ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡਾਂ ਦੇ ਪਹਿਰੇਦਾਰਾਂ ਨੂੰ ਨਸ਼ਾ ਵਿਰੁੱਧ ਆਨਲਾਈਨ ਐਪ ਦੀ ਟ੍ਰੇਨਿੰਗ ਦਿੱਤੀ ਗਈ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡਾਂ ਦੇ ਪਹਿਰੇਦਾਰਾਂ ਨੂੰ ਨਸ਼ਾ ਵਿਰੁੱਧ ਆਨਲਾਈਨ ਐਪ ਦੀ ਟ੍ਰੇਨਿੰਗ ਦਿੱਤੀ ਗਈ

ਫ਼ਰੀਦਕੋਟ, 6 ਨਵੰਬਰ  ()  ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਅਧੀਨ ਜ਼ਿਲ੍ਹਾ ਫ਼ਰੀਦਕੋਟ ਵਿੱਚ ਪਿੰਡਾਂ ਦੇ ਪਹਿਰੇਦਾਰਾਂ ਲਈ ਨਸ਼ਿਆਂ ਵਿਰੁੱਧ ਤਿਆਰ ਕੀਤੀ ਗਈ ਵਿਸ਼ੇਸ਼ ਆਨਲਾਈਨ ਐਪ ਬਾਰੇ ਟ੍ਰੇਨਿੰਗ ਕੈਂਪ ਆਯੋਜਿਤ ਕੀਤਾ ਗਿਆ।

ਇਸ ਮੌਕੇ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਸ ਟ੍ਰੇਨਿੰਗ ਦਾ ਮਕਸਦ ਪਿੰਡਾਂ ਦੇ ਪਹਿਰੇਦਾਰਾਂ ਨੂੰ ਨਸ਼ਿਆਂ ਦੇ ਰੋਕਥਾਮ ਲਈ ਤਕਨੀਕੀ ਜਾਣਕਾਰੀ ਨਾਲ ਜੋੜਨਾ ਹੈ ਤਾਂ ਜੋ ਉਹ ਮੌਕੇ ਤੇ ਮਿਲਣ ਵਾਲੀ ਕਿਸੇ ਵੀ ਸ਼ੱਕੀ ਜਾਣਕਾਰੀ ਨੂੰ ਤੁਰੰਤ ਪ੍ਰਸ਼ਾਸਨ ਤੱਕ ਪਹੁੰਚਾ ਸਕਣ। ਉਨ੍ਹਾਂ ਕਿਹਾ ਕਿ ਜੇ ਪਿੰਡ ਪੱਧਰ ਤੇ ਹਰ ਨਾਗਰਿਕ ਨਸ਼ਾ ਵਿਰੁੱਧ ਇਸ ਮੁਹਿੰਮ ਦਾ ਹਿੱਸਾ ਬਣੇਤਾਂ ਜ਼ਿਲ੍ਹਾ ਫ਼ਰੀਦਕੋਟ ਨੂੰ ਨਸ਼ਾ ਮੁਕਤ ਬਣਾਉਣਾ ਕੋਈ ਮੁਸ਼ਕਲ ਕੰਮ ਨਹੀਂ।

ਇਸ ਮੌਕੇ ਐਸ.ਡੀ.ਐਮ. ਫਰੀਦਕੋਟ ਮੇਜਰ ਡਾ. ਵਰੁਣ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਪਿੰਡ ਪੱਧਰ ਤੱਕ ਸਖ਼ਤ ਅਤੇ ਸਮੂਹਿਕ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਰੇਦਾਰ ਪਿੰਡਾਂ ਦੇ ਰੱਖਿਅਕ ਹਨ ਅਤੇ ਉਹਨਾਂ ਦੀ ਭੂਮਿਕਾ ਨਸ਼ਿਆਂ ਦੇ ਖ਼ਿਲਾਫ਼ ਇਸ ਜੰਗ ਵਿਚ ਕੇਂਦਰੀ ਰਹੇਗੀ। ਐਪ ਰਾਹੀਂ ਮਿਲਣ ਵਾਲੀ ਜਾਣਕਾਰੀ ਨੂੰ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਤੁਰੰਤ ਕਾਰਵਾਈ ਲਈ ਵਰਤਿਆ ਜਾਵੇਗਾ। ਉਨ੍ਹਾਂ ਕਿਹਾ ਕਿ ਹੁਣ ਤੱਕ ਲੋਕਾਂ ਦੇ ਸਹਿਯੋਗ ਨਾਲ ਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵੱਡੀ ਪੱਧਰ ਤੇ ਚੱਲ ਰਹੀ ਹੈ, ਉਨ੍ਹਾਂ ਕਿਹਾ ਕਿ ਜਲਦੀ ਹੀ ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਨੂੰ ਜੜੋਂ ਖਤਮ ਕਰ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਟੈਕਨੋਲੋਜੀ ਦੀ ਸਹਾਇਤਾ ਨਾਲ ਨਸ਼ਾ ਤਸਕਰਾਂ ਤੇ ਨਿਗਰਾਨੀ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਜਿਹੜੇ ਪਹਿਰੇਦਾਰ ਆਪਣੇ ਪਿੰਡਾਂ ਵਿੱਚ ਸ਼ੱਕੀ ਗਤੀਵਿਧੀਆਂ ਦੀ ਜਾਣਕਾਰੀ ਇਸ ਐਪ ਰਾਹੀਂ ਸਾਂਝੀ ਕਰਨਗੇਉਨ੍ਹਾਂ ਨੂੰ ਵਿਭਾਗ ਵੱਲੋਂ ਪ੍ਰੋਤਸਾਹਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਹੜੇ ਪਹਿਰੇਦਾਰਾਂ ਅੱਜ ਕਿਸੇ ਕਾਰਨ ਕਰਕੇ ਟਰੇਨਿੰਗ ਨਹੀਂ ਲੈ ਪਾਏ ਉਨ੍ਹਾਂ ਨੂੰ ਵੀ ਜਲਦੀ ਟਰੇਨਿੰਗ ਦਿੱਤੀ ਜਾਵੇਗੀ। ਇਸ ਮੌਕੇ ਸਟੇਜ ਸੰਚਾਲਨ ਦੀ ਭੂਮਿਕਾ ਸ੍ਰੀ ਜਸਬੀਰ ਜੱਸੀ ਨੇ ਬਾਖੂਬੀ ਨਿਭਾਈ।

ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਫਰੀਦਕੋਟ ਸ. ਅਮਨਦੀਪ ਸਿੰਘ ਬਾਬਾ, ਡੀ.ਐਸ.ਪੀ. ਸ. ਅਵਤਾਰ ਸਿੰਘ, ਤਹਿਸੀਲਦਾਰ ਫਰੀਦਕੋਟ ਹਰਸ਼ਵੀਰ ਗੋਇਲ, ਬੀ.ਡੀ.ਪੀ.ਓ ਸ. ਨੱਥਾ ਸਿੰਘ, ਪ੍ਰੀਤਮ ਸਿੰਘ ਭਾਣਾ, ਰਾਜਪਾਲ ਢੁੱਡੀ, ਰਵਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਨਿਯੁਕਤ ਪਹਿਰੇਦਾਰ ਹਾਜ਼ਰ ਸਨ।