ਚੇਅਰਮੈਨ ਰਮਨ ਬਹਿਲ ਵੱਲੋਂ ਜ਼ਿਲ੍ਹਾ ਹਸਪਤਾਲ ਵਿੱਚ ਉਸਾਰੀ ਅਧੀਨ ਪ੍ਰੋਜੈਕਟਾਂ ਦਾ ਜਾਇਜਾ

ਚੇਅਰਮੈਨ ਰਮਨ ਬਹਿਲ ਵੱਲੋਂ ਜ਼ਿਲ੍ਹਾ ਹਸਪਤਾਲ ਵਿੱਚ ਉਸਾਰੀ ਅਧੀਨ ਪ੍ਰੋਜੈਕਟਾਂ ਦਾ ਜਾਇਜਾ

ਗੁਰਦਾਸਪੁਰ, 6 ਜੁਲਾਈ (      ) - ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਵਿਸ਼ੇਸ਼ ਯਤਨ ਕਰਕੇ ਗੁਰਦਾਸਪੁਰ ਵਿੱਚ ਜ਼ਿਲ੍ਹਾ ਹਸਪਤਾਲ ਅਤੇ ਪੁਰਾਣੇ ਸਿਵਲ ਹਸਪਤਾਲ ਦੀ ਨੁਹਾਰ ਬਦਲ ਕੇ ਰੱਖ ਦਿੱਤੀ ਹੈ। ਸ੍ਰੀ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਜ਼ਿਲ੍ਹਾ ਹਸਪਤਾਲ ਗੁਰਦਾਸਪੁਰ ਵਿੱਚ ਬੁਨਿਆਦੀ ਢਾਂਚੇ ਵਿੱਚ ਵੱਡੇ ਸੁਧਾਰ ਕਰਕੇ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਨਵੀਂ ਇਬਾਰਤ ਲਿਖੀ ਹੈ।

ਚੇਅਰਮੈਨ ਸ੍ਰੀ ਰਮਨ ਬਹਿਲ ਦੇ ਯਤਨਾ ਸਦਕਾ ਜ਼ਿਲ੍ਹਾ ਹਸਪਤਾਲ ਗੁਰਦਾਸਪੁਰ ਵਿੱਚ ਮਦਰ ਐਂਡ ਚਾਈਲਡ ਵਿੰਗ (ਜੱਚਾ ਬੱਚਾ ਵਾਰਡ), ਡਿਸਟਰਿਕਟ ਅਰਲੀ ਇੰਟਰਵੇਸ਼ਨ ਸੈੰਟਰ (ਡੀਈਆਈਸੀ), ਕ੍ਰਿਟੀਕਲ ਕੇਅਰ ਯੂਨਿਟ ਅਤੇ ਸਰਕਾਰੀ ਨਰਸਿੰਗ ਸੰਸਥਾ ਵਿੱਚ ਲੜਕੀਆਂ ਦੇ ਹੋਸਟਲ ਦੀ ਉਸਾਰੀ ਦਾ ਕੰਮ ਜੰਗੀ ਪੱਧਰ `ਤੇ ਜਾਰੀ ਹੈ ਅਤੇ ਜਲਦੀ ਹੀ ਇਹ ਸਾਰੇ ਪ੍ਰੋਜੈਕਟ ਮੁਕੰਮਲ ਹੋ ਜਾਣਗੇ।

ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਬੀਤੀ ਸ਼ਾਮ ਜ਼ਿਲ੍ਹਾ ਹਸਪਤਾਲ ਗੁਰਦਾਸਪੁਰ (ਬੱਬਰੀ) ਵਿੱਚ ਬਣ ਰਹੇ ਮਦਰ ਐਂਡ ਚਾਈਲਡ ਵਿੰਗ (ਜੱਚਾ ਬੱਚਾ ਵਾਰਡ), ਡਿਸਟਰਿਕਟ ਅਰਲੀ ਇੰਟਰਵੇਸ਼ਨ ਸੈੰਟਰ (ਡੀਈਆਈਸੀ), ਕ੍ਰਿਟੀਕਲ ਕੇਅਰ ਯੂਨਿਟ ਅਤੇ ਸਰਕਾਰੀ ਨਰਸਿੰਗ ਸੰਸਥਾ ਵਿੱਚ ਲੜਕੀਆਂ ਦੇ ਹੋਸਟਲ ਦਾ ਦੌਰਾ ਕਰਕੇ ਕੰਮ ਦੀ ਪ੍ਰਗਤੀ ਦਾ ਜਾਇਜਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਸਿਹਤ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ।

ਇਸ ਮੌਕੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਵੱਲੋਂ ਗੁਰਦਾਸਪੁਰ ਵਿਖੇ ਕਰੋੜਾਂ ਰੁਪਏ ਖਰਚ ਕਰਕੇ ਆਮ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਹਸਪਤਾਲ ਵਿੱਚ ਜੱਚਾ-ਬੱਚਾ ਵਾਰਡ ਦੀ ਉਸਾਰੀ ਲਗਭਗ ਮੁਕੰਮਲ ਹੋ ਗਈ ਹੈ ਅਤੇ ਇਸਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਲਦ ਹੀ ਜ਼ਿਲ੍ਹਾ ਹਸਪਤਾਲ ਵਿੱਚ ਜੱਚਾ-ਬੱਚਾ ਵਾਰਡ ਸ਼ੁਰੂ ਹੋ ਜਾਵੇਗਾ ਜਿਸ ਵਿੱਚ ਜਣੇਪੇ ਸਬੰਧੀ ਪੂਰੇ ਪ੍ਰਬੰਧ ਹੋਣਗੇ। ਇਸ ਵਿੰਗ ਵਿੱਚ ਸਧਾਰਨ ਜਣੇਪੇ ਦੇ ਨਾਲ ਹੀ ਸਿਜੇਰੀਅਨ ਡਿਲੀਵਰੀ ਦਾ ਪ੍ਰਬੰਧ ਵੀ ਹੋਵੇਗਾ ਅਤੇ ਨਵਜੰਮੇ ਬੱਚਿਆਂ ਲਈ ਨਰਸਰੀ, ਨਿੱਕੂ ਵਾਰਡ, ਅੱੈਸ.ਐੱਨ.ਸੀ.ਯੂ. ਦਾ ਪ੍ਰਬੰਧ ਵੀ ਹੋਵੇਗਾ।

ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਡਿਸਟਰਿਕਟ ਅਰਲੀ ਇੰਟਰਵੇਸ਼ਨ ਸੈਂਟਰ ਵੀ ਜਲਦ ਜਨਤਾ ਨੂੰ ਸਮਰਪਤ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸੈਂਟਰ ਜ਼ਿਲ੍ਹੇ ਵਿੱਚ ਬੱਚਿਆਂ ਦੀ ਸਿਹਤ ਸਹੂਲਤਾਂ ਲਈ ਮੀਲ ਦਾ ਪੱਥਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਰਾਸ਼ਟਰੀ ਬਾਲ ਸਵਾਸਥ ਕਾਰਇਆਕ੍ਰਮ ਦੇ ਤਹਿਤ ਡੀ.ਈ.ਆਈ.ਸੀ. ਦਾ ਨਿਰਮਾਣ ਕੀਤਾ ਗਿਆ ਹੈ ਅਤੇ ਇਸ ਤੇ ਕੁੱਲ 1.30 ਕਰੋੜ ਰੁਪਏ ਦੀ ਲਾਗਤ ਆਈ ਹੈ। ਉਨ੍ਹਾਂ ਦੱਸਿਆ ਕਿ ਇਸ ਸੈਂਟਰ ਵਿੱਚ 6 ਸਾਲ ਤੱਕ ਦੇ ਬੱਚਿਆਂ ਦੇ ਇਲਾਜ ਦਾ ਪ੍ਰਬੰਧ ਹੋਵੇਗਾ। ਵੱਖ-ਵੱਖ ਸਿਹਤ ਸੰਸਥਾਵਾਂ ਅਤੇ ਆਰ.ਬੀ.ਐੱਸ.ਕੇ. ਟੀਮਾਂ ਵੱਲੋਂ ਬੱਚਿਆਂ ਦੀ ਬੀਮਾਰੀਆਂ ਅਤੇ ਸਰੀਰਕ ਕਮੀਂ ਦੀ ਸ਼ਨਾਖਤ ਕਰਕੇ ਉਨ੍ਹਾਂ ਦਾ ਇਲਾਜ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਜ਼ਿਲਾ ਹਸਪਤਾਲ ਵਿੱਚ ਕ੍ਰਿਟੀਕਲ ਕੇਅਰ ਯੂਨਿਟ ਦਾ ਕੰਮ ਵੀ ਅੰਤਿਮ ਗੇੜ `ਤੇ ਪਹੁੰਚ ਗਿਆ ਹੈ। ਉਨ੍ਹਾਂ ਕਿਹਾ ਕਿ ਕ੍ਰਿਟੀਕਲ ਕੇਅਰ ਯੂਨਿਟ ਸ਼ੁਰੂ ਹੋਣ `ਤੇ ਗੰਭੀਰ ਰੋਗਾਂ ਅਤੇ ਦੁਰਘਟਨਾਵਾਂ ਦੇ ਸ਼ਿਕਾਰ ਮਰੀਜਾਂ ਦਾ ਵਧੀਆ ਇਲਾਜ ਹੋ ਸਕੇਗਾ। ਉਨ੍ਹਾਂ ਕਿਹਾ ਕਿ ਜ਼ਿਲਾ ਹਸਪਤਾਲ ਵਿੱਚ ਆਰ.ਟੀ.ਪੀ.ਸੀ.ਆਰ. ਲੈਬ ਸਥਾਪਤ ਹੋ ਚੁੱਕੀ ਹੈ। ਇਸ ਲੈਬ ਵਿੱਚ ਕੋਵਿਡ-19, ਐੱਚ.ਵਨ.ਐੱਨ.ਵਨ, ਇੰਫਲੂਐਂਜਾ, ਵਾਇਰਲ ਇੰਫੈਕਸ਼ਨ ਦੇ ਕਰੀਬ 50 ਟੈਸਟ ਕੀਤੇ ਜਾ ਸਕਦੇ ਹਨ।

ਚੇਅਰਮੈਨ ਰਮਨ ਬਹਿਲ ਨੇ ਅੱਗੇ ਦੱਸਿਆ ਕਿ ਜ਼ਿਲ੍ਹਾ ਵਾਸੀਆਂ ਨੂੰ ਦਿੱਤੀਆਂ ਜਾ ਰਹੀਆਂ ਮਿਆਰੀ ਸਿਹਤ ਸਹੂਲਤਾਂ ਵਿੱਚ ਹੋਰ ਵਾਧਾ ਕਰਦਿਆਂ ਜ਼ਿਲ੍ਹੇ ਵਿੱਚ 20 ਨਵੇਂ ਆਮ ਆਦਮੀ ਕਲੀਨਿਕ ਅਤੇ 2 ਨਵੇਂ ਹੈਲਥ ਐਂਡ ਵੈੱਲਨੈੱਸ ਸੈਂਟਰ ਵੀ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਸੂਬਾ ਵਾਸੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ ਅਤੇ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਗੁਰਦਾਸਪੁਰ ਸੂਬੇ ਦਾ ਮੋਹਰੀ ਸ਼ਹਿਰ ਬਣੇਗਾ।

Tags: