ਡਾ. ਰਮਨਦੀਪ ਸਿੰਗਲਾ ਨੇ ਬਤੌਰ ਸਿਵਲ ਸਰਜਨ ਮਾਲੇਰਕੋਟਲਾ ਸੰਭਾਲਿਆ ਅਹੁਦਾ
ਮਾਲੇਰਕੋਟਲਾ, 27 ਜਨਵਰੀ -
ਪਦਉੱਨਤ ਹੋਏ ਡਾ. ਰਮਨਦੀਪ ਸਿੰਗਲਾ ਵਲੋਂ ਬਤੌਰ ਸਿਵਲ ਸਰਜਨ ਮਲੇਰਕੋਟਲਾ ਅਹੁਦਾ ਸੰਭਾਲਿਆ ਗਿਆ। ਇਸ ਤੋਂ ਪਹਿਲਾਂ ਉਹ ਬਤੌਰ ਡਿਪਟੀ ਮੈਡੀਕਲ ਕਮਿਸ਼ਨਰ ਬਠਿੰਡਾ ਆਪਣੀਆਂ ਸੇਵਾਂਵਾ ਨਿਭਾ ਚੁੱਕੇ ਹਨ। ਅਹੁਦਾ ਸੰਭਾਲਣ ਉਪਰੰਤ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਿਹਤ ਯੋਜਨਾਵਾਂ ਦਾ ਲਾਭ ਹਰ ਯੋਗ ਵਿਅਕਤੀ ਤੱਕ ਪਹੁੰਚਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਬਿਹਤਰ ਸਿਹਤ, ਨਸ਼ਾ ਮੁਕਤੀ, ਟੀ.ਬੀ. ਮੁਕਤ ਮੁਹਿੰਮ, ਅਤੇ ਗੈਰ-ਸੰਚਾਰੀ ਬਿਮਾਰੀਆਂ ਦੀ ਰੋਕਥਾਮ ਸਬੰਧੀ ਸੇਵਾਵਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਇਮਾਨਦਾਰੀ ਨਾਲ ਆਪਣੀ ਡਿਊਟੀ ਨਿਭਾਉਣ ਲਈ ਪ੍ਰੇਰਿਤ ਕੀਤਾ।
ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਉਪਲੱਬਧ ਮੁਫ਼ਤ ਸਹੂਲਤਾਂ ਦਾ ਪੂਰਾ ਲਾਭ ਲੈਣ ਅਤੇ ਕਿਸੇ ਵੀ ਤਰ੍ਹਾਂ ਦੀ ਬਿਮਾਰੀ ਦੇ ਲੱਛਣ ਨਜ਼ਰ ਆਉਣ ’ਤੇ ਤੁਰੰਤ ਡਾਕਟਰੀ ਸਲਾਹ ਲਈ ਜਾਵੇ। ਸਿਵਲ ਸਰਜਨ ਨੇ ਕਿਹਾ ਕਿ ਸਿਹਤ ਸੇਵਾਵਾਂ ਵਿੱਚ ਪਾਰਦਰਸ਼ਤਾ ਅਤੇ ਸੁਧਾਰ ਲਈ ਲੋਕਾਂ ਦੇ ਸੁਝਾਵਾਂ ਦਾ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਜ਼ਿਲ੍ਹੇ ਦੀ ਸਿਹਤ ਪ੍ਰਣਾਲੀ ਨੂੰ ਮਜ਼ਬੂਤ ਅਤੇ ਲੋਕ-ਹਿਤੈਸ਼ੀ ਬਣਾਉਣ ਲਈ ਟੀਮ ਵਰਕ ਨਾਲ ਕੰਮ ਕੀਤਾ ਜਾਵੇਗਾ ਅਤੇ ਲੋਕਾਂ ਦੀ ਸਿਹਤ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਤੇ ਲੋਕਾਂ ਤੱਕ ਮਿਆਰੀ ਸਿਹਤ ਸਹੂਲਤਾਂ ਪੁੱਜਦੀਆਂ ਕਰਨ ਲਈ ਯਤਨਸੀਲ ਰਹਿਣਗੇ।
ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਸਜੀਲਾ ਖਾਨ, ਜਿਲਾ ਪਰਿਵਾਰ ਭਲਾਈ ਅਫਸਰ ਡਾ.ਸੀਮਾ ਜੱਸਲ, ਜਿਲ੍ਹਾ ਸਿਹਤ ਅਫਸਰ ਡਾ. ਪਨੀਤ ਸਿੱਧੂ, ਜ਼ਿਲ੍ਹਾ ਮਾਸ ਮੀਡੀਆ ਵਿੰਗ ਤੋਂ ਰਣਵੀਰ ਸਿੰਘ ਢੰਡੇ, ਬਲਾਕ ਐਜੂਕੇਟਰ ਜਗਸੀਰ ਸਿੰਘ ਟਿੱਬਾ, ਡੀ.ਸੀ.ਐਮ. ਸੋਹਾਵਾ ਸਿੰਘ ਮਾਨ ਹਾਜ਼ਰ ਸਨ।


