ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀਆਂ ਮੰਡੀਆਂ ’ਚ 18,329 ਮੀਟ੍ਰਿਕ ਟਨ ਝੋਨੇ ਦੀ ਆਮਦ

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀਆਂ ਮੰਡੀਆਂ ’ਚ 18,329 ਮੀਟ੍ਰਿਕ ਟਨ ਝੋਨੇ ਦੀ ਆਮਦ

ਸ੍ਰੀ ਮੁਕਤਸਰ ਸਾਹਿਬ, 16 ਅਕਤੂਬਰ:    ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ ਲਗਾਤਾਰ ਨਿਰਵਿਘਨ ਜਾਰੀ ਹੈ ਅਤੇ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿੱਚ ਸਾਰੇ ਪੁਖਤਾ ਪ੍ਰਬੰਧ ਮੁਕੰਮਲ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਖ਼ਰੀਦ ਏਜੰਸੀਆਂ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਮੰਡੀਆਂ ’ਚ ਸੁੱਕਾ ਝੋਨਾ ਹੀ ਲੈ ਕੇ ਆਉਣ, ਤਾਂ ਜੋ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ ਅਤੇ ਕਿਸਾਨਾਂ ਦੀ ਫ਼ਸਲ ਦੀ ਸਮੇਂ ਸਿਰ ਖ਼ਰੀਦ ਯਕੀਨੀ ਬਣਾਈ ਜਾ ਸਕੇ।

ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਵਾਤਾਵਰਣ ਦੀ ਸੁਰੱਖਿਆ ਅਤੇ ਮਿੱਟੀ ਦੀ ਸਿਹਤ ਨੂੰ ਬਰਕਰਾਰ ਰੱਖਣ ਲਈ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਵੀ ਕੀਤੀ ਹੈ। ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ ਹੈ ਤਾਂ ਜੋ ਪਰਾਲੀ ਸਾੜਨ ਨਾਲ ਹੋਣ ਵਾਲੇ ਹਵਾ ਪ੍ਰਦੂਸ਼ਣ ਨੂੰ ਰੋਕਿਆ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੀ ਹਦੂਦ ਅੰਦਰ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਰਾਤ 7.00 ਵਜੇ ਤੋਂ ਸਵੇਰੇ 10.00 ਵਜੇ ਤੱਕ ਕਰਨ ਲਈ ਮਨਾਹੀ ਦੇ ਹੁਕਮ ਜਾਰੀ ਕੀਤੇ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਝੋਨੇ ਵਿਚ ਨਮੀ ਦੀ ਮਾਤਰਾ ਨੂੰ ਨਿਰਧਾਰਤ ਮਾਪਦੰਡਾਂ ਅਨੁਸਾਰ ਰੱਖਣਾ ਅਤੇ ਮੰਡੀਆਂ ’ਚ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਬਣਾਉਣਾ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਖ਼ਰੀਦ ਏਜੰਸੀਆਂ ਨਾਲ ਸਹਿਯੋਗ ਕਰਨ, ਨਿਰਧਾਰਤ ਸਮੇਂ ਅਨੁਸਾਰ ਝੋਨੇ ਦੀ ਕਟਾਈ ਕਰਨ ਅਤੇ ਪਰਾਲੀ ਦੇ ਵਾਤਾਵਰਣ ਪੱਖੀ ਪ੍ਰਬੰਧਨ ਨੂੰ ਤਰਜੀਹ ਦੇਣ ਦੀ ਅਪੀਲ ਕੀਤੀ ਹੈ।

ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਹਿਮਾਂਸ਼ੂ ਕੁੱਕੜ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅਨਾਜ ਮੰਡੀਆਂ ਅਤੇ ਖ਼ਰੀਦ ਕੇਂਦਰਾਂ ਵਿੱਚ 15 ਅਕਤੂਬਰ 2026 ਤੱਕ ਝੋਨੇ ਦੀ 18,329 ਮੀਟ੍ਰਿਕ ਟਨ ਆਮਦ ਹੋਈ ਹੈ, ਜਿਸ ’ਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 14,687 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।