ਸੂਬੇ ਵਿੱਚੋਂ ਨਸ਼ਿਆਂ ਦਾ ਹੋਵੇਗਾ ਮੁਕੰਮਲ ਖ਼ਾਤਮਾ, ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਜਾਰੀ: ਗੁਰਦੀਪ ਸਿੰਘ ਰੰਧਾਵਾ

ਸੂਬੇ ਵਿੱਚੋਂ ਨਸ਼ਿਆਂ ਦਾ ਹੋਵੇਗਾ ਮੁਕੰਮਲ ਖ਼ਾਤਮਾ, ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਜਾਰੀ: ਗੁਰਦੀਪ ਸਿੰਘ ਰੰਧਾਵਾ

ਕਲਾਨੌਰ/ਧਾਰੀਵਾਲ/ਗੁਰਦਾਸਪੁਰ, 03 ਅਗਸਤ (        ) - ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਬੀਤੀ ਸ਼ਾਮ ਹਲਕੇ ਦੇ ਪਿੰਡ ਬਜ਼ੁਰਗਵਾਲ, ਦੁੱਲਾਨੰਗਲ ਅਤੇ ਬਾਂਗੋਵਾਣੀ ਵਿਖੇ ਨਸ਼ਾ ਮੁਕਤੀ ਯਾਤਰਾ ਦੌਰਾਨ ਜਾਗਰੂਕਤਾ ਪ੍ਰੋਗਰਾਮਾਂ ਵਿੱਚ ਸ਼ਿਰਕਤ ਕੀਤੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਸੂਬੇ ਵਿੱਚੋਂ ਨਸ਼ਿਆਂ ਨੂੰ ਹਰ ਹੀਲੇ ਖ਼ਤਮ ਕੀਤਾ ਜਾਵੇਗਾ ਅਤੇ ਇਸੇ ਅਹਿਦ ਤਹਿਤ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਲਗਾਤਾਰ ਜਾਰੀ ਹੈ।

ਨਸ਼ਾ ਮੁਕਤੀ ਯਾਤਰਾ ਦਾ ਮੰਤਵ ਸਾਂਝਾ ਕਰਦਿਆਂ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਆਪਣਾ ਮੋਹਰੀ ਯੋਗਦਾਨ ਪਾਉਣ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੇ ਪਿੰਡ ਜਾਂ ਇਲਾਕੇ ਵਿੱਚ ਕੋਈ ਨਸ਼ਾ ਤਸਕਰ ਨਸ਼ਾ ਵੇਚਦਾ ਹੈ ਤਾਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ ਤਾਂ ਜੋ ਉਨ੍ਹਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾ ਸਕੇ।

ਸ. ਰੰਧਾਵਾ ਨੇ ਪੇਂਡੂ ਸੁਰੱਖਿਆ ਕਮੇਟੀਆਂ, ਪੰਚਾਇਤਾਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਉਹ ਪਿੰਡਾਂ ਦੇ ਪਹਿਰੇਦਾਰ ਵਜੋਂ ਕੰਮ ਕਰਕੇ ਨਸ਼ਿਆਂ ‘ਚ ਗ੍ਰਸਤ ਲੋਕਾਂ ਦੇ ਇਲਾਜ ਤੇ ਪੁਨਰਵਾਸ ਲਈ ਸਰਕਾਰ ਦਾ ਸਹਿਯੋਗ ਕਰਨ ਤਾਂ ਜੋ ਅਜਿਹੇ ਲੋਕਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਕਰਕੇ ਉਨ੍ਹਾਂ ਨੂੰ ਨਵਾਂ ਜੀਵਨ ਦਿੱਤਾ ਜਾ ਸਕੇ।  ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਨਿਰਣਾਇਕ ਲੜਾਈ ਵਿੱਢੀ ਗਈ ਹੈ, ਜਿਸ ਵਿੱਚ ਲੋਕਾਂ ਦਾ ਸਾਥ ਬਹੁਤ ਜ਼ਰੂਰੀ ਹੈ।  ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਅਸੀਂ ਨਸ਼ਿਆਂ ਦੀ ਇਸ ਭੈੜੀ ਅਲਾਮਤ ਤੋਂ ਛੁਟਕਾਰਾ ਪਾ ਸਕਦੇ ਹਾਂ।

ਇਸ ਮੌਕੇ ਉਨ੍ਹਾਂ ਵਸਨੀਕਾਂ ਦੀਆਂ ਸ਼ਿਕਾਇਤਾਂ ਵੀ ਸੁਣੀਆਂ ਤੇ ਸਮੱਸਿਆਵਾਂ ਦਾ ਜਲਦ ਤੋਂ ਜਲਦ ਨਿਪਟਾਰਾ ਕਰਨ ਦਾ ਭਰੋਸਾ ਦਵਾਇਆ। ਇਸ ਮੌਕੇ ਉਨ੍ਹਾਂ ਨਾਲ ਤਹਿਸੀਲਦਾਰ ਕਲਾਨੌਰ ਸ. ਰਜਿੰਦਰ ਸਿੰਘ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ  ਤੋਂ ਇਲਾਵਾ ਪਿੰਡਾਂ ਦੇ ਪੰਚ-ਸਰਪੰਚ ਅਤੇ ਹੋਰ ਮੁਹਤਬਰ ਵੀ ਹਾਜ਼ਰ ਸਨ।