ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦਿਉਣ ਖੇੜਾ ਦਾਣਾ ਮੰਡੀ ਦਾ ਲਿਆ ਜਾਇਜ਼ਾ
ਲੰਬੀ/ਸ੍ਰੀ ਮੁਕਤਸਰ ਸਾਹਿਬ, 29 ਅਕਤੂਬਰ
ਕੈਬਨਿਟ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅੱਜ ਹਲਕੇ ਦੀ ਮੰਡੀ ਦਿਉਣ ਖੇੜਾ ਦੌਰਾ ਕਰਕੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੇ ਦਿਨ ਤੱਕ ਕੁੱਲ 471651 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ 436204 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ। ਉਨ੍ਹਾਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨ ਤੱਕ ਪਨਗ੍ਰੇਨ ਵੱਲੋਂ ਕੁੱਲ 189868 ਮੀਟ੍ਰਿਕ ਟਨ, ਮਾਰਕਫ਼ੈਡ ਵੱਲੋਂ ਕੁੱਲ 95631 ਮੀਟ੍ਰਿਕ ਟਨ, ਪਨਸਪ ਵੱਲੋਂ ਕੁੱਲ 91196 ਮੀਟ੍ਰਿਕ ਟਨ ਅਤੇ ਵੇਅਰ ਹਾਊਸ ਵੱਲੋਂ ਕੁੱਲ 59509 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਨੂੰ ਮੰਡੀਆਂ ਵਿੱਚੋਂ ਚੁੱਕਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਝੋਨੇ ਦੀ ਫਸਲ ਆਉਣ ਉਪਰੰਤ ਖਰੀਦ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਮਿੱਥੇ ਸਮੇਂ ਵਿੱਚ ਖਰੀਦ ਕੀਤੀ ਗਈ ਫਸਲ ਦੀ ਅਦਾਇਗੀ ਵੀ ਆਨਲਾਈਨ ਉਨ੍ਹਾਂ ਦੇ ਖਾਤਿਆਂ ਵਿੱਚ ਕੀਤੀ ਜਾ ਰਹੀ ਹੈ।
ਇਸ ਮੌਕੇ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਲਈ ਪੀਣ ਵਾਲੇ ਸਾਫ਼ ਪਾਣੀ ਦਾ ਪ੍ਰਬੰਧ, ਬਾਰਦਾਨੇ ਦਾ ਪ੍ਰਬੰਧ, ਸਾਫ਼-ਸਫਾਈ ਦਾ ਪ੍ਰਬੰਧ ਅਤੇ ਹੋਰ ਮੁੱਢਲੀਆਂ ਸਹੂਲਤਾਂ ਲਗਾਤਾਰ ਮੁਹੱਈਆ ਕਰਵਾਉਣੀਆਂ ਯਕੀਨੀ ਬਣਾਈਆਂ ਜਾਣ ਅਤੇ ਡਿਊਟੀ ਦੌਰਾਨ ਕੁਤਾਹੀ ਵਰਤਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਇਸ ਮੌਕੇ ਗੁਰਵਿੰਦਰ ਸਿੰਘ, ਗੁਰਪ੍ਰੀਤ ਸਿੰਘ ਪੀਤੂ ਮਾਨ,ਦਵਿੰਦਰ ਮਾਨ ਸਿੰਘ, ਹਰਬੰਸ ਸਿੰਘ ਮਾਨ, ਸਰਪੰਚ ਹਰਜਿੰਦਰ ਸਿੰਘ ਦੰਦੀਵਾਲ, ਮਹੀਂਦਾ ਰਾਮ ਸਰਪੰਚ, ਗੁਰਬਾਜ ਸਿੰਘ ਵਣਵਾਲਾ ਤੋਂ ਇਲਾਵਾ ਮੰਡੀ ਬੋਰਡ, ਮਾਰਕਿਟ ਕਮੇਟੀ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀ, ਆੜ੍ਹਤੀ ਤੇ ਕਿਸਾਨ ਹਾਜ਼ਰ ਸਨ।





