ਗੈਂਗਸਟਰਾਂ/ਅਪਰਾਧੀਆਂ ਵਿਰੁੱਧ ਕਾਰਵਾਈ: ਅਪ੍ਰੈਲ 2022 ਤੋਂ ਪੰਜਾਬ ਵਿੱਚ 2536 ਗੈਂਗਸਟਰ/ਅਪਰਾਧੀ ਗ੍ਰਿਫ਼ਤਾਰ, 24 ਨੂੰ ਮਾਰ-ਮੁਕਾਇਆ
ਚੰਡੀਗੜ੍ਹ, 27 ਨਵੰਬਰ:
ਸੰਗਠਿਤ ਅਪਰਾਧ ਦੇ ਖ਼ਾਤਮੇ ਅਤੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਆਪਣੀ ਦ੍ਰਿੜ ਵਚਨਬੱਧਤਾ ਤਹਿਤ ਪੰਜਾਬ ਪੁਲਿਸ ਨੇ ਅਪ੍ਰੈਲ 2022 ਤੋਂ ਹੁਣ ਤੱਕ 962 ਅੱਤਵਾਦੀ/ਅਪਰਾਧਕ ਮਾਡਿਊਲਾਂ ਦਾ ਪਰਦਾਫਾਸ਼ ਕਰਕੇ 24 ਗੈਂਗਸਟਰਾਂ/ਅਪਰਾਧੀਆਂ ਨੂੰ ਮਾਰ-ਮੁਕਾਇਆ ਅਤੇ 2536 ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿੱਚੋਂ ਗੈਂਗਸਟਰ ਕਲਚਰ ਦੇ ਖ਼ਾਤਮੇ ਲਈ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਪ੍ਰਮੋਦ ਬਾਨ ਦੀ ਅਗਵਾਈ ਵਿੱਚ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦਾ ਗਠਨ ਕੀਤਾ ਸੀ।
ਇਸ ਸਬੰਧੀ ਨਤੀਜੇ ਸਾਂਝੇ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਦੀਆਂ ਟੀਮਾਂ ਨੇ ਗ੍ਰਿਫ਼ਤਾਰ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 2086 ਹਥਿਆਰ, ਅਪਰਾਧਿਕ ਗਤੀਵਿਧੀਆਂ ਵਿੱਚ ਵਰਤੇ ਜਾ ਰਹੇ 564 ਵਾਹਨ, 79 ਕਿਲੋ ਹੈਰੋਇਨ ਅਤੇ 4.69 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਇਸ ਮਿਆਦ ਦੌਰਾਨ ਪੁਲਿਸ ਪਾਰਟੀ ਅਤੇ ਅਪਰਾਧੀਆਂ ਦਰਮਿਆਨ ਘੱਟੋ-ਘੱਟ 324 ਵਾਰ ਦੋ-ਤਰਫ਼ਾ ਗੋਲੀਬਾਰੀ ਹੋਈ, ਜਿਸ ਦੌਰਾਨ ਪੁਲਿਸ ਨੇ 24 ਗੈਂਗਸਟਰਾਂ/ਅਪਰਾਧੀਆਂ ਨੂੰ ਮਾਰ-ਮੁਕਾਇਆ ਅਤੇ 515 ਗੈਂਗਸਟਰਾਂ/ਅਪਰਾਧੀਆਂ ਨੂੰ ਗ੍ਰਿਫ਼ਤਾਰ ਕਰ ਲਿਆ, ਜਿਨ੍ਹਾਂ ਵਿੱਚੋਂ ਕਾਰਵਾਈਆਂ ਦੌਰਾਨ 319 ਜ਼ਖਮੀ ਵੀ ਹੋਏ। ਡੀਜੀਪੀ ਨੇ ਅਫ਼ਸੋਸ ਪ੍ਰਗਟ ਕਰਦਿਆਂ ਕਿਹਾ ਕਿ ਇਨ੍ਹਾਂ ਕਾਰਵਾਈਆਂ ਦੌਰਾਨ ਸਾਡੇ ਤਿੰਨ ਸਾਥੀ ਵੀ ਸ਼ਹੀਦ ਹੋ ਗਏ, ਜਦੋਂ ਕਿ 41 ਪੁਲਿਸ ਮੁਲਾਜ਼ਮ ਜ਼ਖਮੀ ਹੋਏ।
ਏਜੀਟੀਐਫ ਦੇ ਗਠਨ ਤੋਂ ਬਾਅਦ ਇਸ ਯੂਨਿਟ ਨੇ ਸੂਬੇ ਅਤੇ ਦੇਸ਼ ਦੇ ਹੋਰ ਹਿੱਸਿਆਂ ਵਿੱਚ ਗੈਂਗਸਟਰਾਂ ਅਤੇ ਅਪਰਾਧੀਆਂ ਵਿਰੁੱਧ ਲਗਾਤਾਰ ਠੋਸ ਕਾਰਵਾਈਆਂ ਜਾਰੀ ਰੱਖੀਆਂ ਹਨ। ਜ਼ਿਕਰਯੋਗ ਹੈ ਕਿ ਏਜੀਟੀਐਫ ਦੀਆਂ ਟੀਮਾਂ ਵੱਲੋਂ ਅਪਰਾਧੀਆਂ ਵਿਰੁੱਧ ਸਾਂਝੀ ਕਾਰਵਾਈ ਲਈ ਵੱਖ-ਵੱਖ ਫੀਲਡ ਯੂਨਿਟਾਂ ਨਾਲ ਅਸਲ-ਸਮੇਂ ਦੀ ਜਾਣਕਾਰੀ ਵੀ ਸਾਂਝੀ ਕੀਤੀ ਜਾਂਦੀ ਹੈ।


