ਮੁੱਖ ਮੰਤਰੀ ਵੱਲੋਂ ਯੁਵਕ ਮੇਲਿਆਂ ਰਾਹੀਂ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਾਉਣ ਦੀ ਵਕਾਲਤ

ਮੁੱਖ ਮੰਤਰੀ ਵੱਲੋਂ ਯੁਵਕ ਮੇਲਿਆਂ ਰਾਹੀਂ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਾਉਣ ਦੀ ਵਕਾਲਤ

ਬਰਨਾਲਾ, 11 ਅਕਤੂਬਰ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਾਉਣ ਦੀ ਲੋੜ 'ਤੇ ਜ਼ੋਰ ਦਿੱਤਾ ਤਾਂ ਜੋ ਉਨ੍ਹਾਂ ਨੂੰ ਦੇਸ਼ ਅਤੇ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਬਰਾਬਰ ਦੇ ਭਾਈਵਾਲ ਬਣਾਇਆ ਜਾ ਸਕੇ।

ਐਸ.ਡੀ. ਕਾਲਜ, ਬਰਨਾਲਾ ਵਿਖੇ ਕਰਵਾਏ ਗਏ ਖੇਤਰੀ ਯੁਵਕ ਮੇਲੇ ਵਿੱਚ ਭਾਗੀਦਾਰਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਅਤੇ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਹੋਰ ਇਨਕਲਾਬੀ ਨਾਇਕਾਂ ਤੋਂ ਪ੍ਰੇਰਨਾ ਲੈਣ ਲਈ ਕਿਹਾ। ਉਨ੍ਹਾਂ ਕਿਹਾ ਕਿ ਇਨ੍ਹਾਂ ਨੌਜਵਾਨ ਨਾਇਕਾਂ ਦੇ ਆਦਰਸ਼ ਅਤੇ ਕੁਰਬਾਨੀਆਂ ਅੱਜ ਦੇ ਨੌਜਵਾਨਾਂ ਨੂੰ ਦੇਸ਼ ਦੀ ਨਿਰਸਵਾਰਥ ਸੇਵਾ ਵਾਸਤੇ ਪ੍ਰੇਰਿਤ ਕਰਨ ਲਈ ਮਾਰਗਦਰਸ਼ਕ ਵਜੋਂ ਕੰਮ ਕਰਦੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ।

ਮੁੱਖ ਮੰਤਰੀ ਨੇ ਕਿਹਾ ਕਿ ਜਿੱਥੇ ਇੱਕ ਪਾਸੇ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨ ਲਈ ਬੇਮਿਸਾਲ ਕਦਮ ਚੁੱਕੇ ਗਏ ਹਨ, ਉਥੇ ਦੂਜੇ ਪਾਸੇ ਉਨ੍ਹਾਂ ਦੀ ਬੇਅੰਤ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਾਉਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਸ ਤਰ੍ਹਾਂ ਹਵਾਈ ਅੱਡਿਆਂ 'ਤੇ ਰਨਵੇਅ ਹਵਾਈ ਜਹਾਜ਼ ਨੂੰ ਸੁਚਾਰੂ ਢੰਗ ਨਾਲ ਉਡਾਣ ਭਰਨ ‘ਚ ਸਹਾਈ ਹੁੰਦੇ ਹਨ, ਉਸੇ ਤਰ੍ਹਾਂ ਸੂਬਾ ਸਰਕਾਰ ਨੌਜਵਾਨਾਂ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਮਦਦ ਕਰ ਰਹੀ ਹੈ।

