ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸੈਕਟਰ-32 ਵਿਖੇ ਸਕੂਲੀ ਬੱਸਾਂ ਦੀ ਕੀਤੀ ਚੈਕਿੰਗ

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸੈਕਟਰ-32 ਵਿਖੇ ਸਕੂਲੀ ਬੱਸਾਂ ਦੀ ਕੀਤੀ ਚੈਕਿੰਗ

ਲੁਧਿਆਣਾ, 17 ਦਸੰਬਰ (000) - ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋ ਜਾਰੀ ਹੁਕਮਾਂ ਅਤੇ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, ਲੁਧਿਆਣਾ ਰਸ਼ਮੀ ਦੀ ਅਗਵਾਈ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਖ-ਵੱਖ ਸਕੂਲ ਬੱਸਾਂ ਦੀ ਚੈਕਿੰਗ ਕੀਤੀ ਗਈ।

ਜ਼ਿਲ੍ਹਾ ਬਾਲ ਸੁਰੱਖਿਆ ਯੁਨਿਟ, ਸਿੱਖਿਆ ਵਿਭਾਗ, ਟ੍ਰੈਫਿਕ ਪੁਲਿਸ ਦੇ ਮੁਲਾਜਮਾਂ ਦੀ ਟੀਮ ਵੱਲੋ ਸਾਂਝੇ ਤੌਰ 'ਤੇ ਸਥਾਨਕ ਸੈਕਟਰ-32 ਵਿਖੇ ਬੀ.ਸੀ.ਐਮ. ਸਕੂਲ ਅਤੇ ਬੀ.ਵੀ.ਐਮ. ਸਕੂਲ ਦੀਆਂ ਬੱਸਾਂ ਦੀ ਚੈਕਿੰਗ ਕੀਤੀ ਗਈ। ਟੀਮ ਵੱਲੋਂ ਚੈਕਿੰਗ ਦੌਰਾਨ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਨਾ ਕਰਨ ਵਾਲੇ ਸਕੂਲੀ ਵਾਹਨਾਂ ਨੂੰ ਇਕ ਹਫਤੇ ਵਿੱਚ ਆਪਣੀ ਖਾਮੀਆਂ ਪੂਰੀਆਂ ਕਰਨ ਦੀ ਤਾਕੀਦ ਕੀਤੀ ਗਈ। ਇਸ ਮੌਕੇ ਸਕੂਲੀ ਵਾਹਨਾਂ ਦੇ ਡਰਾਈਵਰਾਂ ਨੂੰ ਇਹ ਗੱਲ ਸਪੱਸ਼ਟ ਕੀਤੀ ਗਈ ਕਿ ਸੇਫ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ 'ਤੇ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, ਲੁਧਿਆਣਾ ਰਸ਼ਮੀ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਅਚਨਚੇਤ ਸਕੂਲੀ ਵਾਹਨਾਂ ਦੀ ਚੈਕਿੰਗ ਜਾਰੀ ਰਹੇਗੀ। ਇਸ ਮੌਕੇ ਰੀਤੂ ਸੂਦ, ਵਰਿੰਦਰ ਸਿੰਘ, ਹਰਮਿੰਦਰ ਸਿੰਘ ਰੌਮੀ ਤੋਂ ਇਲਾਵਾ ਪੁਲਿਸ ਵਿਭਾਗ ਦੇ ਮੈਂਬਰ ਸ਼ਾਮਲ ਸਨ।