ਸਿਹਤਮੰਦ ਦਿਲ ਲਈ ਅਪਣਾਓ ਸਿਹਤਮੰਦ ਜੀਵਨਸ਼ੈਲੀ - ਸਿਵਲ ਸਰਜਨ
ਹਰੇਕ ਸਾਲ 29 ਸਤੰਬਰ ਨੂੰ ਵਿਸ਼ਵ ਦਿਲ ਦਿਵਸ ਮਨਾਉਣ ਦਾ ਮਹੱਤਵ ਸਿਹਤ ਸਟਾਫ਼ ਵੱਲੋਂ ਲੋਕਾਂ ਨੂੰ ਦਿਲ ਦੀ ਬਿਮਾਰੀਆਂ ਬਾਰੇ ਅਤੇ ਇਨ੍ਹਾਂ ਤੋਂ ਕਿਵੇ ਬਚਿਆ ਜਾ ਸਕਦਾ ਹੈ, ਸਬੰਧੀ ਜਾਗਰੂਕ ਕਰਨਾ ਹੈ। ਵਿਸ਼ਵ ਦਿਲ ਦਿਵਸ ਮੌਕੇ ਸਿਵਲ ਸਰਜਨ ਡਾ. ਸੰਜੇ ਗੋਇਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਨਾਲ ਹੀ ਦਿਲ ਦੀਆਂ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ। ਉਹਨਾਂ ਕਿਹਾ ਕਿ ਦਿਲ ਸਾਡੇ ਸਰੀਰ ਦਾ ਅਹਿਮ ਅੰਗ ਹੈ, ਇਸ ਲਈ ਇਸ ਨੂੰ ਸਿਹਤਮੰਦ ਰੱਖਣਾ ਜਰੂਰੀ ਹੈ।
ਉਨ੍ਹਾਂ ਕਿਹਾ ਕਿ ਦਿਲ ਦੀਆਂ ਬਿਮਾਰੀਆਂ ਦੁਨੀਆ ਭਰ ਵਿੱਚ ਮੌਤਾਂ ਦਾ ਸਭ ਤੋਂ ਵੱਡਾ ਕਾਰਨ ਉੱਭਰ ਕੇ ਸਾਹਮਣੇ ਆ ਰਿਹਾ ਹੈ ਪਰ ਜੇਕਰ ਸਮੇਂ-ਸਿਰ ਸਾਵਧਾਨੀਆਂ ਅਤੇ ਰੋਜਾਨਾ ਜੀਵਨ ਸ਼ੈਲੀ ‘ਚ ਬਦਲਾਅ ਕੀਤਾ ਜਾਵੇ ਤਾਂ ਇਸ ਤੋਂ ਬਚਾਅ ਸੰਭਵ ਹੈ। ਉਨ੍ਹਾਂ ਲੋਕਾਂ ਨੂੰ ਸੁਝਾਅ ਦਿੱਤਾ ਕਿ ਦਿਨ ਵਿੱਚ ਘੱਟੋ-ਘੱਟ 30 ਮਿੰਟ ਕਸਰਤ ਕਰਨ, ਤਾਜੇ ਫਲ, ਸਬਜ਼ੀਆਂ, ਅਨਾਜ ਅਤੇ ਘੱਟ ਤੇਲ ਵਾਲੇ ਖਾਣੇ ਦੀ ਵਰਤੋਂ ਕਰਨ। ਇਸ ਤੋਂ ਇਲਾਵਾ ਉਨ੍ਹਾਂ ਨੇ ਤੰਬਾਕੂ, ਸ਼ਰਾਬ ਅਤੇ ਨਸ਼ਿਆਂ ਤੋਂ ਦੂਰ ਰਹਿਣ ਦੀ ਵੀ ਅਪੀਲ ਕੀਤੀ।
ਡਾ. ਗੋਇਲ ਨੇ ਦੱਸਿਆ ਕਿ 30 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਹਰ ਵਿਅਕਤੀ ਨੂੰ ਬਲੱਡ ਪ੍ਰੈਸ਼ਰ, ਸ਼ੂਗਰ ਅਤੇ ਕੋਲੇਸਟ੍ਰੋਲ ਦੀ ਨਿਯਮਿਤ ਜਾਂਚ ਕਰਵਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇ ਛਾਤੀ ਵਿੱਚ ਦਰਦ, ਘਬਰਾਹਟ, ਬਹੁਤ ਪਸੀਨਾ ਆਉਣਾ ਜਾਂ ਸਾਹ ਲੈਣ ਵਿੱਚ ਤਕਲੀਫ਼ ਮਹਿਸੂਸ ਹੋਵੇ ਤਾਂ ਤੁਰੰਤ ਡਾਕਟਰੀ ਸਲਾਹ ਲੈਣੀ ਚਾਹੀਦੀ ਹੈ।