ਮੁੱਖ ਸਕੱਤਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸੱਚੀ ਸ਼ਰਧਾਂਜਲੀ ਦੇਣ ਲਈ ਵੱਧ ਤੋਂ ਵੱਧ ਬੂਟੇ ਲਾਉਣ ਦੀ ਅਪੀਲ
ਚੰਡੀਗੜ੍ਹ / ਸ੍ਰੀ ਅਨੰਦਪੁਰ ਸਾਹਿਬ, 20 ਨਵੰਬਰ:
ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਨੇ ਵੀਰਵਾਰ ਨੂੰ ਸੂਬੇ ਦੇ ਲੋਕਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ’ਤੇ ਉਨ੍ਹਾਂ ਨੂੰ ਸੱਚੀ ਅਤੇ ਨਿਮਰ ਸ਼ਰਧਾਂਜਲੀ ਵਜੋਂ ਵੱਧ ਤੋਂ ਵੱਧ ਬੂਟੇ ਲਗਾਉਣ ਦਾ ਸੱਦਾ ਦਿੱਤਾ।
ਮੁੱਖ ਸਕੱਤਰ, ਜਿਨ੍ਹਾਂ ਨੇ ਪਵਿੱਤਰ ਸ਼ਹਿਰ ਦੇ ਪੰਜ ਪਿਆਰਾ ਪਾਰਕ ਵਿਖੇ ਬੂਟਾ ਲਗਾਇਆ, ਨੇ ਕਿਹਾ ਕਿ ਬੂਟੇ ਲਗਾਉਣਾ ਸੂਬੇ ਦੇ ਸਥਾਈ ਵਿਕਾਸ ਦੇ ਨਾਲ-ਨਾਲ ਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਾਵਰਣ ਦੀ ਸੰਭਾਲ ਵਾਸਤੇ ਅਹਿਮ ਤੇ ਲੋੜੀਂਦਾ ਹੈ। ਉਨ੍ਹਾਂ ਕਿਹਾ ਕਿ ਘਟਦੀ ਜਾ ਰਹੀ ਹਰਿਆਵਲ ਅਤੇ ਹਵਾ ਵਿੱਚ ਵਧ ਰਿਹਾ ਪ੍ਰਦੂਸ਼ਨ ਹਰ ਕਿਸੇ ਲਈ ਚਿੰਤਾ ਦਾ ਵਿਸ਼ਾ ਹੈ ਕਿਉਂਕਿ ਇਹ ਵਾਤਾਵਰਣ ਅਤੇ ਮਨੁੱਖੀ ਸਿਹਤ ਲਈ ਗੰਭੀਰ ਖ਼ਤਰਾ ਹੈ। ਸ਼੍ਰੀ ਕੇ.ਏ.ਪੀ. ਸਿਨਹਾ ਨੇ ਕਿਹਾ ਕਿ ਅਜਿਹੀ ਸਥਿਤੀ ਵਿੱਚ, ਇਹ ਹਰੇਕ ਵਿਅਕਤੀ ਦਾ ਫਰਜ਼ ਬਣਦਾ ਹੈ ਕਿ ਉਹ ਆਪਣੀ ਜਿੰਮੇਵਾਰੀ ਸਮਝ ਕੇ ਅੱਗੇ ਆਵੇ ਅਤੇ ਸੂਬੇ ਨੂੰ ਸਾਫ਼ ਸੁਥਰੀ ਹਵਾ ਪ੍ਰਦਾਨ ਕਰਨ ਲਈ ਵੱਧ ਤੋਂ ਵੱਧ ਬੂਟੇ ਲਗਾਏ।
ਮੁੱਖ ਸਕੱਤਰ ਨੇ ਕਿਹਾ ਕਿ ਜਦੋਂ ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਈ ਸਮਾਗਮਾਂ ਕਰਵਾਏ ਜਾ ਰਹੇ ਹਨ ਤਾਂ ਸਾਨੂੰ ਸਾਰਿਆਂ ਨੂੰ ਪੂਰੇ ਜੋਸ਼ ਨਾਲ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਵੀ ਅੱਗੇ ਆਉਣਾ ਚਾਹੀਦਾ ਹੈ। ਇਸ ਨੂੰ ਇੱਕ ਸਮਾਜਿਕ ਉਦੇਸ਼ ਦੱਸਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਵਿੱਚ ਹਰਾ-ਭਰਾ ਵਾਤਾਵਰਣ ਵਧਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸ਼੍ਰੀ ਕੇ.ਏ.ਪੀ. ਸਿਨਹਾ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਅਸੀਂ ਵੱਧ ਤੋਂ ਵੱਧ ਬੂਟੇ ਲਾ ਕੇ ਆਪਣੇ ਵਾਤਾਵਰਣ ਦੀ ਰੱਖਿਆ ਕਰੀਏ, ਇਸ ਲਈ ਸੂਬਾ ਸਰਕਾਰ ਲੰਬੇ ਸਮੇਂ ਤੋਂ ਲੋਕਾਂ ਨੂੰ ਇਹ ਸੇਵਾ ਦਿੱਤੀ ਜਾ ਰਹੀ ਹੈ, ਪਰ ਇਹ ਕੰਮ ਜਨਤਕ ਸਹਿਯੋਗ ਤੋਂ ਬਿਨਾਂ ਪੂਰਾ ਨਹੀਂ ਕੀਤਾ ਜਾ ਸਕਦਾ।
ਇਸ ਨੇਕ ਕਾਰਜ ਵਿੱਚ ਲੋਕਾਂ ਦੇ ਪੂਰਨ ਸਹਿਯੋਗ ਦੀ ਮੰਗ ਕਰਦੇ ਹੋਏ, ਮੁੱਖ ਸਕੱਤਰ ਨੇ ਉਨ੍ਹਾਂ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਦੇਖਭਾਲ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਨੇ ਸਮਾਜਿਕ ਸੰਗਠਨਾਂ ਅਤੇ ਗੈਰ-ਸਰਕਾਰੀ ਸੰਗਠਨਾਂ ਨੂੰ ਵੀ ਅੱਗੇ ਆਉਣ ਲਈ ਕਿਹਾ ਤਾਂ ਜੋ ਮਹਾਨ ਗੁਰੂ ਸਾਹਿਬਾਨ ਨੂੰ ਇੱਕ ਸੱਚੀ ਸ਼ਰਧਾਂਜਲੀ ਵਜੋਂ ਰਾਜ ਵਿੱਚ ਹਰਿਆਲੀ ਵਧਾਈ ਜਾ ਸਕੇ। ਸ਼੍ਰੀ ਕੇ.ਏ.ਪੀ. ਸਿਨਹਾ ਨੇ ਕਿਹਾ ਕਿ ਰਾਜ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣਾ ਬਹੁਤ ਜ਼ਰੂਰੀ ਹੈ।
ਇਸ ਮੌਕੇ ਸੈਰ-ਸਪਾਟਾ ਵਿਭਾਗ ਦੇ ਸਕੱਤਰ ਡਾ. ਅਭਿਨਵ ਤ੍ਰਿਖਾ, ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਸ਼੍ਰੀ ਰਾਮਵੀਰ, ਵਧੀਕ ਡਾਇਰੈਕਟਰ ਸੂਚਨਾ ਅਤੇ ਲੋਕ ਸੰਪਰਕ ਸ਼੍ਰੀ ਸੰਦੀਪ ਗਾੜ੍ਹਾ ਅਤੇ ਹੋਰ ਵੀ ਮੌਜੂਦ ਸਨ।


