ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ 10 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹੋਸਟਲ ਦਾ ਨੀਂਹ ਪੱਥਰ ਰੱਖਿਆ
ਮਾਨਸਾ, 21 ਫਰਵਰੀ:
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਮਾਤਾ ਸੁੰਦਰੀ ਗਰਲਜ਼ ਯੂਨੀਵਰਸਿਟੀ ਕਾਲਜ ਵਿੱਚ ਲਗਭਗ 10 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹੋਸਟਲ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਦੱਸਿਆ ਕਿ ਇਸ ਹੋਸਟਲ ਦੇ ਉਸਾਰੀ ਕਾਰਜ ਅਗਲੇ ਛੇ ਮਹੀਨਿਆਂ ਅੰਦਰ ਮੁਕੰਮਲ ਕਰ ਦਿੱਤੇ ਜਾਣਗੇ ਅਤੇ ਹੋਸਟਲ ਦੇ ਬਣਨ ਨਾਲ ਕਾਲਜ ਵਿੱਚ ਦੂਰ ਦੁਰਾਡੇ ਤੋਂ ਪੜ੍ਹਨ ਲਈ ਆਉਣ ਵਾਲੀਆਂ ਵਿਦਿਆਰਥਣਾ ਨੂੰ ਵੱਡੀ ਰਾਹਤ ਮਿਲੇਗੀ।
ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਕਿ ਛੇਤੀ ਹੀ ਇਸ ਕਾਲਜ ਵਿੱਚ 13 ਲੱਖ ਰੁਪਏ ਦੀ ਲਾਗਤ ਨਾਲ ਅਤਿ ਆਧੁਨਿਕ ਲਾਇਬ੍ਰੇਰੀ ਸਥਾਪਿਤ ਕੀਤੀ ਜਾਵੇਗੀ ਤਾਂ ਜੋ ਇਸ ਕਾਲਜ ਦੀਆਂ ਵਿਦਿਆਰਥਣਾਂ ਸਿੱਖਿਆ ਪ੍ਰਾਪਤ ਕਰਨ ਦੇ ਨਾਲ ਨਾਲ ਭਵਿੱਖ ਵਿੱਚ ਹੋਣ ਵਾਲੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀਆਂ ਤਿਆਰੀਆਂ ਵੀ ਕਰ ਸਕਣ।
ਕਾਲਜ ਕੈਂਪਸ ਵਿੱਚ ਵਿਧਾਇਕ ਮਾਨਸਾ ਡਾ. ਵਿਜੇ ਸਿੰਗਲਾ, ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ, ਡੀ.ਸੀ ਨਵਜੋਤ ਕੌਰ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਗੁਰਪ੍ਰੀਤ ਸਿੰਘ ਭੁੱਚਰ ਦੀ ਮੌਜੂਦਗੀ ਵਿੱਚ ਨੀਹ ਪੱਥਰ ਰੱਖਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਸਰਵ ਪੱਖੀ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਹਨਾਂ ਦੱਸਿਆ ਕਿ ਪਿਛਲੇ ਮਹੀਨਿਆਂ ਦੌਰਾਨ ਜਦੋਂ ਉਹਨਾਂ ਵੱਲੋਂ ਕਾਲਜ ਕੈਂਪਸ ਦਾ ਦੌਰਾ ਕੀਤਾ ਗਿਆ ਸੀ ਤਾਂ ਇੱਥੇ ਵਿਦਿਆਰਥਣਾਂ ਨੇ ਉਹਨਾਂ ਨੂੰ ਜਾਣੂ ਕਰਵਾਇਆ ਸੀ ਕਿ ਹੋਸਟਲ ਦੀ ਕਮੀ ਕਾਰਨ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਵਿਦਿਆਰਥਣਾਂ ਨੂੰ ਦਰਪੇਸ਼ ਇਸ ਵੱਡੀ ਮੁਸ਼ਕਿਲ ਦਾ ਸਥਾਈ ਹੱਲ ਕਰਨ ਲਈ ਸਬੰਧਤ ਮੰਤਰਾਲੇ ਨਾਲ ਰਾਬਤਾ ਕੀਤਾ ਗਿਆ ਅਤੇ ਅੱਜ ਇਸ ਬਹੁ ਕਰੋੜੀ ਪ੍ਰੋਜੈਕਟ ਦੀ ਰਸਮੀ ਤੌਰ ਤੇ ਸ਼ੁਰੂਆਤ ਕਰ ਦਿੱਤੀ ਗਈ ਹੈ। ਉਹਨਾਂ ਦੱਸਿਆ ਕਿ ਪੀਐਮ ਊਸ਼ਾ ਸਕੀਮ ਤਹਿਤ ਬਣਾਏ ਜਾ ਰਹੇ ਇਸ ਹੋਸਟਲ ਵਿੱਚ 122 ਵਿਦਿਆਰਥਣਾ ਲਈ ਰਿਹਾਇਸ਼ੀ ਕਮਰਿਆਂ ਦਾ ਨਿਰਮਾਣ ਕਰਵਾਇਆ ਜਾਵੇਗਾ।
ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਵਿੱਚ ਸੂਬੇ ਦੇ 63 ਹਜ਼ਾਰ ਤੋਂ ਵੱਧ ਨੌਜਵਾਨਾਂ ਅਤੇ ਲੜਕੀਆਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ, ਜੋ ਕਿ ਸਰਕਾਰ ਦੀ ਵੱਡੀ ਪ੍ਰਾਪਤੀ ਹੈ। ਉਹਨਾਂ ਕਿਹਾ ਕਿ ਪੰਜਾਬ ਵਿੱਚੋਂ ਨੌਜਵਾਨਾਂ ਦੇ ਵਿਦੇਸ਼ ਜਾਣ ਦਾ ਰੁਝਾਨ ਘਟਿਆ ਹੈ ਅਤੇ ਨੌਜਵਾਨਾਂ ਦਾ ਪੰਜਾਬ ਵਿੱਚ ਵਿਸ਼ਵਾਸ ਬਹਾਲ ਹੋਇਆ ਹੈ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਵਿੱਚੋਂ ਨਸ਼ਿਆਂ ਅਤੇ ਗੈਂਗਸਟਰਾਂ ਦਾ ਮੁਕੰਮਲ ਸਫਾਇਆ ਕਰਨ ਲਈ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿਸ਼ੇਸ਼ ਮੁਹਿੰਮ ਚਲਾਈ ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆਏ ਹਨ।
ਉਨ੍ਹਾਂ ਸਖਤ ਚਿਤਾਵਨੀ ਦਿੰਦਿਆ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਵਿਗਾੜਨ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਅਪਰਾਧੀ ਨੂੰ ਬਖਸ਼ਿਆ ਨਹੀਂ ਜਾਵੇਗਾ।
ਧੰਨਵਾਦੀ ਸ਼ਬਦ ਸਾਂਝੇ ਕਰਦਿਆਂ ਵਿਧਾਇਕ ਮਾਨਸਾ ਡਾ. ਵਿਜੇ ਸਿੰਗਲਾ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦਾ ਇਸ ਉਦਮ ਲਈ ਵਿਸ਼ੇਸ਼ ਧੰਨਵਾਦ ਕੀਤਾ। ਸਵਾਗਤੀ ਸ਼ਬਦ ਕਾਲਜ ਦੇ ਪ੍ਰਿੰਸੀਪਲ ਡਾ. ਬਰਿੰਦਰ ਕੌਰ ਅਤੇ ਡਾਇਰੈਕਟਰ (ਸੀ.ਸੀ.) ਪੰਜਾਬੀ ਯੂਨੀਵਰਸਿਟੀ ਪਟਿਆਲਾ ਡਾ. ਅਮਰ ਇੰਦਰ ਸਿੰਘ ਨੇ ਸਾਂਝੇ ਕੀਤੇ।
ਸਮਾਗਮ ਦੌਰਾਨ ਕੈਬਨਿਟ ਮੰਤਰੀ ਨੇ ਕਿੱਕ ਬਾਕਸਿੰਗ ਦੇ ਮੁਕਾਬਲੇ ਦੇਖੇ ਅਤੇ ਖਿਡਾਰੀਆਂ ਦੀ ਹੌਸਲਾ ਅਫਜਾਈ ਕਰਦਿਆਂ ਉਹਨਾਂ ਨਾਲ ਯਾਦਗਾਰੀ ਤਸਵੀਰਾਂ ਖਿਚਵਾਈਆਂ।
ਇਸ ਮੌਕੇ ਕਾਲਜ ਪ੍ਰਬੰਧਕਾਂ ਵੱਲੋਂ ਪਰਮਾਤਮਾ ਦੇ ਸ਼ੁਕਰਾਨੇ ਵਜੋਂ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ।
ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੇ ਓਐਸਡੀ ਤਪਿੰਦਰ ਸਿੰਘ ਸੋਹੀ, ਡਾਇਰੈਕਟਰ ਪੰਜਾਬ ਸਟੇਟ ਵਾਟਰ ਰਿਸੋਰਸ ਮੈਨੇਜਮੈਂਟ ਐਂਡ ਡਿਵੈਲਪਮੈਂਟ ਕਾਰਪੋਰੇਸ਼ਨ ਅਮਨ ਮਿੱਤਲ, ਐੱਸ.ਡੀ.ਐੱਮ. ਮਾਨਸਾ ਕਾਲਾ ਰਾਮ ਕਾਂਸਲ, ਪ੍ਰਧਾਨ ਨਗਰ ਕੌਂਸਲ ਮਾਨਸਾ ਸੁਨੀਲ ਕੁਮਾਰ ਨੀਨੂ, ਚੇਅਰਮੈਨ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਿਧਾਨ ਸਭਾ ਬੁਢਲਾਡਾ ਲਲਿਤ ਜੈਨ, ਪ੍ਰਧਾਨ ਇਸਤਰੀ ਵਿੰਗ ਸ਼ਰਨਜੀਤ ਕੌਰ, ਰਮੇਸ਼ ਖਿਆਲਾ ਆਦਿ ਵੀ ਹਾਜ਼ਰ ਸਨ।



