ਅਕਾਲੀ-ਭਾਜਪਾ ਗਠਜੋੜ ਸਿਆਸੀ ਤੌਰ ’ਤੇ ‘ਜ਼ੀਰੋ ਜਮ੍ਹਾਂ ਜ਼ੀਰੋ ਬਰਾਬਰ ਜ਼ੀਰੋ’: ਹਰਪਾਲ ਸਿੰਘ ਚੀਮਾ
ਸੰਗਰੂਰ, 25 ਨਵੰਬਰ: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅਕਾਲੀ ਦਲ ਅਤੇ ਭਾਜਪਾ ਦੇ ਗਠਜੋੜ ’ਤੇ ਤਿੱਖਾ ਸਿਆਸੀ ਹਮਲਾ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ 2007 ਤੋਂ 2017 ਤੱਕ ਇਸ ਗਠਜੋੜ ਦੇ ਦਸ ਸਾਲਾਂ ਦੇ ਕਾਲੇ ਦੌਰ ਨੂੰ ਕਦੇ ਨਹੀਂ ਭੁੱਲ ਸਕਦੇ। ਉਨ੍ਹਾਂ ਕਿਹਾ ਕਿ ਸੱਤਾ ਪ੍ਰਾਪਤੀ ਦੀ ਲਾਲਸਾ ਵਿੱਚ ਦੋਵੇਂ ਪਾਰਟੀਆਂ ਮੁੜ ਇਕੱਠੀਆਂ ਤਾਂ ਹੋ ਗਈਆਂ ਹਨ, ਪਰ ਪੰਜਾਬ ਦੇ ਸੂਝਵਾਨ ਲੋਕ ਇਨ੍ਹਾਂ ਦੇ ਪਿਛਲੇ ਕਾਰਨਾਮਿਆਂ ਤੋਂ ਭਲੀ-ਭਾਂਤ ਜਾਣੂ ਹਨ ਅਤੇ ਇਨ੍ਹਾਂ ਨੂੰ ਮੁੜ ਸੱਤਾ ਦੇ ਨੇੜੇ ਨਹੀਂ ਆਉਣ ਦੇਣਗੇ।
ਸੰਗਰੂਰ ਵਿਖੇ ਇਕ ਸਮਾਗਮ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਦੋਸ਼ ਲਾਇਆ ਕਿ ਅਕਾਲੀ-ਭਾਜਪਾ ਗਠਜੋੜ ਦੇ ਦਸ ਸਾਲਾਂ ਦੇ ਰਾਜ ਦੌਰਾਨ ਪੰਜਾਬ ਵਿੱਚ ਨਸ਼ਿਆਂ, ਬੇਰੁਜ਼ਗਾਰੀ ਅਤੇ ਗੈਂਗਸਟਰਵਾਦ ਨੇ ਪੈਰ ਪਸਾਰੇ। ਇਸੇ ਸਮੇਂ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਵਰਗੀਆਂ ਅਤਿ ਮੰਦਭਾਗੀਆਂ ਘਟਨਾਵਾਂ ਵੀ ਵਾਪਰੀਆਂ, ਜਿਨ੍ਹਾਂ ਨੇ ਹਰ ਪੰਜਾਬੀ ਦੇ ਹਿਰਦੇ ਨੂੰ ਡੂੰਘੀ ਠੇਸ ਪਹੁੰਚਾਈ।
ਵਿੱਤ ਮੰਤਰੀ ਨੇ ਵਿਅੰਗ ਕਰਦਿਆਂ ਕਿਹਾ, “ਜ਼ੀਰੋ ਜਮ੍ਹਾਂ ਜ਼ੀਰੋ ਦਾ ਨਤੀਜਾ ਜ਼ੀਰੋ ਹੀ ਹੁੰਦਾ ਹੈ। ਇਹ ਪਾਰਟੀਆਂ ਜਿੰਨੇ ਮਰਜ਼ੀ ਗਠਜੋੜ ਕਰ ਲੈਣ, ਪੰਜਾਬ ਦੇ ਲੋਕ ਇਨ੍ਹਾਂ ਨੂੰ ਮੁੜ ਸੱਤਾ ਦੇ ਨੇੜੇ ਨਹੀਂ ਆਉਣ ਦੇਣਗੇ।” ਉਨ੍ਹਾਂ ਦਾਅਵਾ ਕੀਤਾ ਕਿ 2017 ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਵਾਂਗ ਆਉਣ ਵਾਲੀਆਂ ਚੋਣਾਂ ਵਿੱਚ ਵੀ ਦੋਵਾਂ ਪਾਰਟੀਆਂ ਦੀਆਂ ਸੀਟਾਂ ਦਾ ਅੰਕੜਾ ਇਕਹਿਰੇ ਅੰਕ ਤੋਂ ਅੱਗੇ ਨਹੀਂ ਵਧੇਗਾ।
