ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਿੰਡ ਬਿਗੜਵਾਲ ਵਿੱਚ 04 ਕਰੋੜ 12 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਿੰਡ ਬਿਗੜਵਾਲ ਵਿੱਚ 04 ਕਰੋੜ 12 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ

ਸੁਨਾਮ, 15 ਮਾਰਚ:

ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਹਲਕਾ ਸੁਨਾਮ ਦੇ ਪਿੰਡ ਬਿਗੜਵਾਲ ਵਿਖੇ ਲਗਭਗ 04 ਕਰੋੜ 12 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਬਿਹਤਰ ਸੜਕਾਂ ਅਤੇ ਹੋਰ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਵਿਕਾਸ ਕਾਰਜਾਂ ਤਹਿਤ ਬਿਗੜਵਾਲ ਫਿਰਨੀ ਤੋਂ ਸ਼ਮਸ਼ਾਨਘਾਟ ਤਕ ਨਵੀਂ ਸੜਕ ਦੇ ਨਿਰਮਾਣ ਦਾ ਨੀਂਹ ਪੱਥਰ ਰੱਖਿਆ ਗਿਆ ਹੈ, ਇਸ ਪ੍ਰੋਜੈਕਟ ਦੀ ਲਾਗਤ 18.15 ਲੱਖ ਰੁਪਏ ਹੈ। ਇਸ ਤੋਂ ਇਲਾਵਾ ਬਿਗੜਵਾਲ ਫਿਰਨੀ ਤੋਂ ਬਾਬਾ ਜੈਮਲ ਸਿੰਘ ਜੀ ਸਮਾਧ ਤਕ 59 ਲੱਖ ਰੁਪਏ ਦੀ ਲਾਗਤ ਵਾਲੀ
ਨਵੀਂ ਸੜਕ ਦਾ ਨੀਂਹ ਪੱਥਰ ਰੱਖਿਆ ਗਿਆ ਹੈ।

ਬਿਗੜਵਾਲ ਫਿਰਨੀ ਤੋਂ ਹਨੂੰਮਾਨ ਮੰਦਰ ਤੱਕ ਨਵੀਂ ਸੜਕ ਦੇ ਨਿਰਮਾਣ ਲਈ 40.85 ਲੱਖ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ ਹੈ, ਜਦਕਿ ਪਿੰਡ ਦੀਆਂ ਅੰਦਰੂਨੀ ਨਵੀਆਂ ਸੜਕਾਂ ਲਈ 72.68 ਲੱਖ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਦਾ ਵੀ ਨੀਂਹ ਪੱਥਰ ਰੱਖਿਆ ਗਿਆ।

ਕੈਬਨਿਟ ਮੰਤਰੀ ਨੇ ਇਹ ਵੀ ਦੱਸਿਆ ਕਿ ਸੁਨਾਮ-ਬਿਗੜਵਾਲ ਰੋਡ ਤੋਂ ਸੁਨਾਮ-ਖਡਿਆਲ ਰੋਡ ਤੱਕ ਨਵੀਂ ਸੜਕ ਦਾ ਨਿਰਮਾਣ 01 ਕਰੋੜ 37 ਲੱਖ ਰੁਪਏ ਦੀ ਲਾਗਤ ਨਾਲ ਕੀਤਾ ਜਾਵੇਗਾ। ਇਸ ਤੋਂ ਇਲਾਵਾ ਬਿਗੜਵਾਲ ਤੋਂ ਜਗਤਪੁਰਾ ਰੋਡ ਤੱਕ ਨਵੀਂ ਸੜਕ ਦੇ ਨਿਰਮਾਣ ਲਈ 84 ਲੱਖ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ ਹੈ।

ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਇਨ੍ਹਾਂ ਵਿਕਾਸ ਕਾਰਜਾਂ ਦੇ ਮੁਕੰਮਲ ਹੋਣ ਨਾਲ ਪਿੰਡ ਵਾਸੀਆਂ ਨੂੰ ਆਵਾਜਾਈ ਵਿੱਚ ਕਾਫ਼ੀ ਸੁਵਿਧਾ ਮਿਲੇਗੀ ਅਤੇ ਪਿੰਡ ਦੀ ਕਾਇਆ-ਕਲਪ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਮੂਹਿਕ ਵਿਕਾਸ ਲਈ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਹਲਕੇ ਦੇ ਹੋਰ ਪਿੰਡਾਂ ਵਿੱਚ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾਵੇਗੀ।

ਇਸ ਮੌਕੇ ਮੀਡੀਆ ਵੱਲੋਂ ਕੇਂਦਰ ਸਰਕਾਰ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਕੈਬਨਿਟ ਮੰਤਰੀ ਸ਼੍ਰੀ ਅਰੋੜਾ ਨੇ ਕਿਹਾ ਕਿ ਕੇਂਦਰ ਸਰਕਾਰ, ਪੰਜਾਬ ਦਾ ਰੂਰਲ ਡਿਵੈਲਪਮੈਂਟ ਫੰਡ ਜਾਰੀ ਕਰਨ ਦੇ ਨਾਲ ਨਾਲ ਪੰਜਾਬ ਦੇ ਹੜ੍ਹਾਂ ਦਾ ਮੁਆਵਜ਼ਾ ਤੁਰੰਤ ਜਾਰੀ ਕਰੇ।

ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਪਿੰਡਾਂ ਦੇ ਪੰਚ ਸਰਪੰਚ, ਆਪ ਦੇ ਵੱਖ-ਵੱਖ ਅਹੁਦੇਦਾਰ, ਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ।