ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 3100 ਤੋਂ ਵੱਧ ਅਤਿ-ਆਧੁਨਿਕ ਸਟੇਡੀਅਮਾਂ ਦੇ ਨਿਰਮਾਣ ਪ੍ਰਾਜੈਕਟ ਦੀ ਸ਼ੁਰੂਆਤ

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 3100 ਤੋਂ ਵੱਧ ਅਤਿ-ਆਧੁਨਿਕ ਸਟੇਡੀਅਮਾਂ ਦੇ ਨਿਰਮਾਣ ਪ੍ਰਾਜੈਕਟ ਦੀ ਸ਼ੁਰੂਆਤ

ਕਾਲਝਰਾਨੀ (ਬਠਿੰਡਾ), 9 ਅਕਤੂਬਰ:

ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰ ਕੇ ਨਸ਼ਿਆਂ ਵਿਰੁੱਧ ਜੰਗ ਨੂੰ ਸਿਖ਼ਰ ਉੱਤੇ ਲੈ ਜਾਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ 1194 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਭਰ ਵਿੱਚ 3100 ਤੋਂ ਵੱਧ ਅਤਿ-ਆਧੁਨਿਕ ਸਟੇਡੀਅਮ ਬਣਾਉਣ ਦੀ ਇਕ ਵੱਡ-ਆਕਾਰੀ ਯੋਜਨਾ ਦੀ ਸ਼ੁਰੂਆਤ ਕੀਤੀ।

ਇੱਥੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਸੂਬੇ ਦੇ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਢੰਗ ਨਾਲ ਵਰਤਣ ਲਈ ਇਹ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰੀਰਿਕ ਸਿਹਤ ਅਤੇ ਮਨ ਦੀ ਤੰਦਰੁਸਤੀ ਲਈ ਪੰਜਾਬ ਭਰ ਵਿੱਚ 3100 ਤੋਂ ਵੱਧ ਨਵੇਂ ਖੇਡ ਮੈਦਾਨ ਸਥਾਪਤ ਕਰਨ ਦਾ ਕੰਮ ਅੱਜ ਸ਼ੁਰੂ ਕੀਤਾ ਜਾ ਰਿਹਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਖੇਡ ਮੈਦਾਨ ‘ਯੁੱਧ ਨਸ਼ਿਆਂ ਵਿਰੁੱਧ’ ਅਤੇ ‘ਰੰਗਲਾ ਪੰਜਾਬ’ ਮੁਹਿੰਮ ਨੂੰ ਸਿਖ਼ਰ ਉੱਤੇ ਲੈ ਜਾ ਕੇ ਮਹੱਤਵਪੂਰਨ ਯੋਗਦਾਨ ਪਾਉਣਗੇ।

‘ਆਪ` ਦੇ ਕੌਮੀ ਕਨਵੀਨਰ ਨੇ ਕਿਹਾ ਕਿ ਇਹ ਸਟੇਡੀਅਮ ਨੌਜਵਾਨਾਂ ਨੂੰ ਨਸ਼ਿਆਂ ਦੇ ਸਰਾਪ ਤੋਂ ਦੂਰ ਰੱਖਣ ਅਤੇ ਕੌਮੀ ਤੇ ਕੌਮਾਂਤਰੀ ਖੇਡ ਮੁਕਾਬਲਿਆਂ ਵਿੱਚ ਤਗ਼ਮੇ ਜਿੱਤਣ ਦੇ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉੱਭਰ ਰਹੇ ਖਿਡਾਰੀਆਂ ਲਈ ਇਹ ਖੇਡ ਮੈਦਾਨ ਮਾਰਗ ਦਰਸ਼ਕ ਵਜੋਂ ਕੰਮ ਕਰਨਗੇ। ਇਨ੍ਹਾਂ ਖੇਡ ਮੈਦਾਨਾਂ ਉੱਪਰ 1184 ਕਰੋੜ ਰੁਪਏ ਖ਼ਰਚੇ ਜਾਣਗੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਹਿਲੇ ਪੜਾਅ ਵਿੱਚ ਵੱਡੀ ਆਬਾਦੀ ਵਾਲੇ ਪਿੰਡਾਂ ਦੀ ਚੋਣ ਕੀਤੀ ਗਈ ਹੈ, ਇਹ ਖੇਡ ਮੈਦਾਨ ਅੱਧੇ ਏਕੜ ਤੋਂ ਚਾਰ ਏਕੜ ਤੱਕ ਦੇ ਰਕਬੇ ਵਿੱਚ ਬਣਾਏ ਜਾਣਗੇ।