ਸੁਨੀਲ ਜਾਖੜ, ਕੈਪਟਨ ਅਮਰਿੰਦਰ ਸਿੰਘ ਅਤੇ ਰਵਨੀਤ ਸਿੰਘ ਬਿੱਟੂ ਵੱਲੋਂ ਪਹਿਲਾਂ ਦਿੱਤੇ ਗਏ ਬਿਆਨਾਂ ਦਾ ਹਵਾਲਾ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਿਹੜੇ ਆਗੂ ਕਦੇ ਇਕ-ਦੂਜੇ ਉੱਪਰ ਗੰਭੀਰ ਦੋਸ਼ ਲਾਉਂਦੇ ਸਨ, ਉਹ ਅੱਜ ਆਪਣੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਇਕੱਠੇ ਹੋ ਗਏ ਹਨ। ਉਨ੍ਹਾਂ ਕਿਹਾ ਕਿ ਇਸ ਗਠਜੋੜ ਦਾ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਨਾਲ ਕੋਈ ਸਰੋਕਾਰ ਨਹੀਂ, ਸਗੋਂ ਇਸ ਦਾ ਇਕੋ-ਇੱਕ ਮਕਸਦ ਕਿਸੇ ਵੀ ਤਰੀਕੇ ਨਾਲ ਸੱਤਾ ਹਾਸਲ ਕਰਨਾ ਹੈ।
ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਬਿਆਨ ’ਤੇ ਪ੍ਰਤੀਕਿਰਿਆ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਕਾਂਗਰਸ ਖ਼ੁਦ ਅੰਦਰੂਨੀ ਧੜੇਬੰਦੀ ਅਤੇ ਆਪਸੀ ਖਿੱਚੋਤਾਣ ਵਿੱਚ ਘਿਰੀ ਹੋਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂਆਂ ਨੂੰ ਦੂਜੀਆਂ ਪਾਰਟੀਆਂ ਬਾਰੇ ਭਵਿੱਖਬਾਣੀਆਂ ਕਰਨ ਤੋਂ ਪਹਿਲਾਂ ਆਪਣੀ ਪਾਰਟੀ ਦੀ ਸਥਿਤੀ ਵੱਲ ਧਿਆਨ ਦੇਣਾ ਚਾਹੀਦਾ ਹੈ। ਪੰਜਾਬ ਦੇ ਲੋਕ ਰਵਾਇਤੀ ਪਾਰਟੀਆਂ ਦੀ ਮੌਕਾਪ੍ਰਸਤ ਸਿਆਸਤ ਨੂੰ ਚੰਗੀ ਤਰ੍ਹਾਂ ਸਮਝ ਚੁੱਕੇ ਹਨ ਅਤੇ ਹੁਣ ਉਨ੍ਹਾਂ ਦੇ ਭਰਮਾਊ ਪ੍ਰਚਾਰ ਵਿੱਚ ਨਹੀਂ ਆਉਣਗੇ।
ਮੋਗਾ ਵਿਖੇ 26 ਨਵੰਬਰ ਨੂੰ ਹੋਣ ਵਾਲੀ ਆਮ ਆਦਮੀ ਪਾਰਟੀ ਦੀ ਮਹਾਂ-ਰੈਲੀ ਦਾ ਜ਼ਿਕਰ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਰੈਲੀ ਨੂੰ ਲੈ ਕੇ ਸਮੁੱਚੇ ਪੰਜਾਬ ਦੇ ਲੋਕਾਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਸੂਬੇ ਦੇ ਕੋਨੇ-ਕੋਨੇ ਤੋਂ ਲੱਖਾਂ ਲੋਕ ਇਸ ਇਤਿਹਾਸਕ ਇਕੱਠ ਵਿੱਚ ਸ਼ਮੂਲੀਅਤ ਕਰਨਗੇ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਪਰਿਵਾਰਵਾਦ ਅਤੇ ਨਿੱਜੀ ਸਿਆਸੀ ਹਿੱਤਾਂ ਦੀ ਪੂਰਤੀ ਲਈ ਇਕੱਠ ਕਰ ਰਹੀਆਂ ਹਨ, ਜਦੋਂਕਿ ਆਮ ਆਦਮੀ ਪਾਰਟੀ ਪੰਜਾਬ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਕੀਤੇ ਇਤਿਹਾਸਕ ਕੰਮਾਂ ਦਾ ਜਸ਼ਨ ਪੰਜਾਬ ਵਾਸੀਆਂ ਨਾਲ ਮਿਲ ਕੇ ਮਨਾ ਰਹੀ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਲੋਕਾਂ ਨੂੰ ਮੁਫ਼ਤ ਬਿਜਲੀ, ਨੌਜਵਾਨਾਂ ਨੂੰ ਯੋਗਤਾ ਦੇ ਆਧਾਰ ’ਤੇ ਸਰਕਾਰੀ ਨੌਕਰੀਆਂ, ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਅਤੇ ਸਕੂਲ ਆਫ਼ ਐਮੀਨੈਂਸ ਰਾਹੀਂ ਬਿਹਤਰ ਸਿੱਖਿਆ ਮੁਹੱਈਆ ਕਰਵਾਉਣ ਵਰਗੇ ਇਤਿਹਾਸਕ ਕਦਮ ਚੁੱਕੇ ਹਨ। ਇਸ ਤੋਂ ਇਲਾਵਾ ਭ੍ਰਿਸ਼ਟਾਚਾਰ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਸਰਕਾਰੀ ਪ੍ਰਣਾਲੀ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਯਕੀਨੀ ਬਣਾਈ ਗਈ ਹੈ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੋਗਾ ਦੀ ਮਹਾਂ-ਰੈਲੀ ਪੰਜਾਬ ਦੀ ਸਿਆਸਤ ਵਿੱਚ ਨਵਾਂ ਮੀਲ ਪੱਥਰ ਸਾਬਤ ਹੋਵੇਗੀ ਅਤੇ ਇਹ ਸਪੱਸ਼ਟ ਕਰ ਦੇਵੇਗੀ ਕਿ ਪੰਜਾਬ ਦੇ ਲੋਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਨਾਲ ਡਟ ਕੇ ਖੜ੍ਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਆਪਣਾ ਪਿਛਲਾ ਰਿਕਾਰਡ ਵੀ ਤੋੜੇਗੀ ਅਤੇ ਮੁੜ ਪ੍ਰਚੰਡ ਬਹੁਮਤ ਨਾਲ ਸਰਕਾਰ ਬਣਾਏਗੀ।
ਆਪਣੀ ਵਿਧਾਨ ਸਭਾ ਸੀਟ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਵਿੱਤ ਮੰਤਰੀ ਨੇ ਕਿਹਾ ਕਿ ਇਸ ਬਾਰੇ ਪਾਰਟੀ ਵੱਲੋਂ ਬਹੁਤ ਜਲਦ ਐਲਾਨ ਕਰ ਦਿੱਤਾ ਜਾਵੇਗਾ।

