ਮੁੱਖ ਮੰਤਰੀ ਕੈਂਪ ਦਫ਼ਤਰ 'ਤੇ ਸੀਬੀਆਈ ਦਾ ਛਾਪਾ ਇਸ ਗੱਲ ਦਾ ਸੰਕੇਤ ਹੈ ਕਿ ਚੋਣਾਂ ਸਮੇਂ ਸਿਰ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਕੈਂਪ ਦਫ਼ਤਰ 'ਤੇ ਸੀਬੀਆਈ ਦਾ ਛਾਪਾ ਇਸ ਗੱਲ ਦਾ ਸੰਕੇਤ ਹੈ ਕਿ ਚੋਣਾਂ ਸਮੇਂ ਸਿਰ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 8 ਅਕਤੂਬਰ-      ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਮੁੱਖ ਮੰਤਰੀ ਕੈਂਪ ਦਫ਼ਤਰ 'ਤੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੇ ਛਾਪੇ ਨੂੰ ਲੈ ਕੇ ਭਾਜਪਾ 'ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਇਹ ਇਸ ਗੱਲ ਦਾ ਸੰਕੇਤ ਹੈ ਕਿ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਸਮੇਂ ਸਿਰ ਹੋਣਗੀਆਂ। ਉਨ੍ਹਾਂ ਭਾਜਪਾ 'ਤੇ ਜਾਂਚ ਏਜੰਸੀਆਂ ਰਾਹੀਂ ਸੂਬੇ ਵਿੱਚ ਆਪਣੀ ਚੋਣ ਮੁਹਿੰਮ ਸ਼ੁਰੂ ਕਰਨ ਦਾ ਦੋਸ਼ ਲਾਇਆ। ਦਿੱਲੀ, ਪੱਛਮੀ ਬੰਗਾਲ ਅਤੇ ਛੱਤੀਸਗੜ੍ਹ ਵਿੱਚ ਚੋਣਾਂ ਤੋਂ ਪਹਿਲਾਂ ਹੋਈਆਂ ਅਜਿਹੀਆਂ ਹੀ ਛਾਪੇਮਾਰੀਆਂ ਦਾ ਹਵਾਲਾ ਦਿੰਦਿਆਂ ਮਾਨ ਨੇ ਕਿਹਾ ਕਿ ਚਾਹੇ ਕਿੰਨੇ ਵੀ ਛਾਪੇ ਮਾਰ ਲਏ ਜਾਣ, ਉਨ੍ਹਾਂ ਦੀ ਸਰਕਾਰ ਵਿਰੁੱਧ ਭ੍ਰਿਸ਼ਟਾਚਾਰ ਦਾ "ਇੱਕ ਰੁਪਿਆ" ਵੀ ਨਹੀਂ ਮਿਲੇਗਾ। ਉਨ੍ਹਾਂ ਦੁਹਰਾਇਆ ਕਿ ਉਹ ਪੰਜਾਬ ਨੂੰ ਲੁੱਟਣ ਲਈ ਨਹੀਂ, ਸਗੋਂ ਪੰਜਾਬੀਆਂ ਦੀ ਸੇਵਾ ਕਰਨ ਲਈ ਰਾਜਨੀਤੀ ਵਿੱਚ ਆਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਕਰੋੜਾਂ ਰੁਪਏ ਦੇ ਘੁਟਾਲੇ ਕਰਨ ਵਾਲਿਆਂ ਅਤੇ ਬੱਸਾਂ ਤੇ ਹੋਟਲਾਂ ਵਿੱਚ ਹਿੱਸੇਦਾਰੀ ਲੈਣ ਵਾਲਿਆਂ ਦੇ ਦਿਨ ਹੁਣ ਖ਼ਤਮ ਹੋ ਚੁੱਕੇ ਹਨ।

