਮੌਕੇ ਅਸੀਂ ਇਹ ਯਕੀਨੀ ਬਣਾਈਏ ਕਿ ਦਫਤਰ ਵਿਖੇ ਕੰਮ ਕਰਵਾਉਣ ਆਉਣ ਵਾਲੇ ਲੋਕਾਂ ਨੂੰ ਹੋਰ ਬਿਹਤਰੀਨ ਤਰੀਕੇ ਨਾਲ ਸੇਵਾਵਾਂ ਦਾ ਲਾਭ ਦੇਈਏ। ਉਨ੍ਹਾਂ ਕਿਹਾ ਕਿ ਦਫਤਰਾਂ ਵਿਚ ਆਉਣ ਵਾਲੇ ਹਰੇਕ ਲੋੜਵੰਦ ਤੇ ਯੋਗ ਵਿਅਕਤੀ ਨੂੰ ਕਿਸੇ ਪ੍ਰਕਾਰ ਦੀ ਮੁਸ਼ਕਲ ਨਾ ਪੇਸ਼ ਆਉਣ ਦਿੱਤੀ ਜਾਵੇ । ਉਨ੍ਹਾਂ ਕਿਹਾ ਕਿ ਆਪਣੀ ਡਿਊਟੀ ਪ੍ਰਤੀ ਫਰਜ਼ ਨੂੰ ਸਮਝਦਿਆਂ ਹੋਇਆ ਹਰੇਕ ਵਿਅਕਤੀ ਨਾਲ ਚੰਗਾ ਵਤੀਰਾ ਵਰਤਿਆਂ ਜਾਵੇ ਤੇ ਉਨ੍ਹਾਂ ਦਾ ਕੰਮ ਪਹਿਲ ਦੇ ਆਧਾਰ ਤੇ ਕੀਤਾ ਜਾਵੇ।
ਉਨ੍ਹਾ ਦੱਸਿਆ ਕਿ ਨਵੇਂ ਸਾਲ ਦੇ ਇਸ ਸ਼ੁਰੂਆਤੀ ਦੌਰ ਦੇ ਮੱਦੇਨਜ਼ਰ ਸੁਖਮਨੀ ਸਾਹਿਬ ਜੀ ਦਾ ਪਾਠ ਰਖਵਾਇਆ ਗਿਆ ਹੈ ਜਿਸ ਦੌਰਾਨ ਸਮੁੱਚੀ ਸੰਗਤ ਨੇ ਗੁਰਬਾਣੀ ਦੇ ਕੀਰਤਨ ਦਾ ਆਨੰਦ ਮਾਣਿਆ, ਸ਼ਬਦ ਕੀਰਤਨ ਨਾਲ ਪਾਠੀ ਸਾਹਿਬਾਨਾਂ ਵੱਲੋਂ ਹਾਜਰੀਨ ਨੂੰ ਨਿਹਾਲ ਕੀਤਾ ਗਿਆ ਤੇ ਸਰਬਲ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਉਪਰੰਤ ਗੁਰੂ ਕਾ ਅਤੁੱਟ ਲੰਗਰ ਵੀ ਵਰਤਾਇਆ ਗਿਆ।