ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਝੋਨੇ ਦੀ ਪਰਾਲੀ ਅਤੇ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਤੇ ਪਾਬੰਦੀ

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਝੋਨੇ ਦੀ ਪਰਾਲੀ ਅਤੇ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਤੇ ਪਾਬੰਦੀ

ਫਾਜ਼ਿਲਕਾ 13 ਸੰਤਬਰ
ਜ਼ਿਲ੍ਹਾ ਮੈਜਿਸਟਰੇਟ ਅਮਰਪ੍ਰੀਤ ਕੌਰ ਸੰਧੂ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 (ਪੁਰਾਣੀ ਸੀ.ਆਰ.ਪੀ.ਸੀ., 1973 ਦੀ ਧਾਰਾ 144) ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫਾਜਿਲਕਾ ਦੀ ਹਦੂਦ ਅੰਦਰ ਝੋਨੇ ਦੀ ਪਰਾਲੀ ਅਤੇ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਤੇ ਪਾਬੰਦੀ ਦੇ ਹੁਕਮ ਦਿੱਤੇ ਹਨ। ਇਹ ਹੁਕਮ 30 ਨਵੰਬਰ 2025 ਤੱਕ ਲਾਗੂ ਰਹਿਣਗੇ।
ਮੌਜੂਦਾ ਸਾਲ 2025 ਦੀ ਫਸਲ ਝੋਨੇ (ਜੀਰੀ) ਦੀ ਕਟਾਈ ਦਾ ਸੀਜਨ ਸ਼ੁਰੂ ਹੋਣ ਵਾਲਾ ਹੈ। ਵੇਖਣ ਵਿੱਚ ਆਇਆ ਹੈ ਕਿ ਝੋਨੇ ਦੀ ਫਸਲ ਕੱਟਣ ਉਪਰੰਤ ਪਰਾਲੀ ਦੀ ਰਹਿੰਦ ਖੂੰਹਦ ਨੂੰ ਸਬੰਧਤ ਮਾਲਕਾਂ ਵੱਲੋਂ ਅੱਗ ਲਗਾ ਦਿੱਤੀ ਜਾਂਦੀ ਹੈ। ਜਿਸ ਨਾਲ ਨੁਕਸਾਨ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਹਵਾ ਵਿੱਚ ਧੂੰਏ ਨਾਲ ਬਹੁਤ ਪ੍ਰਦੂਸ਼ਣ ਫੈਲਦਾ ਹੈ, ਜਿਸ ਨਾਲ ਸਾਹ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ।
ਰਹਿੰਦ ਖੂੰਹਦ ਨੂੰ ਅੱਗ ਲੱਗਣ ਨਾਲ ਜਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ। ਇਸ ਨਾਲ ਆਲੇ-ਦੁਆਲੇ ਖੜੀ ਫਸਲ ਜਾਂ ਪਿੰਡ ਵਿੱਚ ਅੱਗ ਲੱਗਣ ਦਾ ਡਰ ਰਹਿੰਦਾ ਹੈ। ਜਿਸ ਨਾਲ ਕਈ ਵੱਡੇ ਹਾਦਸੇ ਵੀ ਵਾਪਰ ਸਕਦੇ ਹਨ। ਸੜਕ ਦੁਆਲੇ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਆਵਾਜਾਈ ਵਿੱਚ ਵਿਘਨ ਪੈਂਦਾ ਹੈ ਅਤੇ ਕਈ ਹਾਦਸੇ ਹੋ ਜਾਂਦੇ ਹਨ। ਇਸ ਨਾਲ ਪਿੰਡਾਂ ਵਿੱਚ ਲੜਾਈ ਝਗੜਾ ਹੋਣ ਦਾ ਡਰ ਵੀ ਰਹਿੰਦਾ ਹੈ। ਇਸ ਨੂੰ ਰੋਕਣ ਲੋਕ ਹਿੱਤ ਵਿੱਚ ਬਹੁਤ ਜ਼ਰੂਰੀ ਹੈ। ਦੁਰਲਭ ਅਤੇ ਲਾਭਦਾਇਕ ਜੀਵ ਜੰਤੂਆਂ ਦੀ ਵਿਰਾਸਤ ਦਾ ਸਰਮਾਇਆ ਖਤਮ ਹੋ ਜਾਂਦਾ ਹੈ। ਲੋਕਾਂ ਦੀ ਸੁਰੱਖਿਆ ਅਤੇ ਅਮਨ ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਲਈ ਇਹ ਸਖਤ ਕਦਮ ਚੁੱਕਣ ਦੀ ਲੋੜ ਜਾਪਦੀ ਹੈ।