ਕੈਬਨਿਟ ਸਬ-ਕਮੇਟੀ ਵੱਲੋਂ ਨਗਰ ਨਿਗਮਾਂ ਦੀਆਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਜਾਇਜ਼ ਮੰਗਾਂ ਦੇ ਜਲਦ ਹੱਲ ਦਾ ਦਿੱਤਾ ਭਰੋਸਾ
ਚੰਡੀਗੜ੍ਹ, 21 ਜੁਲਾਈ
ਪੰਜਾਬ ਸਰਕਾਰ ਦੇ ਮੁਲਾਜਮਾਂ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਵੱਲੋਂ ਅੱਜ ਨਗਰ ਨਿਗਮਾਂ ਦੀਆਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ, ਜਿਸ ਵਿੱਚ ਉਨ੍ਹਾਂ ਦੀਆਂ ਮੰਗਾਂ ਅਤੇ ਮੁੱਦਿਆਂ ਬਾਰੇ ਵਿਆਪਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਕੈਬਨਿਟ ਸਬ-ਕਮੇਟੀ ਨੇ ਸਥਾਨਕ ਸਰਕਾਰਾਂ ਵਿਭਾਗ ਨੂੰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਲਈ ਵਿਵਹਾਰਕ ਹੱਲ ਪੇਸ਼ ਕਰਨ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।
ਮੀਟਿੰਗ ਦੀ ਪ੍ਰਧਾਨਗੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਕੀਤੀ। ਉਨ੍ਹਾਂ ਨਾਲ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ, ਸਾਬਕਾ ਮੰਤਰੀ ਅਤੇ ਹੁਸ਼ਿਆਰਪੁਰ ਦੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ, ਸਾਬਕਾ ਮੰਤਰੀ ਅਤੇ ਕਰਤਾਰਪੁਰ ਦੇ ਵਿਧਾਇਕ ਬਲਕਾਰ ਸਿੰਘ ਵੀ ਹਾਜਰ ਸਨ। ਇਸ ਮੌਕੇ ਵਧੀਕ ਮੁੱਖ ਸਕੱਤਰ ਸਥਾਨਕ ਸਰਕਾਰਾਂ ਤੇਜਵੀਰ ਸਿੰਘ ਅਤੇ ਨਗਰ ਨਿਗਮ ਹੁਸ਼ਿਆਰਪੁਰ ਦੇ ਕਮਿਸ਼ਨਰ ਜੋਤੀ ਬਾਲਾ ਮੱਟੂ ਵੀ ਮੌਜੂਦ ਸਨ। ਪੰਜਾਬ ਸਫਾਈ ਮਜ਼ਦੂਰ ਫੈਡਰੇਸ਼ਨ ਅਤੇ ਮਿਊਂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਨੁਮਾਇੰਦਿਆਂ ਨੇ ਸੈਸ਼ਨ ਦੌਰਾਨ ਆਪਣੀਆਂ ਮੰਗਾਂ ਪੇਸ਼ ਕੀਤੀਆਂ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਥਾਨਕ ਸਰਕਾਰਾਂ ਵਿਭਾਗ ਤੋਂ ਪਿਛਲੀ ਮੀਟਿੰਗ ਤੋਂ ਬਾਅਦ ਯੂਨੀਅਨਾਂ ਦੇ ਮੁੱਦਿਆਂ ਨੂੰ ਹੱਲ ਕਰਨ ਦੀ ਦਿਸ਼ਾ ਵਿੱਚ ਹੋਈ ਪ੍ਰਗਤੀ ਬਾਰੇ ਜਾਣਕਾਰੀ ਲਈ ਗਈ। ਉਨ੍ਹਾਂ ਯੂਨੀਅਨ ਆਗੂਆਂ ਨੂੰ ਵਿਸ਼ਵਾਸ ਦਿਵਾਇਆ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਹਮਦਰਦੀ ਨਾਲ ਵਿਚਾਰ ਕੀਤਾ ਜਾ ਰਿਹਾ ਹੈ ਅਤੇ ਜਾਇਜ ਮੰਗਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਨਗਰ ਨਿਗਮਾਂ ਦੇ ਮੁਲਾਜ਼ਮਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੀਆਂ ਮੰਗਾਂ ਤੇ ਮਸਲਿਆਂ ਨੂੰ ਸਮੇਂ ਸਿਰ ਹੱਲ ਕਰਨ ਲਈ ਵਚਨਬੱਧ ਹੈ।
ਇੰਨ੍ਹਾਂ ਮੀਟਿੰਗਾਂ ਦੌਰਾਨ ਮਿਊਂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੀ ਨੁਮਾਇੰਦਗੀ ਰਮੇਸ਼ ਕੁਮਾਰ (ਕਨਵੀਨਰ), ਕੁਲਵੰਤ ਸਿੰਘ ਸੈਣੀ (ਸਰਪ੍ਰਸਤ), ਗੋਪਾਲ ਥਾਪਰ (ਸਹਿ-ਕਨਵੀਨਰ), ਅਤੇ ਅਸ਼ੋਕ ਤਾਰਵਾਨ (ਸਹਿ-ਕਨਵੀਨਰ) ਨੇ ਕੀਤੀ। ਪੰਜਾਬ ਸਫਾਈ ਮਜ਼ਦੂਰ ਫੈਡਰੇਸ਼ਨ ਦੀ ਨੁਮਾਇੰਦਗੀ ਨਰੇਸ਼ ਕੁਮਾਰ (ਪ੍ਰਧਾਨ), ਜੁਗਿੰਦਰਪਾਲ (ਉਪ ਪ੍ਰਧਾਨ), ਗੋਪਾਲ ਕ੍ਰਿਸ਼ਨ (ਚੇਅਰਮੈਨ), ਰਾਕੇਸ਼ ਅਤੇ ਰਾਜ ਹੰਸ ਨੇ ਕੀਤੀ।