‘ਆਪ` ਦੇ ਕੌਮੀ ਕਨਵੀਨਰ ਨੇ ਕਿਹਾ ਕਿ ਹਰੇਕ ਖੇਡ ਮੈਦਾਨ ਨੂੰ ਵੱਖ-ਵੱਖ ਖੇਡਾਂ ਦੀਆਂ ਖਾਸ ਜ਼ਰੂਰਤਾਂ ਅਨੁਸਾਰ ਵਿਕਸਤ ਕੀਤਾ ਜਾਵੇਗਾ ਅਤੇ ਇਨ੍ਹਾਂ ਵਿੱਚ ਬੱਚਿਆਂ ਤੇ ਖਿਡਾਰੀਆਂ ਲਈ ਵਾਲੀਬਾਲ, ਫੁੱਟਬਾਲ, ਕ੍ਰਿਕਟ ਅਤੇ ਹੋਰ ਪ੍ਰਸਿੱਧ ਰਵਾਇਤੀ ਖੇਡ ਲਈ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਬਜ਼ੁਰਗਾਂ ਲਈ ਵੱਖ-ਵੱਖ ਸਰੀਰਕ ਅਤੇ ਮਨੋਰੰਜਨ ਗਤੀਵਿਧੀਆਂ ਦਾ ਵੀ ਪ੍ਰਬੰਧ ਕੀਤਾ ਜਾਵੇਗਾ ਤਾਂ ਜੋ ਖੇਡਾਂ ਹਰ ਕਿਸੇ ਦੇ ਜੀਵਨ ਦਾ ਅਨਿੱਖੜਵਾਂ ਅੰਗ ਬਣ ਜਾਣ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਖੇਡ ਮੈਦਾਨ ਨਾ ਸਿਰਫ਼ ਖੇਡਾਂ ਦੀ ਮੇਜ਼ਬਾਨੀ ਕਰਨਗੇ, ਸਗੋਂ ਪਿੰਡਾਂ ਵਿੱਚ ਭਾਈਚਾਰਕ ਏਕੇ ਦੇ ਪ੍ਰਤੀਕ ਵੀ ਬਣਨਗੇ।

‘ਆਪ` ਦੇ ਕੌਮੀ ਕਨਵੀਨਰ ਨੇ ਕਿਹਾ ਕਿ ਜਿਸ ਤਰ੍ਹਾਂ ਸਿੱਖਿਆ ਲਈ ਇਕ ਚੰਗਾ ਸਕੂਲ ਜ਼ਰੂਰੀ ਹੈ, ਉਸੇ ਤਰ੍ਹਾਂ ਇਕ ਢੁਕਵਾਂ ਖੇਡ ਮੈਦਾਨ ਇਕ ਬੱਚੇ ਨੂੰ ਆਪਣੇ ਪਿੰਡ, ਸੂਬੇ ਅਤੇ ਦੇਸ਼ ਦਾ ਨਾਮ ਵਿਸ਼ਵ ਪੱਧਰ `ਤੇ ਰੌਸ਼ਨ ਕਰਨ ਵਿੱਚ ਮਦਦ ਕਰਦਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਖ਼ੁਸ਼ੀ ਹੈ ਕਿ ਸੂਬਾ ਸਰਕਾਰ ਸਿੱਖਿਆ ਅਤੇ ਖੇਡਾਂ ਦੋਵਾਂ ਲਈ ਵਿਸ਼ਵ ਪੱਧਰੀ ਸਹੂਲਤਾਂ ਪ੍ਰਦਾਨ ਕਰਨ ਵਿੱਚ ਸਫ਼ਲ ਹੋਈ ਹੈ। ਉਨ੍ਹਾਂ ਕਿਹਾ ਕਿ 2022 ਤੋਂ ਪਹਿਲਾਂ ਖੇਡਾਂ ਦਾ ਬਜਟ ਸਿਰਫ਼ 100 ਕਰੋੜ ਰੁਪਏ ਸੀ, ਜਦੋਂ ਕਿ ਮੌਜੂਦਾ ਸਰਕਾਰ ਨੇ ਇਸ ਨੂੰ ਵਧਾ ਕੇ ਇਕ ਹਜ਼ਾਰ ਕਰੋੜ ਰੁਪਏ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਖੇਡਾਂ ਵਿੱਚ ਮੋਹਰੀ ਸੂਬਾ ਬਣਾਉਣ ਅਤੇ ਖੇਡ ਸੱਭਿਆਚਾਰ ਪੈਦਾ ਕਰਨ ਲਈ 2023 ਵਿੱਚ ਨਵੀਂ ਖੇਡ ਨੀਤੀ ਲਿਆਂਦੀ ਗਈ ਸੀ।

‘ਆਪ` ਦੇ ਕੌਮੀ ਕਨਵੀਨਰ ਨੇ ਕਿਹਾ ਕਿ ਇਸ ਨੀਤੀ ਦੀ ਵਿਲੱਖਣਤਾ ਖੇਡਾਂ ਲਈ ਮਾਹੌਲ ਬਣਾਉਣ ਅਤੇ ਖਿਡਾਰੀਆਂ ਨੂੰ ਨਕਦ ਇਨਾਮ ਅਤੇ ਸਰਕਾਰੀ ਨੌਕਰੀਆਂ ਦੇਣ ਵਿੱਚ ਹੈ। ਉਨ੍ਹਾਂ ਕਿਹਾ ਕਿ ਇਸ ਨਵੀਂ ਨੀਤੀ ਤਹਿਤ ਓਲੰਪਿਕ ਵਿੱਚ ਹਿੱਸਾ ਲੈਣ ਵਾਲੇ ਹਰੇਕ ਪੰਜਾਬੀ ਅਥਲੀਟ ਨੂੰ ਤਿਆਰੀ ਲਈ 15 ਲੱਖ ਰੁਪਏ ਪਹਿਲਾਂ ਪ੍ਰਾਪਤ ਹੋਏ ਸਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੱਤ ਖਿਡਾਰੀਆਂ ਨੂੰ ਡੀ.ਐਸ.ਪੀ. ਅਤੇ ਚਾਰ ਨੂੰ ਪੀ.ਸੀ.ਐਸ. ਅਫ਼ਸਰ ਨਿਯੁਕਤ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਨੌਂ ਹਾਕੀ ਖਿਡਾਰੀ, ਇਕ ਕ੍ਰਿਕਟਰ ਅਤੇ ਇਕ ਅਥਲੀਟ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਸ਼ੁਰੂ ਕੀਤੀਆਂ, ਤਿੰਨ ਸੀਜ਼ਨ ਸਫ਼ਲਤਾਪੂਰਵਕ ਪੂਰੇ ਕੀਤੇ, ਜੇਤੂਆਂ ਨੂੰ ਨਕਦ ਇਨਾਮ ਵੰਡੇ ਗਏ, 2022 ਤੋਂ ਪਹਿਲਾਂ ਸਿਰਫ਼ 20 ਤੋਂ 25 ਹਜ਼ਾਰ ਅਥਲੀਟਾਂ ਨੇ ਰਾਜ ਪੱਧਰੀ ਖੇਡਾਂ ਵਿੱਚ ਹਿੱਸਾ ਲਿਆ, ਜਦੋਂ ਕਿ ਹੁਣ ਇਹ ਗਿਣਤੀ ਵੱਧ ਕੇ ਪੰਜ ਲੱਖ ਹੋ ਗਈ ਹੈ।

‘ਆਪ` ਦੇ ਕੌਮੀ ਕਨਵੀਨਰ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਸ਼ੁਰੂ ਕਰ ਦਿੱਤੀ ਗਈ ਹੈ, ਜਦੋਂ ਕਿ ਪਿਛਲੀਆਂ ਸਰਕਾਰਾਂ ਨੇ ਨਸ਼ਿਆਂ ਦੇ ਵਪਾਰ ਨੂੰ ਸਰਪ੍ਰਸਤੀ ਦੇ ਕੇ ਪੰਜਾਬ ਨੂੰ ਬਰਬਾਦ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ। ਉਨ੍ਹਾਂ ਕਿਹਾ ਕਿ ਪਹਿਲਾਂ ਮੁੜ-ਵਸੇਬਾ ਕੇਂਦਰਾਂ ਦੀ ਹਾਲਤ ਤਰਸਯੋਗ ਸੀ ਪਰ ਹੁਣ ਅਸੀਂ ਉਨ੍ਹਾਂ ਵਿੱਚ ਸੁਧਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਨੈੱਟਵਰਕ ਨੂੰ ਤਬਾਹ ਕਰਨ ਲਈ ਬੁਲਡੋਜ਼ਰ ਵਰਤੇ ਜਾ ਰਹੇ ਹਨ ਅਤੇ ਨਸ਼ਾ ਤਸਕਰਾਂ ਨਾਲ ਮੁਕਾਬਲੇ ਵੀ ਹੋਏ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਕ ਸੀਨੀਅਰ ਸਿਆਸੀ ਆਗੂ, ਜਿਸ ਨੂੰ ਕਦੇ ਅਜਿੱਤ ਮੰਨਿਆ ਜਾਂਦਾ ਸੀ, ਹੁਣ ਜੇਲ੍ਹ ਵਿੱਚ ਸੜ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕ ਕਹਿੰਦੇ ਸਨ ਕਿ ਕੋਈ ਉਸ ਨੂੰ ਗ੍ਰਿਫ਼ਤਾਰ ਨਹੀਂ ਕਰ ਸਕਦਾ ਪਰ ਅਸੀਂ ਅਜਿਹਾ ਕਰ ਕੇ ਦਿਖਾਇਆ, ਜਿਸ ਤੋਂ ਬਾਅਦ ਵਿਰੋਧੀ ਪਾਰਟੀਆਂ ਦਾ ਨਾਪਾਕ ਗਠਜੋੜ ਬੇਨਕਾਬ ਹੋਇਆ।

ਇਸ ਦੌਰਾਨ ਮੁੱਖ ਮੰਤਰੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪਹਿਲਾਂ ਖੇਡਾਂ ਦੇ ਖੇਤਰਾਂ ਵਿੱਚ ਬੁਨਿਆਦੀ ਢਾਂਚਾ ਨਿਗੂਣਾ ਸੀ ਪਰ ਹੁਣ ਆਧੁਨਿਕ ਖੇਡ ਮੈਦਾਨ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਨੇ ਖੇਡਾਂ ਦੇ ਖ਼ੇਤਰ ਵਿੱਚ ਵੱਡਾ ਯੋਗਦਾਨ ਪਾਇਆ ਹੈ ਅਤੇ ਜਦੋਂ ਵੀ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਦੇਸ਼ ਦਾ ਝੰਡਾ ਲਹਿਰਾਇਆ ਜਾਂਦਾ ਹੈ ਤਾਂ ਇਹ ਸਾਰਿਆਂ ਲਈ ਮਾਣ ਵਾਲੀ ਗੱਲ ਹੁੰਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਚਾਰ ਕੌਮੀ ਟੀਮਾਂ ਦੀ ਕਪਤਾਨੀ ਪੰਜਾਬੀਆਂ ਵੱਲੋਂ ਕੀਤੀ ਜਾ ਰਹੀ ਹੈ, ਜਿਨ੍ਹਾਂ ਵਿੱਚ ਹਰਮਨਪ੍ਰੀਤ ਕੌਰ, ਸ਼ੁਭਮਨ ਗਿੱਲ ਅਤੇ ਹਰਮਨਪ੍ਰੀਤ ਸਿੰਘ ਸ਼ਾਮਲ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਅੱਜ ਨੌਂ ਪੰਜਾਬੀ ਖਿਡਾਰੀ ਕੌਮੀ ਹਾਕੀ ਟੀਮ ਦੇ ਮੈਂਬਰ ਹਨ, ਜੋ ਦਰਸਾਉਂਦਾ ਹੈ ਕਿ ਸੂਬਾ ਖੇਡਾਂ ਦੇ ਖੇਤਰ ਵਿੱਚ ਕਿਵੇਂ ਸ਼ਾਨਦਾਰ ਪ੍ਰਦਰਸ਼ਨ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚ ਵਿਸ਼ਾਲ ਖੇਡ ਬੁਨਿਆਦੀ ਢਾਂਚਾ ਬਣਾਇਆ ਹੈ, ਜਿਸ ਕਾਰਨ ਇੱਕੋ ਪਰਿਵਾਰ ਦੀਆਂ ਤਿੰਨ ਪੀੜ੍ਹੀਆਂ ਹੁਣ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਖੇਡਦੀਆਂ ਨਜ਼ਰ ਆ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਅੰਤਰਰਾਸ਼ਟਰੀ ਖੇਡਾਂ ਵਿੱਚ ਸੋਨ ਤਗਮਾ ਜੇਤੂਆਂ ਨੂੰ ਇਕ ਕਰੋੜ ਰੁਪਏ, ਚਾਂਦੀ ਤਗਮਾ ਜੇਤੂਆਂ ਨੂੰ 75 ਲੱਖ ਰੁਪਏ ਅਤੇ ਕਾਂਸੀ ਤਗਮਾ ਜੇਤੂਆਂ ਨੂੰ 50 ਲੱਖ ਰੁਪਏ ਦਿੰਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਦਾ ਉਦੇਸ਼ ਖਿਡਾਰੀਆਂ ਨੂੰ ਉਤਸ਼ਾਹਿਤ ਕਰਨਾ ਹੈ ਅਤੇ ਹੁਣ ਖਿਡਾਰੀਆਂ ਨੂੰ ਤੁਰੰਤ ਇਨਾਮ ਦਿੱਤੇ ਜਾਂਦੇ ਹਨ। ਇਕ ਮਿਸਾਲ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਭਾਰਤੀ ਹਾਕੀ ਟੀਮ ਦੇ ਹਰੇਕ ਪੰਜਾਬੀ ਖਿਡਾਰੀ ਨੂੰ ਤਗਮੇ ਜਿੱਤਣ ਉੱਤੇ ਇਕ-ਇਕ ਕਰੋੜ ਰੁਪਏ ਦਿੱਤੇ ਗਏ ਸਨ ਤਾਂ ਜੋ ਹੋਰ ਨੌਜਵਾਨ ਤਗਮੇ ਜਿੱਤਣ ਦੇ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਪ੍ਰੇਰਿਤ ਹੋ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ ਖਿਡਾਰੀਆਂ ਨੂੰ ਪੈਸਿਆਂ ਲਈ ਲੰਮਾ ਸਮਾਂ ਇੰਤਜ਼ਾਰ ਕਰਨਾ ਪੈਂਦਾ ਸੀ ਪਰ ਹੁਣ ਨਕਦ ਇਨਾਮ ਤੁਰੰਤ ਦਿੱਤੇ ਜਾ ਰਹੇ ਹਨ।