ਇੱਕ ਪ੍ਰੈੱਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਮੁੱਖ ਮੰਤਰੀ ਕੈਂਪ ਦਫ਼ਤਰ 'ਚ ਸੀਬੀਆਈ ਦੀ ਤਲਾਸ਼ੀ ਦਾ ਮਤਲਬ ਹੀ ਇਹ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਸਮੇਂ ਸਿਰ ਹੋਣਗੀਆਂ। ਭਾਜਪਾ ਨੇ ਪੰਜਾਬ 'ਚ ਚੋਣਾਂ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ ਅਤੇ ਸੀਬੀਆਈ ਰਾਹੀਂ ਆਪਣੀ ਚੋਣ ਪ੍ਰਚਾਰ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ।"

ਮੁੱਖ ਮੰਤਰੀ ਨੇ ਕਿਹਾ, "ਭਾਜਪਾ ਕੇਂਦਰੀ ਜਾਂਚ ਏਜੰਸੀਆਂ ਰਾਹੀਂ ਡਰ ਦਾ ਮਾਹੌਲ ਪੈਦਾ ਕਰਨ ਅਤੇ ਲੋਕਾਂ ਦੁਆਰਾ ਚੁਣੀ ਗਈ ਸਰਕਾਰ ਦੇ ਅਕਸ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਪਰ ਉਹ ਚਾਹੇ ਜਿੰਨੇ ਵੀ ਛਾਪੇ ਮਾਰ ਲੈਣ, ਸਾਡੇ ਕੋਲੋਂ ਭ੍ਰਿਸ਼ਟਾਚਾਰ ਦਾ ਇੱਕ ਰੁਪਿਆ ਵੀ ਨਹੀਂ ਮਿਲੇਗਾ।"

ਹੋਰਨਾਂ ਸੂਬਿਆਂ ਵਿੱਚ ਹੋਈਆਂ ਅਜਿਹੀਆਂ ਕਾਰਵਾਈਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ: "ਚੋਣਾਂ ਦੇ ਸਮੇਂ ਹੋਰਨਾਂ ਰਾਜਾਂ ਵਿੱਚ ਵੀ ਇਹੋ ਜਿਹਾ ਤਰੀਕਾ ਦੇਖਣ ਨੂੰ ਮਿਲਿਆ ਹੈ। ਚੋਣਾਂ ਤੋਂ ਪਹਿਲਾਂ ਦਿੱਲੀ, ਪੱਛਮੀ ਬੰਗਾਲ ਅਤੇ ਛੱਤੀਸਗੜ੍ਹ ਵਿੱਚ ਛਾਪੇਮਾਰੀ ਕੀਤੀ ਗਈ ਸੀ ਅਤੇ ਹੁਣ ਭਾਜਪਾ ਪੰਜਾਬ ਵਿੱਚ ਵੀ ਉਹੀ ਰਸਤਾ ਅਪਣਾ ਰਹੀ ਹੈ।"

ਉਨ੍ਹਾਂ ਕਿਹਾ, "ਅਸੀਂ ਨਾ ਤਾਂ ਇਹਨਾਂ ਕਾਰਵਾਈਆਂ ਤੋਂ ਡਰਦੇ ਹਾਂ ਅਤੇ ਨਾ ਹੀ ਇਹਨਾਂ ਨੂੰ ਪੰਜਾਬ ਦੇ ਲੋਕਾਂ ਪ੍ਰਤੀ ਸਾਡੀ ਵਚਨਬੱਧਤਾ ਤੋਂ ਭਟਕਾਉਣ ਦੇਵਾਂਗੇ। ਅਸੀਂ ਪੰਜਾਬ ਨੂੰ ਲੁੱਟਣ ਲਈ ਨਹੀਂ, ਸਗੋਂ ਪੰਜਾਬੀਆਂ ਦੀ ਸੇਵਾ ਕਰਨ ਲਈ ਰਾਜਨੀਤੀ ਵਿੱਚ ਆਏ ਹਾਂ।"

