ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਦੀ ਨਿਰਵਿਘਨ ਸਪਲਾਈ ਲਈ ਕੀਤੀਆਂ ਤਿਆਰੀਆਂ ਮੁਕੰਮਲ
ਚੰਡੀਗੜ੍ਹ, 19 ਮਈ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਬਿਜਲੀ ਦੀ ਨਿਰਵਿਘਨ ਸਪਲਾਈ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਇਹ ਜਾਣਕਾਰੀ ਅੱਜ ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਵੱਲੋਂ ਦਿੱਤੀ ਗਈ।
ਉਹਨਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ. ਵਿਧੀ) ਨੂੰ ਪ੍ਰਫੁਲਿਤ ਕਰਨ ਲਈ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ, ਜਿਸ ਦੇ ਮੱਦੇਨਜ਼ਰ ਇਸ ਵਾਰ ਝੋਨੇ ਦੀ ਸਿੱਧੀ ਲਵਾਈ ਲਈ ਪਿਛਲੇ ਸਾਲਾਂ ਨਾਲੋਂ ਪਹਿਲਾਂ ਹੀ ਸਮਾਂ ਸਾਰਣੀ ਜਾਰੀ ਕਰ ਦਿੱਤੀ ਗਈ ਹੈ। ਉਹਨਾਂ ਅੱਗੇ ਕਿਹਾ ਕਿ ਇੱਕ ਕਿਲੋ ਚਾਵਲ ਪੈਦਾ ਕਰਨ ਲਈ 3800 ਲੀਟਰ ਪਾਣੀ ਲੱਗਦਾ ਹੈ ਜਦਕਿ ਡੀ.ਐਸ.ਆਰ. ਵਿਧੀ ਰਾਹੀਂ 400-500 ਪ੍ਰਤੀ ਕਿਲੋ ਚੌਲ ਪਾਣੀ ਦੀ ਬਚਤ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਸੂਬਾ ਸਰਕਾਰ ਡੀ.ਐਸ.ਆਰ. ਵਿਧੀ ਰਾਹੀਂ ਝੋਨੇ ਦੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਪ੍ਰਤੀ ਏਕੜ ਸਬਸਿਡੀ ਦਿੰਦੀ ਹੈ।
ਬਿਜਲੀ ਮੰਤਰੀ ਨੇ ਦੱਸਿਆ ਕਿ ਝੋਨੇ ਦੇ ਸੀਜ਼ਨ ਦੌਰਾਨ 8 ਘੰਟੇ ਬਿਜਲੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਈ ਜਾਵੇਗੀ ਅਤੇ ਲੋੜ ਪੈਣ ‘ਤੇ ਇਹ ਸਮਾਂ ਵਧਾਇਆ ਵੀ ਜਾ ਸਕਦਾ ਹੈ। ਉਹਨਾਂ ਦੱਸਿਆ ਕਿ ਸੂਬੇ ਦੇ ਮੌਜੂਦਾ 15 ਬਿਜਲੀ ਯੂਨਿਟਾਂ ਵਿੱਚੋਂ 14 ਬਿਜਲੀ ਯੂਨਿਟ ਆਪਣੀ ਪੂਰੀ ਸਮਰਥਾ ਨਾਲ ਕਾਰਜਸ਼ੀਲ ਹਨ ਅਤੇ ਇੱਕ ਯੂਨਿਟ ਵੀ ਅਗਲੇ ਤਿੰਨ ਦਿਨਾਂ ਵਿੱਚ ਕੰਮ ਕਰਨਾ ਸ਼ੁਰੂ ਕਰ ਦੇਵੇਗਾ। ਉਹਨਾਂ ਦੱਸਿਆ ਕਿ ਬੀਤੇ ਵਰ੍ਹੇ ਸੂਬੇ ਵਿੱਚ ਬਿਜਲੀ ਦੀ ਪੀਕ ਡਿਮਾਂਡ 16058 ਮੈਗਾਵਾਟ ਰਹੇ ਸਨ, ਜਿਸ ਦੇ ਮੱਦੇਨਜ਼ਰ ਇਸ ਸਾਲ 17000 ਮੈਗਾਵਾਟ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਤੋਂ ਇਲਾਵਾ ਬਿਜਲੀ ਪਲਾਂਟਾਂ ਕੋਲ 30 ਦਿਨ ਦਾ ਕੋਲੇ ਦਾ ਭੰਡਾਰ ਮੌਜੂਦ ਹੈ ਅਤੇ ਸੂਬੇ ਵਿੱਚ ਟ੍ਰਾਂਸਮਿਸ਼ਨ ਨੂੰ ਵੀ ਬਿਹਤਰ ਬਣਾਇਆ ਗਿਆ ਹੈ।
ਬਿਜਲੀ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਝੋਨੇ ਦੀ ਬਿਜਾਈ ਅਤੇ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਪੜਾਅਵਾਰ ਢੰਗ ਨਾਲ ਅਤੇ ਨਿਰਧਾਰਿਤ ਸ਼ਡਿਊਲ ਅਨੁਸਾਰ ਕੀਤੀ ਜਾਵੇਗੀ। 15 ਮਈ ਤੋਂ 31 ਮਈ, 2025 ਤੱਕ ਝੋਨੇ ਦੀ ਸਿੱਧੀ ਬਿਜਾਈ ਕਰਨ ਨੂੰ ਮਨਜ਼ੂਰੀ ਹੈ। 1 ਜੂਨ ਤੋਂ, ਅੰਤਰ ਰਾਸ਼ਟਰੀ ਸਰਹੱਦ ਦੇ ਨਾਲ ਲੱਗਦੇ ਖੇਤਰਾਂ ਅਤੇ ਨਹਿਰੀ ਸਿੰਚਾਈ ਵਾਲੇ ਖੇਤਰਾਂ ਵਿੱਚ ਬਿਜਾਈ ਦੀ ਆਗਿਆ ਹੋਵੇਗੀ, ਜਿਸ ਵਿੱਚ ਫਰੀਦਕੋਟ, ਬਠਿੰਡਾ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਸ਼ਾਮਲ ਹਨ। 5 ਜੂਨ ਤੋਂ, ਗੁਰਦਾਸਪੁਰ, ਪਠਾਨਕੋਟ, ਤਰਨਤਾਰਨ, ਅੰਮ੍ਰਿਤਸਰ, ਰੂਪਨਗਰ, ਐਸਏਐਸ ਨਗਰ (ਮੁਹਾਲੀ), ਫਤਿਹਗੜ੍ਹ ਸਾਹਿਬ ਅਤੇ ਹੁਸ਼ਿਆਰਪੁਰ ਵਿੱਚ ਬਿਜਾਈ ਸ਼ੁਰੂ ਕੀਤੀ ਜਾ ਸਕਦੀ ਹੈ। ਬਾਕੀ ਜ਼ਿਲ੍ਹੇ ਜਿਵੇਂ- ਲੁਧਿਆਣਾ, ਮਲੇਰਕੋਟਲਾ, ਮਾਨਸਾ, ਮੋਗਾ, ਪਟਿਆਲਾ, ਸੰਗਰੂਰ, ਬਰਨਾਲਾ, ਕਪੂਰਥਲਾ, ਜਲੰਧਰ ਅਤੇ ਸ਼ਹੀਦ ਭਗਤ ਸਿੰਘ ਨਗਰ – ਵਿੱਚ 9 ਜੂਨ ਤੋਂ ਬਿਜਾਈ ਸ਼ੁਰੂ ਹੋ ਜਾਵੇਗੀ।
ਡੀ.ਐਸ.ਆਰ. ਅਧੀਨ ਖੇਤਰਾਂ ਲਈ 8 ਘੰਟੇ ਰੋਜ਼ਾਨਾ ਬਿਜਲੀ ਸਪਲਾਈ 15 ਮਈ ਤੋਂ ਸ਼ੁਰੂ ਹੋ ਚੁੱਕੀ ਹੈ। ਹੋਰ ਖੇਤਰਾਂ ਲਈ, 8 ਘੰਟੇ ਦੀ ਸਪਲਾਈ ਰਾਜ ਸਰਕਾਰ ਦੁਆਰਾ ਜਾਰੀ ਬਿਜਾਈ ਸ਼ਡਿਊਲ ਦੇ ਅਨੁਸਾਰ ਲਾਗੂ ਕੀਤੀ ਜਾਵੇਗੀ।
ਹਰਭਜਨ ਸਿੰਘ ਈਟੀਓ ਨੇ ਭਰੋਸਾ ਦਿਵਾਇਆ ਕਿ ਸਰਕਾਰ ਬਿਜਾਈ ਸੀਜ਼ਨ ਦੌਰਾਨ ਕਿਸਾਨਾਂ ਦੀ ਸਹਾਇਤਾ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਲੋੜੀਂਦੀ ਬਿਜਲੀ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਸਾਰੇ ਜ਼ਰੂਰੀ ਉਪਾਅ ਕੀਤੇ ਗਏ ਹਨ। ਉਹਨਾਂ ਕਿਹਾ ਕਿ ਝੋਨੇ ਦੇ ਇਸ ਸੀਜ਼ਨ ਦੌਰਾਨ ਘਰੇਲੂ ਖਪਤਕਾਰਾਂ ਤੇ ਉਦਯੋਗਾਂ ਨੂੰ ਵੀ ਨਿਰਵਿਘਨ ਬਿਜਲੀ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ।