ਬਲਵੰਤ ਸਿੰਘ ਰਾਜੋਆਣਾ ਨੂੰ ਹਾਈਕੋਰਟ ਵੱਲੋਂ ਅੱਖਾਂ ਦੇ ਆਪ੍ਰੇਸ਼ਨ ਦੀ ਮਨਜ਼ੂਰੀ, PGI ਚੰਡੀਗੜ੍ਹ 'ਚ ਹੋਵੇਗਾ ਇਲਾਜ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਵਿੱਚ ਪਿਛਲੇ 30 ਸਾਲਾਂ ਤੋਂ ਵੱਧ ਸਮੇਂ ਤੋਂ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲੀ ਹੈ। ਹਾਈਕੋਰਟ ਨੇ ਰਾਜੋਆਣਾ ਨੂੰ ਦੋਵਾਂ ਅੱਖਾਂ ਦੇ ਮੋਤੀਆਬਿੰਦ ਦਾ ਆਪ੍ਰੇਸ਼ਨ ਕਰਵਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਉਹ ਪੀਜੀਆਈ (PGI) ਚੰਡੀਗੜ੍ਹ ਵਿਖੇ ਆਪਣੀਆਂ ਅੱਖਾਂ ਦਾ ਆਪ੍ਰੇਸ਼ਨ ਕਰਵਾ ਸਕਦੇ ਹਨ।
ਰਾਜੋਆਣਾ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਪਟਿਆਲਾ ਸਥਿਤ ਡਾ. ਆਰ. ਐੱਸ. ਰੰਧਾਵਾ ਆਈ ਹਸਪਤਾਲ ਤੋਂ ਦੋਵਾਂ ਅੱਖਾਂ ਦਾ ਆਪ੍ਰੇਸ਼ਨ ਕਰਵਾਉਣ ਦੀ ਆਗਿਆ ਮੰਗੀ ਸੀ। ਉਨ੍ਹਾਂ ਨੇ ਅਦਾਲਤ ਨੂੰ ਭਰੋਸਾ ਦਿੱਤਾ ਸੀ ਕਿ ਉਹ ਇਸ ਇਲਾਜ ਅਤੇ ਆਪ੍ਰੇਸ਼ਨ ਦਾ ਸਾਰਾ ਖ਼ਰਚਾ ਖ਼ੁਦ ਚੁੱਕਣ ਲਈ ਤਿਆਰ ਹਨ।
ਜੇਲ੍ਹ ਹਸਪਤਾਲ ਵਿੱਚ ਸੁਵਿਧਾ ਦੀ ਘਾਟ ਪਟੀਸ਼ਨ ਵਿੱਚ ਦੱਸਿਆ ਗਿਆ ਕਿ ਪਟਿਆਲਾ ਕੇਂਦਰੀ ਜੇਲ੍ਹ ਦੇ ਹਸਪਤਾਲ ਵਿੱਚ ਮੋਤੀਆਬਿੰਦ ਦੇ ਆਪ੍ਰੇਸ਼ਨ ਦੀ ਸੁਵਿਧਾ ਉਪਲਬਧ ਨਹੀਂ ਹੈ। ਜੇਲ੍ਹ ਹਸਪਤਾਲ ਦੇ ਡਾਕਟਰਾਂ ਨੇ ਵੀ ਮਾਹਿਰਾਂ ਤੋਂ ਸਲਾਹ ਲਈ ਸੀ, ਜਿਸ ਤੋਂ ਬਾਅਦ ਇਹ ਸਪੱਸ਼ਟ ਹੋਇਆ ਕਿ ਆਪ੍ਰੇਸ਼ਨ ਤੋਂ ਬਾਅਦ ਉਨ੍ਹਾਂ ਨੂੰ ਮੋਟੇ ਨੰਬਰ ਵਾਲੀ ਐਨਕ ਲਗਾਉਣ ਤੋਂ ਰਾਹਤ ਮਿਲ ਸਕਦੀ ਹੈ। ਇਸ ਕਾਰਨ ਰਾਜੋਆਣਾ ਨੇ ਪੁਲਿਸ ਸੁਰੱਖਿਆ ਹੇਠ ਨਿੱਜੀ ਹਸਪਤਾਲ ਲਿਜਾਣ ਦੀ ਅਪੀਲ ਕੀਤੀ ਸੀ, ਜਿਸ 'ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਉਨ੍ਹਾਂ ਨੂੰ ਪੀਜੀਆਈ ਚੰਡੀਗੜ੍ਹ ਤੋਂ ਆਪ੍ਰੇਸ਼ਨ ਕਰਵਾਉਣ ਦੀ ਪ੍ਰਵਾਨਗੀ ਦਿੱਤੀ ਹੈ।
30 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਹਨ ਰਾਜੋਆਣਾ ਬਲਵੰਤ ਸਿੰਘ ਰਾਜੋਆਣਾ 27 ਜਨਵਰੀ 1996 ਤੋਂ ਲਗਾਤਾਰ ਹਿਰਾਸਤ ਵਿੱਚ ਹਨ ਅਤੇ 30 ਸਾਲਾਂ ਤੋਂ ਵੱਧ ਸਮਾਂ ਜੇਲ੍ਹ ਵਿੱਚ ਬਿਤਾ ਚੁੱਕੇ ਹਨ। 31 ਅਗਸਤ 1995 ਦੇ ਸੀਬੀਆਈ ਮਾਮਲੇ ਵਿੱਚ ਚੰਡੀਗੜ੍ਹ ਦੀ ਵਧੀਕ ਸੈਸ਼ਨ ਅਦਾਲਤ ਨੇ 31 ਜੁਲਾਈ 2007 ਨੂੰ ਉਨ੍ਹਾਂ ਨੂੰ ਮੌਤ ਦੀ ਸਜ਼ਾ ਸੁਣਾਈ ਸੀ, ਜਿਸ ਨੂੰ ਬਾਅਦ ਵਿੱਚ ਹਾਈਕੋਰਟ ਅਤੇ ਸੁਪਰੀਮ ਕੋਰਟ ਨੇ ਵੀ ਬਰਕਰਾਰ ਰੱਖਿਆ ਸੀ।
.png)
ਪਟੀਸ਼ਨ ਵਿੱਚ ਇਹ ਵੀ ਜ਼ਿਕਰ ਕੀਤਾ ਗਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਨੇ ਅੱਠ ਸਿੱਖ ਕੈਦੀਆਂ ਦੀ ਰਿਹਾਈ ਦਾ ਫ਼ੈਸਲਾ ਲਿਆ ਸੀ, ਜਿਨ੍ਹਾਂ ਵਿੱਚ ਬਲਵੰਤ ਸਿੰਘ ਰਾਜੋਆਣਾ ਦਾ ਨਾਮ ਵੀ ਸ਼ਾਮਲ ਸੀ, ਹਾਲਾਂਕਿ ਇਹ ਹੁਕਮ ਹਾਲੇ ਤੱਕ ਅਮਲ ਵਿੱਚ ਨਹੀਂ ਆ ਸਕੇ। ਹੁਣ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਰਾਜੋਆਣਾ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਪੀਜੀਆਈ ਚੰਡੀਗੜ੍ਹ ਵਿਖੇ ਆਪ੍ਰੇਸ਼ਨ ਲਈ ਲਿਆਂਦਾ ਜਾਵੇਗਾ।