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਨੌਜਵਾਨਾਂ ਦੇ ਸੁਪਨਿਆਂ ਨੂੰ ਖੰਭ ਦੇਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿੱਚ ਆਪਣੀ ਜਗ੍ਹਾ ਅਤੇ ਪਛਾਣ ਬਣਾਉਣ ਲਈ ਹਰ ਸੰਭਵ ਯਤਨ ਕਰਨ ਅਤੇ ਆਸਮਾਨ ਨੂੰ ਛੂਹਣ ਦਾ ਇਰਾਦਾ ਰੱਖਣ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਜਿੱਤ 'ਤੇ ਮਾਣ ਨਾ ਕਰਨ ਸਗੋਂ ਨਿਮਰ ਰਹਿੰਦਿਆਂ ਹੋਰ ਸਫ਼ਲ ਬਣਨ ਲਈ ਸਖ਼ਤ ਮਿਹਨਤ ਕਰਨ। ਉਨ੍ਹਾਂ ਕਿਹਾ ਕਿ ਆਤਮਵਿਸ਼ਵਾਸ ਅਤੇ ਸਕਾਰਾਤਮਕ ਪਹੁੰਚ ਹਰ ਕਿਸੇ ਦੀ ਸ਼ਖਸੀਅਤ ਦੇ ਆਮ ਗੁਣ ਹੋਣੇ ਚਾਹੀਦੇ ਹਨ ਪਰ ਇਸ ਵਿੱਚ ਕੋਈ ਮਾਣ ਜਾਂ ਘਮੰਡ ਨਹੀਂ ਹੋਣਾ ਚਾਹੀਦਾ।

ਮੁੱਖ ਮੰਤਰੀ ਨੇ ਆਪਣੇ ਕਾਲਜ ਦੇ ਦਿਨਾਂ ਨੂੰ ਯਾਦ ਕਰਦਿਆਂ ਕਿਹਾ ਕਿ ਯੁਵਕ ਮੇਲੇ ਨੌਜਵਾਨਾਂ ਦੀ ਸਮੁੱਚੀ ਸ਼ਖਸੀਅਤ ਨੂੰ ਨਿਖਾਰਨ ਲਈ ਇੱਕ ਪਲੇਟਫਾਰਮ ਵਜੋਂ ਕੰਮ ਕਰਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਯੁਵਕ ਮੇਲਿਆਂ ਨੇ ਉਨ੍ਹਾਂ ਨੂੰ ਇੱਕ ਕਲਾਕਾਰ ਵਜੋਂ ਅਤੇ ਹੁਣ ਇੱਕ ਸਿਆਸਤਦਾਨ ਵਜੋਂ ਜ਼ਿੰਦਗੀ ਵਿੱਚ ਮੁਕਾਮ ਹਾਸਲ ਕਰਨ ਵਿੱਚ ਮਦਦ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਜਵਾਨਾਂ ਨੂੰ ਇਨ੍ਹਾਂ ਪਲੇਟਫਾਰਮਾਂ ਦੀ ਵਰਤੋਂ ਆਪਣੇ ਸਰਬਪੱਖੀ ਵਿਕਾਸ ਲਈ ਕਰਨੀ ਚਾਹੀਦੀ ਹੈ।

ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਨੇ ਵੱਖ-ਵੱਖ ਯੁਵਕ ਮੇਲਿਆਂ ਵਿੱਚ ਪ੍ਰਦਰਸ਼ਨ ਕੀਤਾ ਅਤੇ ਆਪਣੇ ਕਾਲਜ ਲਈ ਟਰਾਫੀਆਂ ਜਿੱਤੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿੱਤਣਾ ਉਨ੍ਹਾਂ ਦਾ ਇੱਕੋ-ਇੱਕ ਜਨੂੰਨ ਸੀ ਅਤੇ ਉਨ੍ਹਾਂ ਵਿੱਚ ਹਮੇਸ਼ਾ ਜਿੱਤਣ ਦੀ ਸਕਾਰਾਤਮਕ ਸੋਚ ਸੀ। ਉਨ੍ਹਾਂ ਨੇ ਨੌਜਵਾਨਾਂ ਨੂੰ ਜ਼ਮੀਨ ਨਾਲ ਜੁੜੇ ਰਹਿਣ ਅਤੇ ਸਖ਼ਤ ਮਿਹਨਤ ਵਿੱਚ ਵਿਸ਼ਵਾਸ ਰੱਖਣ ਲਈ ਕਿਹਾ ਕਿਉਂਕਿ ਇਹੀ ਸਫ਼ਲਤਾ ਦੀ ਇੱਕੋ-ਇੱਕ ਕੁੰਜੀ ਹੈ।

ਬਰਨਾਲਾ ਦੀ ਅਮੀਰ ਸਾਹਿਤਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਜ਼ਿਲ੍ਹਾ ਭੂਗੋਲਿਕ ਤੌਰ 'ਤੇ ਛੋਟਾ ਹੋ ਸਕਦਾ ਹੈ ਪਰ ਇਸ ਨੇ ਵੱਡੇ ਪੱਧਰ ‘ਤੇ ਪ੍ਰਸਿੱਧੀ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸੰਤ ਰਾਮ ਉਦਾਸੀ, ਰਾਮ ਸਰੂਪ ਅਣਖੀ, ਓਮ ਪ੍ਰਕਾਸ਼ ਗਾਸੋ ਅਤੇ ਬਲਵੰਤ ਗਾਰਗੀ, ਪਰਜਾ ਮੰਡਲ ਲਹਿਰ ਦੇ ਸੰਸਥਾਪਕ ਸੇਵਾ ਸਿੰਘ ਠੀਕਰੀਵਾਲਾ, ਮੇਘ ਰਾਜ ਮਿੱਤਰ ਅਤੇ ਹੋਰ ਉੱਘੀਆਂ ਸਾਹਿਤਕ ਸ਼ਖਸੀਅਤਾਂ ਇਸ ਜ਼ਿਲ੍ਹੇ ਨਾਲ ਸਬੰਧਤ ਹਨ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਨ੍ਹਾਂ ਮਹਾਨ ਸ਼ਖ਼ਸੀਅਤਾਂ ਦੇ ਕਾਰਨ ਹੀ ਬਰਨਾਲਾ ਨੂੰ ਲੰਬੇ ਸਮੇਂ ਤੋਂ "ਪੰਜਾਬ ਦੀ ਸਾਹਿਤਕ ਰਾਜਧਾਨੀ" ਵਜੋਂ ਜਾਣਿਆ ਜਾਂਦਾ ਹੈ।

ਇਸ ਮੌਕੇ ਮੁੱਖ ਮੰਤਰੀ ਨੇ ਅਨੇਕਾਂ ਵਿਦਿਆਰਥੀਆਂ, ਜਿਨ੍ਹਾਂ ਨੇ ਵਿਸ਼ਵ ਪੱਧਰ 'ਤੇ ਵੱਖ-ਵੱਖ ਖੇਤਰਾਂ ਵਿੱਚ ਆਪਣੀ ਪਛਾਣ ਬਣਾਈ ਹੈ, ਨੂੰ ਨਿਖਾਰਨ ਵਿੱਚ ਐਸ.ਡੀ. ਕਾਲਜ ਦੇ ਯੋਗਦਾਨ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਨੇ ਪੰਜਾਬ ਦੇ ਨੌਜਵਾਨਾਂ ਦੇ ਜੀਵਨ ਅਤੇ ਭਵਿੱਖ ਨੂੰ ਸਹੀ ਦਿਸ਼ਾ ਦੇਣ ਲਈ ਇਸ ਸੰਸਥਾ ਦੀ ਮਹੱਤਵਪੂਰਨ ਭੂਮਿਕਾ ਨੂੰ ਯਾਦ ਕੀਤਾ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਇਹ ਕਾਲਜ ਨੌਜਵਾਨਾਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਦਿਆਂ ਇਸੇ ਤਰੀਕੇ ਸਮਾਜ ਦੀ ਸੇਵਾ ਕਰਦਾ ਰਹੇਗਾ। 

Advertisement

Latest