ਹਲਕਾ ਲਹਿਰਾ ਦੇ ਸਾਰੇ ਪਿੰਡਾਂ ਦੇ ਵਿਕਾਸ ਕਾਰਜ ਜਲਦ ਤੋਂ ਜਲਦ ਕੀਤੇ ਜਾਣ ਮੁਕੰਮਲ: ਬਰਿੰਦਰ ਕੁਮਾਰ ਗੋਇਲ

ਹਲਕਾ ਲਹਿਰਾ ਦੇ ਸਾਰੇ ਪਿੰਡਾਂ ਦੇ ਵਿਕਾਸ ਕਾਰਜ ਜਲਦ ਤੋਂ ਜਲਦ ਕੀਤੇ ਜਾਣ ਮੁਕੰਮਲ: ਬਰਿੰਦਰ ਕੁਮਾਰ ਗੋਇਲ

ਲਹਿਰਾਗਾਗਾ, 21 ਅਗਸਤ:      ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਲਹਿਰਾਗਾਗਾ ਵਿਖੇ ਹਲਕਾ ਲਹਿਰਾ ਦੇ ਸਮੂਹ ਪਿੰਡਾਂ ਦੇ ਸਰਪੰਚਾਂ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕਰਦਿਆਂ ਪਿੰਡਾਂ ਵਿੱਚ ਚੱਲ ਰਹੇ ਅਤੇ ਪ੍ਰਸਤਾਵਿਤ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਨਾਲ ਸਬੰਧਤ ਵਿਕਾਸ ਪ੍ਰੋਜੈਕਟਾਂ ਨੂੰ ਪਹਿਲ ਦੇ ਆਧਾਰ ’ਤੇ ਮੁਕੰਮਲ ਕੀਤਾ ਜਾਵੇ ਤਾਂ ਜੋ ਇਨ੍ਹਾਂ ਦਾ ਲਾਭ ਆਮ ਲੋਕਾਂ ਤੱਕ ਜਲਦ ਤੋਂ ਜਲਦ ਪਹੁੰਚ ਸਕੇ।

ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਸਰਪੰਚਾਂ ਤੋਂ ਉਨ੍ਹਾਂ ਦੇ ਪਿੰਡਾਂ ਦੀਆਂ ਵਿਕਾਸ ਸਬੰਧੀ ਲੋੜਾਂ, ਚੱਲ ਰਹੇ ਕੰਮਾਂ ਅਤੇ ਦਰਪੇਸ਼ ਸਮੱਸਿਆਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਪਿੰਡਾਂ ਦਾ ਸਰਵਪੱਖੀ ਵਿਕਾਸ ਪੰਜਾਬ ਸਰਕਾਰ ਦੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ ਅਤੇ ਇਸ ਲਈ ਪਿੰਡ ਪੱਧਰ ’ਤੇ ਲੋੜੀਂਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਸ੍ਰੀ ਗੋਇਲ ਨੇ ਕਿਹਾ ਕਿ ਸੜਕਾਂ, ਗਲੀਆਂ-ਨਾਲੀਆਂ, ਪੀਣ ਵਾਲਾ ਪਾਣੀ, ਸੀਵਰੇਜ, ਸਟਰੀਟ ਲਾਈਟਾਂ, ਸਫ਼ਾਈ, ਛੱਪੜਾਂ ਦੀ ਸਾਂਭ-ਸੰਭਾਲ ਅਤੇ ਹੋਰ ਜਨਤਕ ਸਹੂਲਤਾਂ ਨਾਲ ਸਬੰਧਤ ਕੰਮਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਿਆ ਜਾਵੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਕਿਸਮ ਦੀ ਬੇਲੋੜੀ ਦੇਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਕੰਮਾਂ ਦੀ ਗੁਣਵੱਤਾ ਨਾਲ ਕਿਸੇ ਵੀ ਪੱਧਰ ’ਤੇ ਸਮਝੌਤਾ ਨਹੀਂ ਹੋਣਾ ਚਾਹੀਦਾ।

ਉਨ੍ਹਾਂ ਕਿਹਾ ਕਿ ਪੰਚਾਇਤਾਂ ਪਿੰਡਾਂ ਦੇ ਵਿਕਾਸ ਦੀ ਮੁੱਢਲੀ ਇਕਾਈਆਂ ਹਨ ਅਤੇ ਸਰਪੰਚਾਂ ਦੀਆਂ ਤਜਵੀਜ਼ਾਂ ਅਤੇ ਸਥਾਨਕ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਵਿਕਾਸ ਕਾਰਜਾਂ ਦੀ ਯੋਜਨਾਬੰਦੀ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਸਰਪੰਚਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪੋ-ਆਪਣੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੀ ਨਿਗਰਾਨੀ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆ ਕੇ ਉਨ੍ਹਾਂ ਦਾ ਜਲਦ ਹੱਲ ਯਕੀਨੀ ਬਣਾਉਣ।

ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੰਚਾਇਤਾਂ ਵੱਲੋਂ ਉਠਾਏ ਗਏ ਮੁੱਦਿਆਂ ’ਤੇ ਤੁਰੰਤ ਕਾਰਵਾਈ ਕੀਤੀ ਜਾਵੇ ਅਤੇ ਵੱਖ-ਵੱਖ ਵਿਭਾਗਾਂ ਨਾਲ ਤਾਲਮੇਲ ਕਰਕੇ ਵਿਕਾਸ ਕਾਰਜਾਂ ਨੂੰ ਨਿਰਧਾਰਤ ਸਮੇਂ ਅੰਦਰ ਪੂਰਾ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਦੇ ਬਰਾਬਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਹਲਕਾ ਲਹਿਰਾ ਦੇ ਹਰੇਕ ਪਿੰਡ ਦਾ ਯੋਜਨਾਬੱਧ ਤੇ ਟਿਕਾਊ ਵਿਕਾਸ ਯਕੀਨੀ ਬਣਾਉਣਾ ਹੈ।

ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ ਅਤੇ ਵਿਕਾਸ ਕਾਰਜਾਂ ਲਈ ਲੋੜੀਂਦੇ ਫੰਡਾਂ ਦੀ ਸੁਚੱਜੀ ਵਰਤੋਂ ਕਰਦਿਆਂ ਹਰੇਕ ਪਿੰਡ ਤੱਕ ਵਿਕਾਸ ਦਾ ਲਾਭ ਪਹੁੰਚਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੀਟਿੰਗ ਵਿੱਚ ਹਲਕਾ ਲਹਿਰਾ ਦੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਤੋਂ ਇਲਾਵਾ ਪੰਚਾਇਤ ਵਿਭਾਗ ਦੇ ਅਧਿਕਾਰੀ ਅਤੇ ਹੋਰ ਸਬੰਧਤ ਅਧਿਕਾਰੀ ਹਾਜ਼ਰ ਸਨ।