ਸੀਐੱਮ ਭਗਵੰਤ ਸਿੰਘ ਮਾਨ ਨੇ ਕਿਹਾ, "ਸਾਡੀ ਰਾਜਨੀਤੀ ਲੋਕਾਂ ਨੂੰ ਉਨ੍ਹਾਂ ਦੇ ਹੱਕ ਦੇਣ, ਰੁਜ਼ਗਾਰ ਦੇਣ, ਜਨਤਕ ਸੇਵਾਵਾਂ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਨੂੰ ਮੁੜ ਤਰੱਕੀ ਦੀ ਲੀਹ 'ਤੇ ਲਿਆਉਣ ਬਾਰੇ ਹੈ। ਅਸੀਂ ਲੋਕਾਂ ਦੀ ਸੇਵਾ ਕਰਨ ਅਤੇ ਸੂਬੇ ਦੀ ਤਸਵੀਰ ਬਦਲਣ ਦੇ ਸੰਕਲਪ ਨਾਲ ਰਾਜਨੀਤੀ ਵਿੱਚ ਆਏ ਹਾਂ।"

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਡਰ ਅਤੇ ਧਮਕੀਆਂ ਦੀ ਰਾਜਨੀਤੀ ਨੂੰ ਵਾਰ-ਵਾਰ ਨਕਾਰਿਆ ਹੈ। ਉਨ੍ਹਾਂ ਕਿਹਾ, "ਉਹ ਛਾਪੇਮਾਰੀ ਕਰ ਸਕਦੇ ਹਨ, ਏਜੰਸੀਆਂ ਭੇਜ ਸਕਦੇ ਹਨ ਅਤੇ ਦਬਾਅ ਬਣਾ ਸਕਦੇ ਹਨ, ਪਰ ਉਹ ਪੰਜਾਬੀਆਂ ਦੇ ਦਿਲਾਂ 'ਤੇ ਛਾਪਾ ਨਹੀਂ ਮਾਰ ਸਕਦੇ ਅਤੇ ਨਾ ਹੀ ਉਨ੍ਹਾਂ ਦੀ ਆਵਾਜ਼ ਨੂੰ ਦਬਾ ਸਕਦੇ ਹਨ। ਪੰਜਾਬ ਦੇ ਲੋਕ ਹਮੇਸ਼ਾ ਸੱਚ ਅਤੇ ਵਿਕਾਸ ਦੇ ਨਾਲ ਖੜ੍ਹੇ ਰਹਿਣਗੇ।"

ਪਿਛਲੀਆਂ ਸਰਕਾਰਾਂ ਦੀ ਰਾਜਨੀਤੀ 'ਤੇ ਚੋਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ: "ਕਰੋੜਾਂ ਰੁਪਏ ਦੇ ਘੁਟਾਲੇ ਕਰਨ ਵਾਲਿਆਂ ਅਤੇ ਬੱਸਾਂ, ਹੋਟਲਾਂ ਤੇ ਹੋਰ ਕਾਰੋਬਾਰਾਂ ਵਿੱਚ ਹਿੱਸੇਦਾਰੀ ਲੈਣ ਵਾਲਿਆਂ ਦਾ ਦੌਰ ਹੁਣ ਖ਼ਤਮ ਹੋ ਚੁੱਕਾ ਹੈ। ਉਹ ਦਿਨ ਗਏ ਜਦੋਂ ਰਾਜਨੀਤੀ ਦੀ ਵਰਤੋਂ ਨਿੱਜੀ ਮੁਨਾਫ਼ੇ ਲਈ ਕੀਤੀ ਜਾਂਦੀ ਸੀ। ਸਾਡੀ ਸਰਕਾਰ ਪਾਰਦਰਸ਼ੀ ਸ਼ਾਸਨ ਲਈ ਵਚਨਬੱਧ ਹੈ ਅਤੇ ਆਮ ਪੰਜਾਬੀਆਂ ਦੀ ਭਲਾਈ ਲਈ ਕੰਮ ਕਰਦੀ ਰਹੇਗੀ। ਸਾਡਾ ਹਰ ਫ਼ੈਸਲਾ ਲੋਕਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਅਤੇ ਪੰਜਾਬ ਨੂੰ ਮਜ਼ਬੂਤ ਕਰਨ ਲਈ ਹੈ।"

ਮੁੱਖ ਮੰਤਰੀ ਨੇ ਕਿਹਾ ਕਿ ਉਹ ਕਿਸੇ ਵੀ ਜਾਂਚ ਤੋਂ ਡਰਦੇ ਨਹੀਂ ਹਨ ਅਤੇ ਹਰ ਚੁਣੌਤੀ ਦਾ ਡਟ ਕੇ ਸਾਹਮਣਾ ਕਰਦੇ ਰਹਿਣਗੇ। ਉਨ੍ਹਾਂ ਕਿਹਾ, "ਮੈਂ ਕਿਸੇ ਵੀ ਜਾਂਚ ਤੋਂ ਨਹੀਂ ਡਰਦਾ। ਸਾਡੇ ਕੋਲ ਲੁਕਾਉਣ ਲਈ ਕੁੱਝ ਨਹੀਂ ਹੈ। ਅਸੀਂ ਪੰਜਾਬ ਦੇ ਲੋਕਾਂ ਪ੍ਰਤੀ ਜਵਾਬਦੇਹ ਹਾਂ ਅਤੇ ਇਮਾਨਦਾਰੀ ਤੇ ਸਮਰਪਣ ਨਾਲ ਉਨ੍ਹਾਂ ਲਈ ਕੰਮ ਕਰਦੇ ਰਹਾਂਗੇ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪੰਜਾਬ ਨੇ ਪਿਛਲੇ ਕੁਝ ਸਾਲਾਂ ਵਿੱਚ ਬਹੁਤ ਤਰੱਕੀ ਕੀਤੀ ਹੈ, ਅਤੇ ਸੂਬੇ ਦੇ ਵਿਕਾਸ ਨੂੰ ਲੀਹੋਂ ਲਾਹੁਣ ਦੀ ਕੋਈ ਵੀ ਕੋਸ਼ਿਸ਼ ਸਫ਼ਲ ਨਹੀਂ ਹੋਵੇਗੀ। ਅਸੀਂ ਪੂਰੀ ਵਚਨਬੱਧਤਾ ਨਾਲ ਪੰਜਾਬ ਅਤੇ ਪੰਜਾਬੀਆਂ ਲਈ ਕੰਮ ਕਰਦੇ ਰਹਾਂਗੇ।" 

Latest

ਮੁੱਖ ਮੰਤਰੀ ਕੈਂਪ ਦਫ਼ਤਰ 'ਤੇ ਸੀਬੀਆਈ ਦਾ ਛਾਪਾ ਇਸ ਗੱਲ ਦਾ ਸੰਕੇਤ ਹੈ ਕਿ ਚੋਣਾਂ ਸਮੇਂ ਸਿਰ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਭਗਵੰਤ ਮਾਨ ਸਰਕਾਰ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਪੂਰੇ ਘਟਨਾਕ੍ਰਮ ਦੀ ਜਾੰਚ ਲਈ 3 ਮੈਂਬਰੀ ਐਸਆਈਟੀ ਦਾ ਕੀਤਾ ਗਠਨ: ਬਲਤੇਜ ਪੰਨੂ
ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਦਾ ਤੋਹਫ਼ਾ: ਹਰਜੋਤ ਬੈਂਸ ਨੇ ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ 'ਮੇਰੀ ਦੁਕਾਨ, ਮੇਰੇ ਨਾਮ' ਸਕੀਮ ਦੀ ਕੀਤੀ ਸ਼ੁਰੂਆਤ
ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