ਕੈਬਨਿਟ ਮੰਤਰੀ ਸ੍ਰ. ਲਾਲਜੀਤ ਸਿੰਘ ਭੁੱਲਰ ਵੱਲੋਂ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਫ਼ਾਈ ਮੁਹਿੰਮ ਦੀ ਸ਼ੁਰੂਆਤ
ਪੱਟੀ, (ਤਰਨ ਤਾਰਨ), 16 ਸਤੰਬਰ:
ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾ ਤਹਿਤ ਅੱਜ ਕੈਬਨਿਟ ਮੰਤਰੀ ਪੰਜਾਬ ਸ੍ਰ. ਲਾਲਜੀਤ ਸਿੰਘ ਭੁੱਲਰ ਵੱਲੋਂ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।
ਇਸ ਦੌਰਾਨ ਕੈਬਨਿਟ ਮੰਤਰੀ ਨੇ ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਰਾਧਲਕੇ, ਰਾਮ ਸਿੰਘ ਵਾਲਾ ਅਤੇ ਮੁੱਠਿਆਂਵਾਲਾ ਆਦਿ ਵਿਖੇ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਇਹ ਸਫਾਈ ਮੁਹਿੰਮ ਉਨ੍ਹਾਂ ਚਿਰ ਤੱਕ ਜਾਰੀ ਰਹੇਗੀ, ਜਦ ਤੱਕ ਸਾਰੇ ਹੜ੍ਹ ਪ੍ਰਭਾਵਿਤ ਖੇਤਰ ਸਾਫ਼ ਨਹੀਂ ਹੋ ਜਾਂਦੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਰਾਜ ਦੇ ਸਾਰੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਫ਼ਾਈ ਮੁਹਿੰਮ ਸ਼ੁਰੂ ਹੋ ਚੁੱਕੀ ਹੈ।ਉਹਨਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਪ੍ਰਭਾਵਿਤ ਪਿੰਡਾਂ ਵਿੱਚ ਲਗਾਤਾਰ ਫਾਗਿੰਗ ਅਤੇ ਐਂਟੀ ਲਾਰਵਾ ਸਪਰੇਅ ਕਰਵਾਈ ਜਾ ਰਹੀ ਹੈ।
ਇਸ ਦੌਰਾਨ ਸ੍ਰ. ਲਾਲਜੀਤ ਸਿੰਘ ਭੁੱਲਰ ਨੇ ਹਰੇਕ ਪਿੰਡ ਦੇ ਪੰਚ-ਸਰਪੰਚ ਨੂੰ ਆਪਣੀ ਗ੍ਰਾਮ ਪੰਚਾਇਤ ਵਿੱਚ ਤੁਰੰਤ ਸਫ਼ਾਈ ਮੁਹਿੰਮ ਸ਼ੁਰੂ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਹੜ੍ਹਾਂ ਜਾਂ ਬਾਰਿਸ਼ਾਂ ਤੋਂ ਬਾਅਦ ਗਲੀਆਂ, ਨਾਲੀਆਂ ਤੇ ਸੜਕਾਂ ਦੀ ਸਾਫ਼-ਸਫ਼ਾਈ ਲਾਜ਼ਮੀ ਹੋ ਜਾਂਦੀ ਹੈ।ਉਨ੍ਹਾਂ ਕਿਹਾ ਕਿ ਪਾਣੀ ਤੋਂ ਬਾਅਦ ਕਈ ਬਿਮਾਰੀਆਂ ਦੇ ਫੈਲਣ ਦੀ ਸੰਭਾਵਨਾ ਹੁੰਦੀ ਹੈ, ਜਿਸ ਕਰਕੇ ਵਾਤਾਵਰਣ ਨੂੰ ਸਾਫ-ਸੁਥਰਾ ਰੱਖਣਾ ਲਾਜ਼ਮੀ ਹੈ ਅਤੇ ਸਾਰੇ ਨਾਗਰਿਕਾਂ ਨੂੰ ਵੱਧ ਚੜ੍ਹ ਕੇ ਇਸ ਮੁਹਿੰਮ ਵਿਚ ਯੋਗਦਾਨ ਪਾਉਣਾ ਚਾਹੀਦਾ ਹੈ।
ਉਹਨਾਂ ਕਿਹਾ ਕਿ ਹੜ੍ਹ ਦੇ ਸਮੇਂ ਸੜਕਾਂ ਦੇ ਕਿਨਾਰਿਆਂ ’ਤੇ ਖੜ੍ਹੇ ਪਾਣੀ ਕਾਰਨ ਮਲੇਰੀਆ, ਡੇਂਗੂ ਅਤੇ ਚਿਕਨਪੌਕਸ ਵਰਗੀਆਂ ਬਿਮਾਰੀਆਂ ਦੇ ਫੈਲਣ ਦਾ ਖਤਰਾ ਹੈ ਅਤੇ ਇਨ੍ਹਾਂ ਬਿਮਾਰੀਆਂ ਦੇ ਖਦਸ਼ੇ ਨੂੰ ਰੋਕਣ ਲਈ ਸਿਹਤ ਵਿਭਾਗ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ।ਉੁਹਨਾਂ ਦੱਸਿਆ ਕਿ ਹੜ੍ਹਾਂ ਕਰਕੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਨੁਕਸਾਨ ਹੋਇਆ ਹੈ ਅਤੇ ਘਰਾਂ ਤੇ ਪਸ਼ੂਆਂ ਨੂੰ ਵੀ ਭਾਰੀ ਹਾਨੀ ਪਹੁੰਚੀ ਹੈ।ਉਹਨਾਂ ਕਿਹਾ ਕਿ ਪਸ਼ੂਆਂ ਵਿੱਚ ਬਿਮਾਰੀਆਂ ਫੈਲਣ ਦੇ ਖਦਸ਼ੇ ਨੂੰ ਰੋਕਣ ਲਈ ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਵਲੋਂ ਪਿੰਡ-ਪਿੰਡ ਜਾ ਕੇ ਪਸ਼ੂਆਂ ਦਾ ਟੀਕਾਕਰਨ ਵੀ ਕੀਤਾ ਜਾ ਰਿਹਾ ਹੈ।
ਉਹਨਾਂ ਕਿਹਾ ਕਿ ਇਸ ਸੰਕਟ ਦੀ ਘੜੀ ਵਿੱਚ ਪੰਜਾਬ ਸਰਕਾਰ ਹੜ੍ਹ ਪੀੜਤਾਂ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਹੁਕਮਾਂ ਤਹਿਤ ਫ਼ਸਲਾਂ ਦੇ ਨੁਕਸਾਨ ਦਾ ਪਤਾ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਚੱਲ ਰਹੀ ਹੈ ਜੋ ਜਲਦੀ ਹੀ ਪੂਰੀ ਕਰ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਤੁਰੰਤ ਬਾਅਦ ਕਿਸਾਨਾਂ ਨੂੰ ਮੁਆਵਜ਼ੇ ਦੇ ਚੈੱਕ ਮਿਲਣੇ ਸ਼ੁਰੂ ਹੋ ਜਾਣਗੇ।
ਉਨ੍ਹਾਂ ਕਿਹਾ ਕਿ ਜਿਨ੍ਹਾਂ ਘਰਾਂ ਨੂੰ ਨੁਕਸਾਨ ਪਹੁੰਚਿਆ ਹੈ, ਉਨ੍ਹਾਂ ਨੂੰ ਵੀ ਸਰਕਾਰ ਵੱਲੋਂ ਮੁਆਵਜ਼ਾ ਦਿੱਤਾ ਜਾਵੇਗਾ।ਇਸੇ ਤਰ੍ਹਾਂ ਜਿੰਨ੍ਹਾਂ ਲੋਕਾਂ ਦੇ ਪਸ਼ੂ ਹੜ੍ਹਾਂ ਵਿੱਚ ਵਹਿ ਗਏ ਸਨ ਜਾਂ ਮਰ ਗਏ ਸਨ, ਉਨ੍ਹਾਂ ਦੇ ਨੁਕਸਾਨ ਦੀ ਭਰਪਾਈ ਵੀ ਸਰਕਾਰ ਵੱਲੋਂ ਕੀਤੀ ਜਾਵੇਗੀ।