ਚੇਤਨ ਸਿੰਘ ਜੌੜਾਮਾਜਰਾ ਵੱਲੋਂ ਫ਼ਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਕਿਸਾਨਾਂ ਨੂੰ ਫਲਦਾਰ ਬੂਟੇ ਲਾਉਣ ਦੀ ਅਪੀਲ

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਫ਼ਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਕਿਸਾਨਾਂ ਨੂੰ ਫਲਦਾਰ ਬੂਟੇ ਲਾਉਣ ਦੀ ਅਪੀਲ

ਚੰਡੀਗੜ੍ਹ, 30 ਜੁਲਾਈ: ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਕਿਸਾਨਾਂ ਨੂੰ ਫਲਦਾਰ ਬੂਟੇ ਲਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਬਾਗ਼ਬਾਨੀ ਵਿਭਾਗ ਵੱਲੋਂ ਇਹ ਬੂਟੇ ਕਿਫ਼ਾਇਤੀ ਦਰਾਂ ‘ਤੇ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਸੂਬੇ ਭਰ ਵਿੱਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਸਬੰਧੀ ਵਿਆਪਕ ਰਣਨੀਤੀ ਦਾ ਹਿੱਸਾ ਹੈ। […]

ਚੰਡੀਗੜ੍ਹ, 30 ਜੁਲਾਈ:

ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਕਿਸਾਨਾਂ ਨੂੰ ਫਲਦਾਰ ਬੂਟੇ ਲਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਬਾਗ਼ਬਾਨੀ ਵਿਭਾਗ ਵੱਲੋਂ ਇਹ ਬੂਟੇ ਕਿਫ਼ਾਇਤੀ ਦਰਾਂ ‘ਤੇ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਸੂਬੇ ਭਰ ਵਿੱਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਸਬੰਧੀ ਵਿਆਪਕ ਰਣਨੀਤੀ ਦਾ ਹਿੱਸਾ ਹੈ।

ਉਨ੍ਹਾਂ ਕਿਹਾ ਕਿ ਮੌਨਸੂਨ ਸੀਜ਼ਨ ਫਲਦਾਰ ਰੁੱਖ ਲਾਉਣ ਲਈ ਢੁਕਵਾਂ ਅਤੇ ਅਨੁਕੂਲ ਹੈ ਅਤੇ ਸਰਕਾਰ ਦੀ ਇਹ ਪਹਿਲਕਦਮੀ ਕਣਕ-ਝੋਨੇ ਦੇ ਰਵਾਇਤੀ ਫ਼ਸਲੀ ਚੱਕਰ, ਜਿਸ ਨਾਲ ਧਰਤੀ ਹੇਠਲੇ ਪਾਣੀ ਦਾ ਪੱਧਰ ਕਾਫ਼ੀ ਹੇਠਾਂ ਚਲਾ ਗਿਆ ਹੈ, ਲਈ ਟਿਕਾਊ ਬਦਲ ਪੇਸ਼ ਕਰੇਗੀ।

ਬਾਗ਼ਬਾਨੀ ਮੰਤਰੀ ਨੇ ਉਚੇਚੇ ਤੌਰ ‘ਤੇ ਅੰਬ, ਅਮਰੂਦ, ਲੀਚੀ, ਚੀਕੂ, ਨਿੰਬੂ ਪ੍ਰਜਾਤੀ ਦੇ ਫਲਾਂ ਦੀਆਂ ਵੱਖ-ਵੱਖ ਕਿਸਮਾਂ, ਜਾਮੁਨ, ਬਿਲ ਅਤੇ ਕਟਹਲ ਸਮੇਤ ਵੱਖ-ਵੱਖ ਫਲਾਂ ਵਾਲੇ ਰੁੱਖਾਂ ਦੀ ਕਾਸ਼ਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਇਹ ਬੂਟੇ ਬਾਗ਼ਬਾਨੀ ਵਿਭਾਗ ਅਧੀਨ ਚੱਲ ਰਹੀਆਂ ਸਰਕਾਰੀ ਨਰਸਰੀਆਂ ਵਿੱਚ ਵਾਜਬ ਕੀਮਤਾਂ ‘ਤੇ ਉਪਲਬਧ ਹਨ।

ਇਸੇ ਦੌਰਾਨ ਡਾਇਰੈਕਟਰ ਬਾਗ਼ਬਾਨੀ ਸ੍ਰੀਮਤੀ ਸ਼ੈਲਿੰਦਰ ਕੌਰ, ਆਈ.ਐਫ.ਐਸ. ਨੇ ਕਿਹਾ ਕਿ ਨਰਸਰੀਆਂ ਤੋਂ ਬੂਟੇ ਲੈਣ ਸਬੰਧੀ ਹੋਰ ਜਾਣਕਾਰੀ ਲਈ ਕਿਸਾਨ, ਬਾਗ਼ਬਾਨੀ ਵਿਭਾਗ ਦੇ ਨੋਡਲ ਅਫ਼ਸਰ ਨਾਲ ਮੋਬਾਈਲ ਨੰਬਰ 7508018803 ‘ਤੇ ਸੰਪਰਕ ਕਰ ਸਕਦੇ ਹਨ।

ਉਨ੍ਹਾਂ ਕਿਹਾ ਕਿ ਫਲਦਾਰ ਬੂਟੇ ਲਗਾਉਣ ਨਾਲ ਜਿਥੇ ਵਾਤਾਵਰਣ ਅਤੇ ਪਾਣੀ ਦੀ ਸੰਭਾਲ ਹੋਵੇਗੀ, ਉਥੇ ਫ਼ਸਲੀ ਵਿਭਿੰਨਤਾ ਨੂੰ ਹੁਲਾਰਾ ਮਿਲਣ ਸਣੇ ਕਿਸਾਨਾਂ ਦੀ ਆਮਦਨ ਵਿੱਚ ਚੋਖਾ ਵਾਧਾ ਹੋਵੇਗਾ।

ਸ੍ਰੀਮਤੀ ਸ਼ੈਲਿੰਦਰ ਕੌਰ ਨੇ ਵਧੇਰੇ ਟਿਕਾਊ ਅਤੇ ਆਰਥਿਕ ਤੌਰ ‘ਤੇ ਲਾਹੇਵੰਦ ਖੇਤੀ ਤਕਨੀਕਾਂ ਅਪਣਾਉਣ ਲਈ ਪੰਜਾਬ ਦੇ ਕਿਸਾਨਾਂ ਨੂੰ ਪੂਰਣ ਸਹਿਯੋਗ ਦੇਣ ਸਬੰਧੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਇਹ ਪਹਿਲਕਦਮੀ ਸੂਬੇ ਦੇ ਖੇਤੀ ਖੇਤਰ ਦੀਆਂ ਆਰਥਿਕ ਸੰਭਾਵਨਾਵਾਂ ਨੂੰ ਵਧਾਉਂਦੇ ਹੋਏ ਵਾਤਾਵਰਣ ਸਬੰਧੀ ਸਮੱਸਿਆਵਾਂ ਦੇ ਹੱਲ ਲਈ ਕੀਤੇ ਜਾ ਰਹੇ ਵਿਆਪਕ ਯਤਨਾਂ ਦਾ ਹਿੱਸਾ ਹੈ।

Tags: