ਡੀ ਸੀ ਅਤੇ ਐਸ ਐਸ ਪੀ ਨੇ ਨਿਰਵਿਘਨ ਮਤਦਾਨ ਪ੍ਰਕਿਰਿਆ ਲਈ ਵੋਟਰਾਂ ਅਤੇ ਪੋਲਿੰਗ ਸਟਾਫ ਦਾ ਧੰਨਵਾਦ ਕੀਤਾ
ਐਸ.ਏ.ਐਸ.ਨਗਰ, 1 ਜੂਨ, 2024: ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਅਤੇ ਸੀਨੀਅਰ ਪੁਲਿਸ ਕਪਤਾਨ ਡਾ. ਸੰਦੀਪ ਗਰਗ ਨੇ ਸ਼ਨੀਵਾਰ ਸ਼ਾਮ ਨੂੰ ਵੋਟਰਾਂ, ਪੋਲਿੰਗ ਅਤੇ ਸੁਰੱਖਿਆ ਸਟਾਫ਼, ਬੀ.ਐਲ.ਓਜ਼, ਆਸ਼ਾ ਅਤੇ ਆਂਗਣਵਾੜੀ ਵਰਕਰਾਂ, ਵਲੰਟੀਅਰਾਂ ਅਤੇ ਰਾਜਨੀਤਿਕ ਪਾਰਟੀਆਂ ਦਾ ਵਿਧਾਨ ਸਭਾ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਮੁਕੰਮਲ ਕਰਨ ਲਈ ਭਰਵੇਂ ਸਹਿਯੋਗ ਲਈ ਧੰਨਵਾਦ ਕੀਤਾ। […]
ਐਸ.ਏ.ਐਸ.ਨਗਰ, 1 ਜੂਨ, 2024:
ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਅਤੇ ਸੀਨੀਅਰ ਪੁਲਿਸ ਕਪਤਾਨ ਡਾ. ਸੰਦੀਪ ਗਰਗ ਨੇ ਸ਼ਨੀਵਾਰ ਸ਼ਾਮ ਨੂੰ ਵੋਟਰਾਂ, ਪੋਲਿੰਗ ਅਤੇ ਸੁਰੱਖਿਆ ਸਟਾਫ਼, ਬੀ.ਐਲ.ਓਜ਼, ਆਸ਼ਾ ਅਤੇ ਆਂਗਣਵਾੜੀ ਵਰਕਰਾਂ, ਵਲੰਟੀਅਰਾਂ ਅਤੇ ਰਾਜਨੀਤਿਕ ਪਾਰਟੀਆਂ ਦਾ ਵਿਧਾਨ ਸਭਾ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਮੁਕੰਮਲ ਕਰਨ ਲਈ ਭਰਵੇਂ ਸਹਿਯੋਗ ਲਈ ਧੰਨਵਾਦ ਕੀਤਾ।
ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਮਤਦਾਨ ਪ੍ਰਕਿਰਿਆ ਨੂੰ ਸਫ਼ਲ ਬਣਾਉਣ ਲਈ ਸਿਵਲ ਪ੍ਰਸ਼ਾਸਨ ਦੇ ਕਰੀਬ 5000 ਮੁਲਾਜ਼ਮਾਂ ਨੇ ਦਿਨ-ਰਾਤ ਕੰਮ ਕੀਤਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਚਾਰ-ਚਾਰ ਮੈਂਬਰ ਵਾਲੀਆਂ 825 ਪੋਲਿੰਗ ਪਾਰਟੀਆਂ, ਬੀ.ਐਲ.ਓਜ਼, ਆਸ਼ਾ ਅਤੇ ਆਂਗਣਵਾੜੀ ਵਰਕਰਾਂ ਦੀ ਤਾਇਨਾਤੀ ਅਤੇ ਹੋਰ ਵਿਭਾਗਾਂ ਦੇ ਸਹਾਇਕ ਸਟਾਫ਼ ਨੂੰ ਚੋਣ ਡਿਊਟੀ ’ਤੇ ਲਗਾਇਆ ਗਿਆ।
ਐਸ ਐਸ ਪੀ ਡਾ. ਸੰਦੀਪ ਗਰਗ ਨੇ ਅੱਗੇ ਦੱਸਿਆ ਕਿ ਅਮਨ-ਕਾਨੂੰਨ ਨੂੰ ਬਰਕਰਾਰ ਰੱਖਣ ਲਈ ਪਿਛਲੇ 72 ਘੰਟਿਆਂ ਦੌਰਾਨ ਸਟੇਟ ਪੁਲਿਸ ਦੇ 600 ਅਤੇ ਪੈਰਾ ਮਿਲਟਰੀ ਦੀਆਂ 9 ਕੰਪਨੀਆਂ ਸਮੇਤ ਲਗਪਗ 4000 ਪੁਲਿਸ ਮੁਲਾਜ਼ਮ ਸਭ ਤੋਂ ਅੱਗੇ ਰਹੇ। ਉਨ੍ਹਾਂ ਕਿਹਾ ਕਿ ਅੰਤਰ-ਰਾਜੀ ਅਤੇ ਅੰਤਰ-ਜ਼ਿਲ੍ਹਾ ਸਰਹੱਦਾਂ ’ਤੇ ਲਗਭਗ 60 ਨਾਕੇ ਲਗਾਏ ਗਏ ਸਨ ਅਤੇ 150 ਪੁਲਿਸ ਪਾਰਟੀਆਂ ਦੁਆਰਾ ਨਿਯਮਤ ਗਸ਼ਤ ਕਰਨ ਤੋਂ ਇਲਾਵਾ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਲਈ ਯੋਗਦਾਨ ਪਾਇਆ ਗਿਆ ਸੀ।
ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਸਮੁੱਚੀ ਮਤਦਾਨ ਪ੍ਰਕਿਰਿਆ ’ਤੇ ਨਜ਼ਰ ਰੱਖੀ ਅਤੇ ਕਈ ਪੋਲਿੰਗ ਬੂਥਾਂ ਦਾ ਦੌਰਾ ਵੀ ਕੀਤਾ। ਉਨ੍ਹਾਂ ਜ਼ਿਲ੍ਹਾ ਵਾਸੀਆਂ ਦਾ ਵੀ ਧੰਨਵਾਦ ਕੀਤਾ ਕਿ ਜਿਨ੍ਹਾਂ ਨੇ ਬਿਨਾਂ ਕਿਸੇ ਡਰ-ਭੈਅ ਦੇ ਆਪਣੀ ਵੋਟ ਪਾ ਕੇ ਆਪਣੀ ਵੋਟ ਦਾ ਇਸਤੇਮਾਲ ਕਰਨ ਦੀ ਸ਼ਾਨਦਾਰ ਰਵਾਇਤ ਨੂੰ ਇੱਕ ਵਾਰ ਫਿਰ ਬਰਕਰਾਰ ਰੱਖਿਆ। ਉਨ੍ਹਾਂ ਕਿਹਾ ਕਿ ਵੋਟਰਾਂ ਵੱਲੋਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਸ਼ਾਂਤਮਈ ਢੰਗ ਨਾਲ ਕਰਨਾ, ਲੋਕਾਂ ਵਿੱਚ ਆਪਣੇ ਵੋਟ ਦੇ ਅਧਿਕਾਰ ਪ੍ਰਤੀ ਜ਼ਿੰਮੇਂਵਾਰੀ ਨੂੰ ਦਰਸਾਉਂਦਾ ਹੈ।
ਸ੍ਰੀਮਤੀ ਆਸ਼ਿਕਾ ਜੈਨ ਅਤੇ ਡਾ. ਸੰਦੀਪ ਗਰਗ ਨੇ ਦੱਸਿਆ ਕਿ ਮਤਦਾਨ ਸ਼ਾਂਤਮਈ ਰਿਹਾ ਅਤੇ ਜ਼ਿਲ੍ਹੇ ਦੇ ਕਿਸੇ ਵੀ ਪੋਲਿੰਗ ਬੂਥ ਤੋਂ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਦੀ ਰਿਪੋਰਟ ਨਹੀਂ ਹੈ। ਉਨ੍ਹਾਂ ਦੱਸਿਆ ਕਿ ਵੋਟਿੰਗ ਦੌਰਾਨ ਹਿੰਸਾ ਦੀ ਕੋਈ ਘਟਨਾ ਸਾਹਮਣੇ ਨਹੀਂ ਆਈ।