ਬਾਦਲ ਪਰਿਵਾਰ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਲੰਬੇ ਸਮੇਂ ਤੱਕ ਸੱਤਾ ਦਾ ਆਨੰਦ ਮਾਣਿਆ ਅਤੇ ਆਪਣੇ ਕੁਸ਼ਾਸਨ ਦੌਰਾਨ ਉਹ ਫ਼ਿਲਮੀ ਸਿਤਾਰਿਆਂ `ਤੇ ਪੈਸਾ ਲੁਟਾਉਂਦੇ ਸਨ। ਉਨ੍ਹਾਂ ਕਿਹਾ ਕਿ ਪਹਿਲਾਂ ਖੇਡ ਮੰਤਰੀਆਂ ਨੂੰ ਖੇਡਾਂ ਦੀ ਕੋਈ ਸਮਝ ਨਹੀਂ ਸੀ, ਰਾਜਨੀਤਿਕ ਆਗੂਆਂ ਦਾ ਖੇਡ ਐਸੋਸੀਏਸ਼ਨਾਂ `ਤੇ ਕੰਟਰੋਲ ਸੀ ਅਤੇ ਉਹ ਸਰਕਾਰੀ ਖ਼ਰਚੇ `ਤੇ ਸੁੱਖ ਸਹੂਲਤਾਂ ਦਾ ਆਨੰਦ ਮਾਣਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ 300 ਕੋਚ ਨਿਯੁਕਤ ਕੀਤੇ ਹਨ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ ਦੀ ਤਿਆਰੀ ਕਰਨ ਵਾਲੇ ਖਿਡਾਰੀਆਂ ਨੂੰ ਅੱਠ ਲੱਖ ਰੁਪਏ ਦਿੱਤੇ ਜਾਂਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਬੱਚਿਆਂ ਵਿੱਚ ਹੁਨਰ ਦੀ ਕੋਈ ਘਾਟ ਨਹੀਂ ਹੈ, ਜਿਸ ਕਾਰਨ ਸੂਬਾ ਸਰਕਾਰ ਭਵਿੱਖ ਵਿੱਚ ਵਧੀਆ ਖਿਡਾਰੀ ਪੈਦਾ ਕਰਨ ਲਈ ਉਨ੍ਹਾਂ ਨੂੰ ਸਿਖਲਾਈ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਖੇਡਾਂ ਬੱਚਿਆਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਗਾ ਕੇ ਨਸ਼ਿਆਂ ਦੇ ਸਰਾਪ ਤੋਂ ਵੀ ਬਚਾਉਣਗੀਆਂ। ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਸੂਬਾ ਸਰਕਾਰ ਨਸ਼ਿਆਂ ਰਾਹੀਂ ਜਵਾਨੀ ਦਾ ਘਾਣ ਕਰਨ ਵਾਲੇ ਇਨ੍ਹਾਂ ‘ਜਰਨੈਲਾਂ` ਪ੍ਰਤੀ ਕੋਈ ਨਰਮੀ ਨਹੀਂ ਵਰਤੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਦੀ ਪੁਸ਼ਤਪਨਾਹੀ ਕਰਨ ਵਾਲੇ ਇਨ੍ਹਾਂ ‘ਜਰਨੈਲਾਂ’ ਨੂੰ ਸਲਾਖਾਂ ਪਿੱਛੇ ਡੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਨਾ ਸਿਰਫ਼ ਸੂਬੇ ਭਰ ਵਿੱਚ ਨਸ਼ਿਆਂ ਦੇ ਕਾਰੋਬਾਰ ਦੀ ਸਰਪ੍ਰਸਤੀ ਕੀਤੀ, ਸਗੋਂ ਆਪਣੀਆਂ ਸਰਕਾਰੀ ਗੱਡੀਆਂ ਵਿੱਚ ਨਸ਼ਿਆਂ ਦੀ ਵਿਕਰੀ/ਸਪਲਾਈ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੀਤੇ ਸਮੇਂ ਵਿੱਚ ਕਿਸੇ ਨੇ ਵੀ ਇਨ੍ਹਾਂ ਧਨਾਢ ਆਗੂਆਂ ਨੂੰ ਹੱਥ ਪਾਉਣ ਦੀ ਹਿੰਮਤ ਨਹੀਂ ਕੀਤੀ ਪਰ ਹੁਣ ਸਾਡੀ ਸਰਕਾਰ ਨੇ ਇਹ ਹਿੰਮਤ ਦਿਖਾਈ ਹੈ ਅਤੇ ਇਨ੍ਹਾਂ ਆਗੂਆਂ ਨੂੰ ਆਪਣੇ ਪਾਪਾਂ ਦੀ ਕੀਮਤ ਚੁਕਾਉਣੀ ਪਵੇਗੀ। ਉਨ੍ਹਾਂ ਕਿਹਾ ਕਿ ਜਦੋਂ ਇਸ ਅਕਾਲੀ ਆਗੂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਉਦੋਂ ਸਿਆਸੀ ਪਾਰਟੀਆਂ ਵਿਚਲੇ ਨਾਪਾਕ ਗਠਜੋੜ ਦਾ ਪਰਦਾਫ਼ਾਸ਼ ਹੋ ਗਿਆ ਕਿਉਂਕਿ ਦੂਜੇ ਆਗੂਆਂ ਨੇ ਜੇਲ੍ਹ ਵਿੱਚ ਬੰਦ ਮੁਲਜ਼ਮ ਲਈ ਸਹੂਲਤਾਂ ਤੇ ਵਿਸ਼ੇਸ਼ ਬੈਰਕ ਦੀ ਮੰਗ ਕਰਨ ਦੇ ਨਾਲ-ਨਾਲ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਬਾਰੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ।

ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਵਿੱਚ ਖੇਡਾਂ ਸਭ ਤੋਂ ਕਾਰਗਰ ਹਥਿਆਰ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਨੇ ਕਈ ਨਾਮੀ ਖਿਡਾਰੀ ਪੈਦਾ ਕੀਤੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸੇ ਖ਼ਾਸ ਹਿੱਸੇ ਵਿੱਚ ਜਿਹੜੀ ਵੀ ਖੇਡ ਨੂੰ ਜ਼ਿਆਦਾ ਹੰੁਗਾਰਾ ਮਿਲੇਗਾ, ਉੱਥੇ ਉਸ ਖੇਡ ਦੇ ਕੋਚ ਤੇ ਸਹੂਲਤਾਂ ਮੁਹੱਈਆ ਕੀਤੀਆਂ ਜਾਣਗੀਆਂ ਅਤੇ ਹਰੇਕ ਖ਼ੇਤਰ ਦੇ ਮਾਹਿਰਾਂ ਦੀ ਨਿਯੁਕਤੀ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਹਰੇਕ ਖ਼ੇਤਰ ਵਿੱਚ ਪੰਜਾਬ ਦਾ ਵਿਕਾਸ ਯਕੀਨੀ ਬਣਾਉਣ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ।

ਇਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ‘ਆਪ’ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਤੇ ਹੋਰ ਹਾਜ਼ਰ ਸਨ। 

Advertisement

Latest

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਆਵਾਜਾਈ ਸੁਚਾਰੂ ਬਣਾਉਣ ਲਈ ਸੜਕਾਂ ਅਪਗ੍ਰੇਡ ਕਰਨ ਦੇ ਹੁਕਮ
ਅਰਵਿੰਦ ਕੇਜਰਵਾਲ ਅਤੇ ਮੁੱਖ ਮੰਤਰੀ ਮਾਨ ਵੱਲੋਂ ਨੌਜਵਾਨਾਂ ਦੀ ਉੱਦਮੀ ਸੋਚ ਨੂੰ ਉਤਸ਼ਾਹਿਤ ਕਰਨ ਬਾਰੇ ਨਵੇਂ ਕੋਰਸ ਦੀ ਸ਼ੁਰੂਆਤ
ਮੰਤਰੀ ਸੰਜੀਵ ਅਰੋੜਾ ਨੇ ਸ਼ਹਿਰੀ ਸੜਕਾਂ ਨੂੰ ਵਿਸ਼ਵ ਪੱਧਰੀ ਮਿਆਰਾਂ 'ਤੇ ਅਪਗ੍ਰੇਡ ਕਰਨ ਲਈ ਸ਼ਹਿਰ-ਪੱਧਰੀ ਕਮੇਟੀ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ
ਪੰਜਾਬ ਸਰਕਾਰ ਵੱਲੋਂ ਰੀਅਲ ਅਸਟੇਟ ਖੇਤਰ 'ਚ ਵੱਡੇ ਬਦਲਾਅ ਲਈ ਰੋਡਮੈਪ ਤਿਆਰ ਕਰਨ ਵਾਸਤੇ ਸੈਕਟਰ-ਵਿਸ਼ੇਸ਼ ਕਮੇਟੀ ਗਠਤ
ਮੋਹਿੰਦਰ ਭਗਤ ਵੱਲੋਂ ਪੈਸਕੋ ਦੇ 47ਵੇਂ ਸਥਾਪਨਾ ਦਿਵਸ ਮੌਕੇ ਸ਼ਾਨਦਾਰ ਸੇਵਾਵਾਂ ਲਈ ਸ਼ਾਲਾਘਾ