ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਵਿਧਾਇਕ ਬੁੱਧ ਰਾਮ ਨੇ ਸੰਗਤ ਨਾਲ ਲਗਾਇਆ ਗਾਈਡਡ ਵਿਰਾਸਤੀ ਟੂਰ
*ਸ੍ਰੀ ਅਨੰਦਪੁਰ ਸਾਹਿਬ/ਚੰਡੀਗੜ੍ਹ, 23 ਨਵੰਬਰ:*
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਤਿੰਨ ਦਿਨਾ ਯਾਦਗਾਰੀ ਸਮਾਗਮਾਂ ਦੌਰਾਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੰਗਤਾਂ ਲਈ ਵਿਸ਼ੇਸ਼ ਤੌਰ 'ਤੇ ਉਲੀਕੇ ਗਏ ਗਾਇਡਡ ਟੂਰ ਦਾ ਯਾਤਰੀ ਭਰਪੂਰ ਲਾਭ ਉਠਾ ਰਹੇ ਹਨ।
ਦੱਸ ਦੇਈਏ ਕਿ ਪੰਜਾਬ ਸਰਕਾਰ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਿਤ ਵਿਰਾਸਤ-ਏ-ਖ਼ਾਲਸਾ, ਇਤਿਹਾਸਕ ਗੁਰਦੁਆਰਾ ਸਾਹਿਬਾਨ, ਪੰਜ ਪਿਆਰਾ ਪਾਰਕ ਸਬੰਧੀ ਲੋਕਾਂ ਨੂੰ ਜਾਣਕਾਰੀ ਦੇਣ ਦੇ ਮਕਸਦ ਨਾਲ ਗਾਈਡਡ ਟੂਰ ਸ਼ੁਰੂ ਕੀਤੇ ਗਏ ਹਨ।
ਇਨ੍ਹਾਂ ਗਾਈਡਡ ਟੂਰਾਂ ਲਈ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਭਾਸ਼ਾ ਵਿੱਚ ਮਾਹਿਰ ਅਤੇ ਪੰਜਾਬ ਅਤੇ ਸਿੱਖ ਇਤਿਹਾਸ ਤੋਂ ਜਾਣੂ ਗਾਈਡਜ਼ ਨੂੰ ਤਾਇਨਾਤ ਕੀਤਾ ਗਿਆ ਹੈ।
ਇਨ੍ਹਾਂ ਗਾਈਡਡ ਟੂਰਜ਼ ਦੀ ਸ਼ੂਰੁਆਤ ਵਿਰਾਸਤ-ਏ-ਖ਼ਾਲਸਾ ਤੋਂ ਕੀਤੀ ਜਾਂਦੀ ਹੈ, ਜਿੱਥੇ 27 ਗੈਲਰੀਆਂ ਰਾਹੀਂ ਸੰਗਤਾਂ ਨੂੰ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੱਕ, ਬਾਬਾ ਬੰਦਾ ਸਿੰਘ ਬਹਾਦਰ, ਸਿੱਖ ਮਿਸਲਾਂ, ਮਹਾਰਾਜਾ ਰਣਜੀਤ ਸਿੰਘ ਦਾ ਰਾਜਕਾਲ, ਅੰਗਰੇਜ਼ ਸਰਕਾਰ ਖ਼ਿਲਾਫ਼ ਸੰਘਰਸ਼,1947 ਦੀ ਵੰਡ ਅਤੇ ਪੰਜਾਬੀ ਸੂਬਾ ਮੋਰਚੇ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।ਇਸ ਉਪਰੰਤ ਪੰਜ ਪਿਆਰਾ ਪਾਰਕ ਸਬੰਧੀ, ਸ੍ਰੀ ਅਨੰਦਪੁਰ ਸਾਹਿਬ ਦੇ ਇਤਿਹਾਸਕ ਗੁਰਦੁਆਰਿਆਂ ਸਬੰਧੀ ਗਾਈਡਡ ਟੂਰ ਲਗਾਇਆ ਜਾ ਰਿਹਾ ਹੈ ਅਤੇ ਸੰਗਤਾਂ ਨੂੰ ਇਨ੍ਹਾਂ ਸਥਾਨਾਂ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਜਾਂਦਾ ਹੈ।
ਇਹ ਟੂਰ ਸੰਗਤ ਨੂੰ ਗੁਰੂ ਸਾਹਿਬਾਨ ਦੀ ਅਨਮੋਲ ਵਿਰਾਸਤ ਨਾਲ ਰੂਬਰੂ ਕਰਾਉਂਦਾ ਹੋਇਆ ਰੂਹਾਨੀ ਮਾਹੌਲ ਪੈਦਾ ਕਰ ਰਿਹਾ ਹੈ।
ਅੱਜ ਪੰਜਾਬ ਦੇ ਸੈਰ-ਸਪਾਟਾ ਮੰਤਰੀ ਸ. ਤਰੁਣਪ੍ਰੀਤ ਸਿੰਘ ਸੌਂਦ, ਵਿਧਾਇਕ ਸ੍ਰੀ ਬੁੱਧ ਰਾਮ ਵੀ ਸੰਗਤ ਨਾਲ ਇਸ ਗਾਈਡਡ ਟੂਰ ਵਿੱਚ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਇਹ ਗਾਈਡਡ ਟੂਰ ਸੰਗਤਾਂ ਨੂੰ ਖ਼ਾਸਕਰ ਨਵੀਂ ਪੀੜ੍ਹੀ ਨੂੰ ਸਿੱਖ ਇਤਿਹਾਸ ਅਤੇ ਪੰਜਾਬ ਦੇ ਇਤਿਹਾਸ ਨਾਲ ਡੂੰਘਾਈ ਨਾਲ ਜੋੜ ਰਹੇ ਹਨ।
ਇਸ ਦੌਰਾਨ ਸੰਗਤ ਨੇ ਕਿਹਾ ਕਿ ਇਹ ਗਾਈਡਡ ਟੂਰ ਉਨ੍ਹਾਂ ਨੂੰ ਸਿੱਖ ਵਿਰਾਸਤ ਨੂੰ ਅਰਥਪੂਰਨ ਢੰਗ ਨਾਲ ਸਮਝਣ ਵਿੱਚ ਮਦਦਗਾਰ ਸਾਬਤ ਹੋ ਰਿਹਾ ਹੈ।


