ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਤਰਨ ਤਾਰਨ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਮੌਕੇ ਲਹਿਰਾਇਆ ਕੌਮੀ ਝੰਡਾ
ਤਰਨ ਤਾਰਨ, 26 ਜਨਵਰੀ ( ) - ਦੇਸ਼ ਦਾ 77ਵਾਂ ਗਣਤੰਤਰ ਦਿਹਾੜਾ ਅੱਜ ਪੁਲਿਸ ਸਟੇਡੀਅਮ ਤਰਨ ਤਾਰਨ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ, ਆਈ.ਏ.ਐੱਸ. ਵੱਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।
ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੌਰਾਨ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ, ਆਈ.ਏ ਐੱਸ. ਨੇ ਦੇਸ਼-ਵਿਦੇਸ਼ ਵਿਚ ਵੱਸਦੇ ਸਾਰੇ ਭਾਰਤੀਆਂ ਖ਼ਾਸ ਤੌਰ `ਤੇ ਪੰਜਾਬੀਆਂ ਤੇ ਜ਼ਿਲ੍ਹਾ ਵਾਸੀਆਂ ਨੂੰ ਗਣਤੰਤਰ ਦਿਹਾੜੇ ਦੀ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਸਾਡੇ ਮਹਾਨ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਦੀ ਬਦੌਲਤ ਅਸੀਂ ਅੱਜ ਦੇ ਮਹਾਨ ਦਿਹਾੜੇ ਨੂੰ ਮਨਾਉਣ ਦੇ ਯੋਗ ਹੋਏ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਦੇਸ ਦੇ ਆਜ਼ਾਦੀ ਸੰਗਰਾਮ ਦੌਰਾਨ ਸਭ ਤੋਂ ਜਿਆਦਾ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ। ਪੰਜਾਬ ਦੀ ਧਰਤੀ ਤੋਂ ਆਜ਼ਾਦੀ ਲਈ ਚੱਲੀਆਂ ਗਦਰ ਲਹਿਰ, ਬੱਬਰ ਅਕਾਲੀ ਲਹਿਰ, ਕੂਕਾ ਲਹਿਰ, ਗੁਰਦੁਆਰਾ ਸੁਧਾਰ ਲਹਿਰ, ਕਾਮਾਗਾਟਾਮਾਰੂ, ਪਗੜੀ ਸੰਭਾਲ ਜੱਟਾ ਆਦਿ ਸੰਘਰਸ਼਼ੀ ਲਹਿਰਾਂ ਨੇ ਭਾਰਤ ਦੇ ਆਜ਼ਾਦੀ ਸੰਘਰਸ ਨੂੰ ਨਵੀਂ ਦਿਸ਼ਾ ਅਤੇ ਦਸ਼ਾ ਦਿੱਤੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ, ਕਰਤਾਰ ਸਿੰਘ ਸਰਾਭਾ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ, ਆਦਿ ਹੋਰ ਅਨੇਕਾਂ ਹੀ ਆਜ਼ਾਦੀ ਦੇ ਪਰਵਾਨਿਆਂ ਦੀਆਂ ਕੁਰਬਾਨੀਆਂ ਸਦਕਾ ਹੀ ਅਸੀਂ ਅੱਜ ਆਜ਼ਾਦ ਫ਼ਿਜ਼ਾ ਵਿੱਚ ਜ਼ਿੰਦਗੀ ਬਤੀਤ ਕਰ ਰਹੇ ਹਾਂ।
ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਕਿਹਾ ਕਿ ਉਹ ਇਸ ਪਵਿੱਤਰ ਦਿਹਾੜੇ ਮੌਕੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦੇ ਵਡਮੁੱਲੇ ਯੋਗਦਾਨ ਨੂੰ ਵੀ ਸਿੱਜਦਾ ਕਰਦੇ ਹਨ, ਜਿਨ੍ਹਾਂ ਦੇ ਯੋਗਦਾਨ ਸਦਕਾ 26 ਜਨਵਰੀ, 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋਣ ਨਾਲ ਭਾਰਤੀ ਗਣਰਾਜ ਦੀ ਸਥਾਪਨਾ ਹੋਈ ਅਤੇ ਸਾਨੂੰ ਦੁਨੀਆ ਵਿੱਚ ਸਭ ਤੋਂ ਵੱਡੀ ਜਮਹੂਰੀਅਤ ਹੋਣ ਦਾ ਮਾਣ ਹਾਸਲ ਹੋਇਆ। ਉਨ੍ਹਾਂ ਕਿਹਾ ਕਿ ਇਹ ਦਿਹਾੜਾ ਆਜ਼ਾਦੀ ਘੁਲਾਟੀਆਂ ਅਤੇ ਸੰਵਿਧਾਨ-ਘਾੜਿਆਂ ਵੱਲੋਂ ਭਾਰਤ ਦੇ ਸੁਨਹਿਰੀ ਭਵਿੱਖ ਬਾਰੇ ਲਏ ਸੁਪਨਿਆਂ ਨੂੰ ਸਾਕਾਰ ਕਰਨ ਦੀ ਯਾਦ ਦਿਵਾਉਂਦਾ ਹੈ ਅਤੇ ਆਪਣੀ ਸਮੁੱਚੀ ਕਾਰਗੁਜ਼ਾਰੀ `ਤੇ ਝਾਤ ਮਾਰਨ ਦਾ ਮੌਕਾ ਪ੍ਰਦਾਨ ਕਰਦਾ ਹੈ।
ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ, ਜ਼ਿਲ੍ਹਾ ਤਰਨ ਤਾਰਨ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਬੀਮਾਂ ਯੋਜਨਾ ਤਹਿਤ ਹਰ ਪਰਿਵਾਰ ਨੂੰ ਸਲਾਨਾਂ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਦੀ ਸਹੂਲਤ ਸ਼ੁਰੂ ਕੀਤੀ ਗਈ ਹੈ। ਜ਼ਿਲ੍ਹਾ ਤਰਨ ਤਾਰਨ ਵਿੱਚ ਵੀ ਮੁੱਖ ਮੰਤਰੀ ਸਿਹਤ ਬੀਮਾਂ ਯੋਜਨਾ ਲਈ ਰਜਿਸ਼ਟ੍ਰੇਸ਼ਨ ਸ਼ੁਰੂ ਹੋ ਗਈ ਹੈ।
ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆਂ ਕਰਵਾਉਣ ਲਈ ਜ਼ਿਲ੍ਹੇ ਵਿੱਚ ਚੱਲ ਰਹੇ 30 ਆਮ ਆਦਮੀ ਕਲੀਨਿਕਾਂ ਰਾਹੀਂ ਹੁਣ ਤੱਕ 16 ਲੱਖ 56 ਹਜ਼ਾਰ ਤੋਂ ਵੱਧ ਮਰੀਜ਼ਾਂ ਨੂੰ ਮੁਫ਼ਤ ਇਲਾਜ ਦੀ ਸਹੂਲਤ ਮੁਹੱਈਆ ਕਰਵਾਈ ਗਈ ਹੈ। ਇੰਨ੍ਹਾਂ ਆਮ ਆਦਮੀ ਕਲੀਨਿਕਾਂ ਵਿਚ ਕਰੀਬ 80 ਤਰ੍ਹਾਂ ਦੀਆਂ ਜ਼ਰੂਰੀ ਦਵਾਈਆਂ ਅਤੇ ਖੂਨ ਦੇ ਟੈਸਟ ਮੁਫਤ ਕੀਤੇ ਜਾ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਹਿੱਤ ਸਿਵਲ ਹਸਪਤਾਲ ਤਰਨ ਤਾਰਨ ਵਿੱਚ 12.08 ਕਰੋੜ ਰੁਪਏ ਦੀ ਲਾਗਤ ਨਾਲ 50 ਬੈੱਡਡ ਕਰਿਟੀਕਲ ਕੇਅਰ ਬਲਾਕ/ਟਰੌਮਾਂ ਸੈਂਟਰ ਬਣਾਇਆ ਜਾ ਰਿਹਾ ਹੈ, ਜੋ ਇਸ ਸਾਲ ਸ਼ੁਰੂ ਹੋ ਜਾਵੇਗਾ। ਸਿਵਲ ਹਸਪਤਾਲ ਤਰਨ ਤਾਰਨ ਵਿਖੇ 91 ਲੱਖ ਰੁਪਏ ਦੀ ਲਾਗਤ ਨਾਲ ਅਸਟੈਬਲਿਸ਼ਮੈਂਟ ਆਫ਼ ਇੰਟੈਗਰੇਟਿਡ ਪਬਲਿਕ ਹੈਲਥ ਲੈਬਾਰਟਰੀ ਤਿਆਰ ਕੀਤੀ ਜਾ ਰਹੀ ਹੈ ਜੋ ਅਗਲੇ ਮਹੀਨੇ ਲੋਕ ਅਰਪਣ ਕਰ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਸਬ ਡਵੀਜ਼ਨ ਹਸਪਤਾਲ, ਪੱਟੀ ਵਿਖੇ 07 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਦੀ ਇਮਾਰਤ ਮੁਕੰਮਲ ਹੋ ਗਈ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ 4.05 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਉਸਮਾ ਵਿਖੇ ਚਿਲਡਰਨ ਹੋਮ ਦੀ ਉਸਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਰਹੱਦੀ ਜ਼ਿਲ੍ਹਾ ਤਰਨ ਤਾਰਨ ਦੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟਾਂ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਸਹੂਲਤ ਦਿੱਤੀ ਜਾ ਰਹੀ ਹੈ ਜਿਸ ਤਹਿਤ 90 ਫ਼ੀਸਦੀ ਤੋਂ ਵੱਧ ਖਪਤਕਾਰਾਂ ਦੇ ਜ਼ੀਰੋ ਬਿੱਲ ਆ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਸ਼ੀਰਵਾਦ ਸਕੀਮ ਤਹਿਤ ਸਾਲ 2024-25 ਦੌਰਾਨ ਜਿਲ੍ਹਾ ਤਰਨਤਾਰਨ ਦੇ 2542 ਬਿਨੈਕਾਰਾਂ ਨੂੰ 51,000 ਰੁਪਏ ਪ੍ਰਤੀ ਕੇਸ ਦੇ ਹਿਸਾਬ ਨਾਲ ਕੁੱਲ 12 ਕਰੋੜ 96 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਅਨੁਸੂਚਿਤ ਜਾਤੀ ਅਤੇ ਪੱਛੜ੍ਹੀਆਂ ਸ਼੍ਰੇਣੀਆਂ ਦੇ ਵਿਦਿਆਰਥੀਆਂ, ਜਿੰਨ੍ਹਾਂ ਦੀ ਪਰਿਵਾਰਕ ਸਾਲਾਨਾ ਆਮਦਨ 2.50 ਲੱਖ ਰੁਪਏ ਤੋਂ ਘੱਟ ਹੈ, ਨੂੰ ਉਚੇਰੀ ਸਿੱਖਿਆ ਪ੍ਰਦਾਨ ਕਰਨ ਦੇ ਮੰਤਵ ਨਾਲ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪਸ ਸਕੀਮ ਅਧੀਨ ਜ਼ਿਲ੍ਹੇ ਦੇ 3385 ਵਿਦਿਆਰਥੀਆਂ ਦੇ ਕੇਸ ਮਨਜ਼ੂਰ ਕੀਤੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਵਿਖੇ ਅਨੁਸੂਚਿਤ ਜਾਤੀਆਂ, ਪੱਛੜ੍ਹੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਨਾਲ ਸਬੰਧਤ ਵਿਅਕਤੀਆਂ ਦੇ ਹਿੱਤਾਂ ਨੂੰ ਮੁੱਖ ਰੱਖਦੇ ਹੋਏ 05 ਕੋਰੜ 93 ਲੱਖ ਰੁਪਏ ਦੀ ਰਾਸ਼ੀ ਨਾਲ ਡਾ. ਭੀਮ ਰਾਓ ਅੰਬੇਦਕਰ ਭਵਨ ਦੀ ਉਸਾਰੀ ਕੀਤੀ ਜਾ ਰਹੀ ਹੈ ਜੋ ਕਿ ਜਲਦੀ ਹੀ ਮੁਕੰਮਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਮੌਜੂਦਾ ਵਿਤੀ ਵਰ੍ਹੇ ਦੌਰਾਨ ਜ਼ਿਲ੍ਹੇ ਦੇ ਪਿੰਡਾਂ ਅਤੇ ਸ਼ਹਿਰੀ ਖੇਤਰ ਦੇ ਵਿਕਾਸ ਕਾਰਜਾਂ ਲਈ ਰੰਗਲਾ ਪੰਜਾਬ ਵਿਕਾਸ ਸਕੀਮ ਤਹਿਤ ਰੁਪਏ 10.00 ਕਰੋੜ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਤਰਨ ਤਾਰਨ ਵਿੱਚ ਸੜਕਾਂ ਨੂੰ ਅਪਗਰੇਡ ਕਰਨ ਦਾ ਪ੍ਰੋਜੈਕਟ ਵੀ ਜ਼ੋਰਾਂ ’ਤੇ ਚੱਲ ਰਿਹਾ ਹੈ। ਪੰਜਾਬ ਮੰਡੀ ਬੋਰਡ ਅਤੇ ਲੋਕ ਨਿਰਮਾਣ ਵਿਭਾਗ ਵੱਲੋਂ ਸੰਪਰਕ ਸੜਕਾਂ ਨੂੰ ਅਪਗਰੇਡ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਕਚਿਹਰੀਆਂ ਤਰਨ ਤਾਰਨ ਵਿਖੇ 4 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਨਵਾਂ ਏ.ਡੀ.ਆਰ. ਸੈਂਟਰ ਬਣਾਇਆ ਜਾਵੇਗਾ। ਬੀਤੇ ਦਿਨੀਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜ ਸਾਹਿਬਾਨ ਵੱਲੋਂ ਇਸ ਦਾ ਨੀਂਹ ਪੱਥਰ ਰੱਖਿਆ ਗਿਆ ਸੀ। ਏ.ਡੀ.ਆਰ. ਸੈਂਟਰ ਬਣਨ ਨਾਲ ਜ਼ਿਲ੍ਹਾ ਵਾਸੀਆਂ ਨੂੰ ਵੱਡੀ ਸਹੂਲਤ ਮਿਲੇਗੀ। ਸ੍ਰੀ ਖਡੂਰ ਸਾਹਿਬ ਵਿਖੇ 4.11 ਕਰੋੜ ਰੁਪਏ ਦੀ ਲਾਗਤ ਨਾਲ ਸਕੂਲ ਆਫ਼ ਐਮੀਂਨੈਂਸ ਦਾ ਕੰਮ ਮੁਕੰਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ 5 ਕਰੋੜ ਰੁਪਏ ਸਕੂਲ ਆਫ਼ ਐਮੀਂਨੈਂਸ, ਗੋਇੰਦਵਾਲ ਦੀ ਉਸਾਰੀ ਉੱਪਰ ਖਰਚ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਤਰਨ ਤਾਰਨ ਸ਼ਹਿਰ, ਪਿੰਡ ਧੂੰਦਾ, ਬਾਠ, ਬਹਿਲਾ, ਬਾਕੀਪੁਰ, ਪੰਡੋਰੀ ਸਿੰਧਵਾਂ, ਵੇਈ-ਪੂੰਈਂ ਅਤੇ ਤਖਤੂ ਚੱਕ ਵਿਖੇ 2.14 ਕਰੋੜ ਰੁਪਏ ਦੀ ਲਾਗਤ ਨਾਲ ਨਵੀਆਂ ਵੈਟਨਰੀ ਡਿਸਪੈਂਸਰੀਆਂ ਦੀ ਉਸਾਰੀ ਕੀਤੀ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਭਲਾਈ ਸਕੀਮਾਂ ਨੂੰ ਹਰ ਲੋੜਵੰਦ ਤੱਕ ਪਹੁੰਚਾਉਣ ਲਈ ਪੂਰੀ ਸੁਹਿਰਦਤਾ ਨਾਲ ਯਤਨ ਕਰਦਾ ਰਹੇਗਾ।
ਇਸ ਤੋਂ ਬਾਅਦ ਪਰੇਡ ਕਮਾਂਡਰ ਇੰਸਪੈਕਟਰ ਮਨਜੀਤ ਸਿੰਘ ਦੀ ਅਗਵਾਈ ਹੇਠ ਪੰਜਾਬ ਪੁਲਿਸ, ਪੰਜਾਬ ਮਹਿਲਾ ਪੁਲਿਸ, ਪੰਜਾਬ ਹੋਮਗਾਰਡ, ਐੱਨ.ਸੀ.ਸੀ. ਕੈਡਿਟਸ, ਸਕੂਲੀ ਵਿਦਿਆਰਥੀਆਂ ਦੀਆਂ ਬੈਂਡ ਦੀਆਂ ਟੁਕੜੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਵੀ ਪੇਸ਼ ਕੀਤੀਆਂ ਗਈਆਂ।
ਇਸ ਉਪਰੰਤ ਗਣਤੰਤਰ ਦਿਵਸ ਸਮਾਗਮ ਦੀਆਂ ਰੌਣਕਾਂ ਤੇ ਖ਼ੁਸ਼ੀਆਂ ਵਿੱਚ ਵਾਧਾ ਕਰਨ ਲਈ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਉਪਰੰਤ ਵੱਖ-ਵੱਖ ਸਿੱਖਿਆ ਸੰਸਥਾਵਾਂ ਵੱਲੋਂ ਸ਼ਬਦ ਗਾਇਨ, ਮਾਸ ਪੀ.ਟੀ. ਸ਼ੋਅ, ਦੇਸ਼ ਭਗਤੀ ਨਾਲ ਲਬਰੇਜ਼ ਸਭਿਆਚਾਰਕ ਪ੍ਰੋਗਰਾਮ, ਗਿੱਧਾ ਅਤੇ ਭੰਗੜਾ ਪੇਸ਼ ਕੀਤੇ ਗਏ।
ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਵੱਲੋਂ ਵੱਖ-ਵੱਖ ਟੁਕੜੀਆਂ ਦੀ ਅਗਵਾਈ ਕਰ ਰਹੇ ਪਲਟੂਨ ਕਮਾਂਡਰਾਂ ਸਮੇਤ ਵੱਖ-ਵੱਖ ਖੇਤਰਾਂ ਵਿਚ ਨਾਮਣਾ ਖੱਟਣ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ। ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਵੱਲੋਂ ਵੀਰ ਨਾਰੀਆਂ, ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਲੋੜਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਤੇ ਦਿਵਿਆਂਗਜਨਾਂ ਨੂੰ ਟਰਾਈ ਸਾਈਕਲਾਂ ਦੀ ਵੰਡ ਵੀ ਕੀਤੀ ਗਈ। ਗਣਤੰਤਰ ਦਿਵਸ ਸਮਾਗਮ ਦੀ ਸਮਾਪਤੀ ਕੌਮੀ ਗੀਤ ਨਾਲ ਹੋਈ।
ਗਣਤੰਤਰ ਦਿਵਸ ਦੇ ਸਫਲ ਸਮਾਗਮ ਦੀ ਖ਼ੁਸ਼ੀ ਵਿਚ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਸਕੂਲਾਂ ਵਿਚ 27 ਜਨਵਰੀ ਦੀ ਛੁੱਟੀ ਦਾ ਐਲਾਨ ਕੀਤਾ ਹੈ।
ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਤਰਨ ਤਾਰਨ ਸ੍ਰੀ ਕੰਵਲਜੀਤ ਸਿੰਘ ਬਾਜਵਾ, ਐੱਸ.ਐੱਸ.ਪੀ. ਤਰਨ ਤਾਰਨ ਸ੍ਰੀ ਸੁਰਿੰਦਰ ਲਾਂਬਾ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਾਜਦੀਪ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੰਜੀਵ ਕੁਮਾਰ, ਸਹਾਇਕ ਕਮਿਸ਼ਨਰ ਡਾ. ਕਰਨਵੀਰ ਸਿੰਘ, ਐੱਸ.ਡੀ.ਐੱਮ. ਤਰਨ ਤਾਰਨ ਸ੍ਰੀ ਗੁਰਮੀਤ ਸਿੰਘ, ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਦੇ ਪਿਤਾ ਸ੍ਰੀ ਰਾਮਪਾਲ ਸਿੰਧੂ, ਮਾਤਾ ਸ੍ਰੀਮਤੀ ਈਸ਼ਵਰ ਦੇਵੀ, ਧਰਮ ਪਤਨੀ ਸ੍ਰੀਮਤੀ ਅਨਾਇਤ ਤੋਂ ਇਲਾਵਾ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਗੁਰਵਿੰਦਰ ਸਿੰਘ ਬਹਿੜਵਾਲ, ਚੇਅਰਮੈਨ ਗੁਰਦੇਵ ਸਿੰਘ ਲਾਖਨਾ, ਚੇਅਰਮੈਨ ਰਣਜੀਤ ਸਿੰਘ ਚੀਮਾ, ਚੇਅਰਮੈਨ ਕੁਲਦੀਪ ਸਿੰਘ, ਚੇਅਰਮੈਨ ਦਿਲਬਾਗ ਸਿੰਘ ਬਾਠ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਜ਼ਿਲ੍ਹਾ ਵਾਸੀ ਹਾਜ਼ਰ ਸਨ।


