ਡਿਪਟੀ ਕਮਿਸ਼ਨਰ ਨੇ ਝੁਨੀਰ, ਭੰਮੇ ਕਲਾਂ ਅਤੇ ਸਾਹਨੇਵਾਲੀ ਦੇ ਅਗਾਂਹਵਧੂ ਕਿਸਾਨਾਂ ਦੇ ਖੇਤਾਂ ਦਾ ਕੀਤਾ ਦੌਰਾ

ਡਿਪਟੀ ਕਮਿਸ਼ਨਰ ਨੇ ਝੁਨੀਰ, ਭੰਮੇ ਕਲਾਂ ਅਤੇ ਸਾਹਨੇਵਾਲੀ ਦੇ ਅਗਾਂਹਵਧੂ ਕਿਸਾਨਾਂ ਦੇ ਖੇਤਾਂ ਦਾ ਕੀਤਾ ਦੌਰਾ

ਮਾਨਸਾ, 12 ਨਵੰਬਰ
         ਜ਼ਿਲ੍ਹਾ ਮਾਨਸਾ ਵਿੱਚ ਪਰਾਲੀ ਪ੍ਰਬੰਧਨ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਨਵਜੋਤ ਕੌਰ ਵਲੋਂ ਲਗਾਤਾਰ ਵੱਖ ਵੱਖ ਪਿੰਡਾਂ ਦੇ ਦੌਰੇ ਕੀਤੇ ਜਾ ਰਹੇ ਹਨ ਅਤੇ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ।
     ਇਸ ਮੁਹਿੰਮ ਤਹਿਤ ਅੱਜ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਆਈ.ਏ.ਐੱਸ ਨੇ ਅੱਜ ਝੁਨੀਰ, ਭੰਮੇ ਕਲਾਂ ਅਤੇ ਸਾਹਨੇਵਾਲੀ ਦੇ ਅਗਾਂਹਵਧੂ ਕਿਸਾਨਾਂ ਦੇ ਖੇਤਾਂ ਦਾ ਦੌਰਾ ਕਰਦਿਆਂ ਬੇਲਰ ਦੀ ਵਰਤੋਂ ਨਾਲ ਪਰਾਲੀ ਦਾ ਪ੍ਰਬੰਧਨ ਅਤੇ ਸੁਪਰ ਸੀਡਰ ਦੀ ਵਰਤੋਂ ਨਾਲ ਕਣਕ ਦੀ ਬਿਜਾਈ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਨੂੰ ਅਜਿਹਾ ਨਾ ਕਰਕੇ ਪਰਾਲੀ ਦਾ ਖੇਤੀ ਮਸ਼ੀਨਰੀ ਨਾਲ ਯੋਗ ਪ੍ਰਬੰਧਨ ਕਰਨ ਲਈ ਕਿਹਾ।  ਇਸ ਮੌਕੇ ਐੱਸ ਐੱਸ ਪੀ ਮਾਨਸਾ ਭਾਗੀਰਥ ਸਿੰਘ ਮੀਨਾ ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਾਤਾਵਰਣ ਨੂੰ ਸ਼ੁੱਧ ਰੱਖਣ ਅਤੇ ਮਿੱਟੀ ਦੀ ਸਿਹਤ ਬਰਕਰਾਰ ਰੱਖਣ ਲਈ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਇ ਖੇਤ ਵਿੱਚ ਵਾਹ ਕੇ ਕਣਕ ਜਾਂ ਹੋਰ ਫਸਲਾਂ ਦੀ ਬਿਜਾਈ ਕਰਨੀ ਚਾਹੀਦੀ ਹੈ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਪਰਾਲੀ ਨੂੰ ਖੇਤ ਵਿੱਚ ਵਾਹ ਕੇ ਮਿੱਟੀ ਦੀ ਸਿਹਤ ਵਿੱਚ ਸੁਧਾਰ ਕੀਤਾ ਜਾਵੇ ਕਿਉਂਕਿ ਪਰਾਲੀ ਵਿੱਚੋਂ ਜ਼ਮੀਨ ਨੂੰ ਕਈ ਤਰ੍ਹਾਂ ਦੇ ਤੱਤ ਮਿਲਦੇ ਹਨ, ਜਿਸ ਨਾਲ ਖਾਦਾਂ ਦਾ ਖਰਚਾ ਵੀ ਘੱਟਦਾ ਹੈ।

ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਦੇ ਆਦੇਸ਼ਾਂ 'ਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਝੁਨੀਰ ਅਤੇ ਭੰਮੇ ਕਲਾਂ ਦੇ ਖੇਤਾਂ ਵਿਚ ਤਿੰਨ ਥਾਂ 'ਤੇ ਪਰਾਲੀ ਨੂੰ ਲੱਗੀ ਅੱਗ ਨੂੰ ਬੁਝਾਇਆ ਗਿਆ।

ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਸ. ਹਰਵਿੰਦਰ ਸਿੰਘ ਵੀ ਮੌਜੂਦ ਸਨ।