ਡਿਪਟੀ ਕਮਿਸ਼ਨਰ ਵੱਲੋਂ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਦੇ ਨਿਰਦੇਸ਼
ਜਲੰਧਰ, 21 ਮਈ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਪੰਚਾਇਤੀ ਜ਼ਮੀਨਾਂ ਤੋਂ ਜਲਦ ਤੋਂ ਜਲਦ ਨਾਜਾਇਜ਼ ਕਬਜ਼ੇ ਛੁਡਵਾਉਣ ਦੇ ਨਿਰਦੇਸ਼ ਦਿੱਤੇ।
ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰਾਂ, ਸਮੂਹ ਐਸ.ਡੀ.ਐਮਜ਼ ਅਤੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਬੀ.ਡੀ.ਪੀ.ਓਜ਼ ਨੂੰ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਲਈ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਤੁਰੰਤ ਲੋੜੀਂਦੀ ਕਾਰਵਾਈ ਅਮਲ ਵਿਚ ਲਿਆਉਣ ਲਈ ਕਿਹਾ।
ਡਾ. ਅਗਰਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਤੁਰੰਤ ਛੁਡਵਾਏ ਜਾਣ। ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਅਤੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਪਿੰਡਾਂ ਵਿੱਚ ਠੋਸ, ਤਰਲ ਅਤੇ ਪਲਾਸਟਿਕ ਦੀ ਰਹਿੰਦ-ਖੂਹੰਦ ਦੇ ਨਿਪਟਾਰੇ ਸਬੰਧੀ ਪ੍ਰਾਜੈਕਟਾਂ ਸਮੇਤ ਕਮਿਊਨਿਟੀ ਸੈਨਟਰੀ ਕੰਪਲੈਕਸਾਂ ਦੇ ਚੱਲ ਰਹੇ ਪ੍ਰਾਜੈਕਟਾਂ ਦੇ ਕੰਮ ਦੀ ਵੀ ਸਮੀਖਿਆ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਕੰਮ ਦੀ ਰਫ਼ਤਾਰ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੰਦਿਆਂ ਪ੍ਰਾਜੈਕਟਾਂ ਨੂੰ ਜਲਦ ਤੋਂ ਜਲਦ ਨੇਪਰੇ ਚਾੜ੍ਹਨ ਲਈ ਕਿਹਾ।
ਪੰਜਾਬ ਸਰਕਾਰ ਵੱਲੋਂ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਪਿੰਡਾਂ ਵਿੱਚ ਮਾਡਲ ਖੇਡ ਮੈਦਾਨ ਬਣਾਉਣ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਡਾ. ਅਗਰਵਾਲ ਨੇ ਖੇਡ ਮੈਦਾਨਾਂ ਦੇ ਕਾਰਜ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਵੱਧ ਤੋਂ ਵੱਧ ਨੌਜਵਾਨਾਂ ਨੂੰ ਖੇਡ ਮੈਦਾਨਾਂ ਵੱਲ ਮੋੜਿਆ ਜਾ ਸਕੇ। ਇਸ ਤੋਂ ਇਲਾਵਾ ਉਨ੍ਹਾਂ ਪਿੰਡਾਂ ਵਿੱਚ ਬਣਨ ਵਾਲੇ ਪਾਰਕਾਂ ਦੇ ਨਿਰਮਾਣ ਅਤੇ ਛੱਪੜਾਂ ਦੀ ਡੀਵਾਟਰਿੰਗ ਅਤੇ ਡੀਸਿਲਟਿੰਗ ਜਲਦ ਤੋਂ ਜਲਦ ਕਰਵਾਉਣ ਦੀ ਹਦਾਇਤ ਕੀਤੀ।