ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਚਾਰ ਪਿੰਡਾਂ ਵਿੱਚ 1,501 ਪ੍ਰਾਪਰਟੀ ਕਾਰਡਾਂ ਦੀ ਵੰਡ
ਸੰਗਰੂਰ, 24 ਅਕਤੂਬਰ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਓ.ਐੱਸ.ਡੀ. ਤਪਿੰਦਰ ਸਿੰਘ ਸੋਹੀ ਨੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਚਾਰ ਪਿੰਡਾਂ ਦੇ ਲਾਭਪਾਤਰੀਆਂ ਨੂੰ ਕੁੱਲ 1,501 ਪ੍ਰਾਪਰਟੀ ਕਾਰਡ ਵੰਡੇ। ਇਸ ਤਹਿਤ ਪਿੰਡ ਧਰਮਗੜ੍ਹ ਵਿਖੇ 401, ਪਿੰਡ ਜਖੇਪਲ ਧਾਲੀਵਾਲ ਬਾਸ ਵਿਖੇ 163, ਪਿੰਡ ਚੱਠਾ ਨਨਹੇੜਾ ਵਿਖੇ 323 ਅਤੇ ਪਿੰਡ ਗੰਢੂਆਂ ਵਿਖੇ 614 ਪ੍ਰਾਪਰਟੀ ਕਾਰਡਾਂ ਦੀ ਵੰਡ ਕੀਤੀ ਗਈ।
ਇਸ ਮੌਕੇ ਤਪਿੰਦਰ ਸਿੰਘ ਸੋਹੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕਰਨ ਅਤੇ ਉਨ੍ਹਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਹਲਕੇ ਦੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਨਾਲ-ਨਾਲ ਲੋਕਾਂ ਦੇ ਪ੍ਰਸ਼ਾਸਨਿਕ ਕੰਮਾਂ ਦੇ ਨਿਪਟਾਰੇ ਨੂੰ ਵੀ ਤਰਜੀਹ ਦਿੱਤੀ ਜਾ ਰਹੀ ਹੈ।
ਤਪਿੰਦਰ ਸਿੰਘ ਸੋਹੀ ਨੇ ਕਿਹਾ ਕਿ ‘ਮੇਰਾ ਘਰ ਮੇਰੇ ਨਾਮ’ ਸਕੀਮ ਪਿੰਡਾਂ ਦੇ ਲੋਕਾਂ ਨੂੰ ਉਨ੍ਹਾਂ ਦੀਆਂ ਰਿਹਾਇਸ਼ੀ ਜਾਇਦਾਦਾਂ ਦੇ ਮਾਲਕਾਨਾ ਦਸਤਾਵੇਜ਼ ਮੁਹੱਈਆ ਕਰਵਾਉਣ ਵੱਲ ਇੱਕ ਅਹਿਮ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਆਪਣੇ ਘਰ ਨਾਲ ਸਬੰਧਤ ਦਸਤਾਵੇਜ਼ ਮਿਲਣ ਨਾਲ ਲਾਭਪਾਤਰੀਆਂ ਨੂੰ ਆਪਣੀ ਜਾਇਦਾਦ ਦੇ ਰਿਕਾਰਡ ਬਾਰੇ ਸਪੱਸ਼ਟਤਾ ਮਿਲਦੀ ਹੈ ਅਤੇ ਭਵਿੱਖ ਲਈ ਇਨ੍ਹਾਂ ਦਸਤਾਵੇਜ਼ਾਂ ਨੂੰ ਸੰਭਾਲ ਕੇ ਰੱਖਣਾ ਬੇਹੱਦ ਜ਼ਰੂਰੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਹੈ ਕਿ ਯੋਗ ਲਾਭਪਾਤਰੀਆਂ ਤੱਕ ਸਕੀਮਾਂ ਦਾ ਲਾਭ ਸੁਚਾਰੂ ਢੰਗ ਨਾਲ ਪਹੁੰਚੇ ਅਤੇ ਲੋਕਾਂ ਨੂੰ ਆਪਣੇ ਕੰਮਾਂ ਲਈ ਬੇਲੋੜੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪ੍ਰਾਪਰਟੀ ਕਾਰਡਾਂ ਵਿੱਚ ਦਰਜ ਵੇਰਵਿਆਂ ਨੂੰ ਧਿਆਨ ਨਾਲ ਪੜ੍ਹਨ ਅਤੇ ਕਿਸੇ ਵੀ ਤਰ੍ਹਾਂ ਦੀ ਦਰੁਸਤੀ ਜਾਂ ਜਾਣਕਾਰੀ ਲਈ ਸਬੰਧਤ ਅਧਿਕਾਰੀਆਂ ਨਾਲ ਸੰਪਰਕ ਕਰਨ।
ਤਪਿੰਦਰ ਸਿੰਘ ਸੋਹੀ ਨੇ ਕਿਹਾ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਅਤੇ ਉਨ੍ਹਾਂ ਦੇ ਹੱਲ ਲਈ ਯਤਨ ਨਿਰੰਤਰ ਜਾਰੀ ਰਹਿਣਗੇ।
ਉਨ੍ਹਾਂ ਨੇ ਪ੍ਰਾਪਰਟੀ ਕਾਰਡ ਪ੍ਰਾਪਤ ਕਰਨ ਵਾਲੇ ਲਾਭਪਾਤਰੀਆਂ ਨੂੰ ਵਧਾਈ ਦਿੰਦਿਆਂ ਭਰੋਸਾ ਦਿਵਾਇਆ ਕਿ ਲੋਕ ਭਲਾਈ ਸਕੀਮਾਂ ਦਾ ਲਾਭ ਹਰ ਯੋਗ ਪਰਿਵਾਰ ਤੱਕ ਪਹੁੰਚਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕੀਤਾ ਜਾਵੇਗਾ।
ਇਸ ਮੌਕੇ ਬਲਵੀਰ ਸਿੰਘ ਮਾਨ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਰਣਜੀਤ ਸਿੰਘ ਚੇਅਰਮੈਨ ਬਲਾਕ ਸੰਮਤੀ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਪਤਵੰਤੇ ਅਤੇ ਵੱਡੀ ਗਿਣਤੀ ਪਿੰਡਾਂ ਦੇ ਲੋਕ ਹਾਜ਼ਰ ਸਨ।

