ਨਸ਼ਿਆਂ ਦੇ ਖਾਤਮੇ ਲਈ ਪਿੰਡ ਪੱਧਰ 'ਤੇ ਲੋਕਾਂ ਨੂੰ ਜਾਗਰੂਕ ਕਰਨ, ਨੌਜਵਾਨਾਂ ਨੂੰ ਖੇਡਾਂ ਅਤੇ ਸਮਾਜਿਕ ਗਤੀਵਿਧੀਆਂ ਨਾਲ ਜੋੜਨ ਲਈ ਕੀਤੇ ਉਪਰਾਲੇ- ਵਿਧਾਇਕ ਗੁਰਦੀਪ ਸਿੰਘ ਰੰਧਾਵਾ
ਡੇਰਾ ਬਾਬਾ ਨਾਨਕ/ਗੁਰਦਾਸਪੁਰ, 6 ਜੂਨ- ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੀ ਅਗਵਾਈ ਵਿੱਚ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਹਲਕਾ ਡੇਰਾ ਬਾਬਾ ਨਾਨਕ ਦੇ ਸਰਪੰਚ ਸਾਥੀਆਂ ਨਾਲ ਅਹਿਮ ਮੀਟਿੰਗ ਕੀਤੀ ਅਤੇ ਮੀਟਿੰਗ ਦੌਰਾਨ ਨਸ਼ਿਆਂ ਦੇ ਖਾਤਮੇ ਲਈ ਪਿੰਡ ਪੱਧਰ 'ਤੇ ਲੋਕਾਂ ਨੂੰ ਜਾਗਰੂਕ ਕਰਨ, ਨੌਜਵਾਨਾਂ ਨੂੰ ਖੇਡਾਂ ਅਤੇ ਸਮਾਜਿਕ ਗਤੀਵਿਧੀਆਂ ਨਾਲ ਜੋੜਨ ਅਤੇ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਸਾਂਝੇ ਯਤਨਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਐੱਸ.ਡੀ.ਐਮ ਡੇਰਾ ਬਾਬਾ ਨਾਨਕ ਆਦਿੱਤਿਆ ਸ਼ਰਮਾ, ਡੀ.ਐੱਸ.ਸੀ ਪੀ ਜੋਗਾ ਸਿੰਘ ਅਤੇ ਨਸ਼ਾ ਮੁਕਤੀ ਮੋਰਚਾ ਦੇ ਅਹੁਦੇਦਾਰ ਮੌਜੂਦ ਸਨ।
ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਲਈ ਯੁੱਧ ਨਸ਼ਿਆਂ ਵਿਰੁੱਧ ਚਲਾਇਆ ਜਾ ਰਿਹਾ ਹੈ ਅਤੇ ਸੂਬਾ ਸਰਕਾਰ ਵੱਲੋਂ ਨਸ਼ਾ ਤਸਕਰਾਂ ਖਿਲਾਫ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ ਜਿਸ ਦੇ ਹਾਂ-ਪੱਖੀ ਨਤੀਜੇ ਸਾਹਮਣੇ ਆ ਰਹੇ ਹਨ।
ਉਨ੍ਹਾਂ ਨੇ ਅੱਗੇ ਕਿਹਾ ਕਿ ਨਸ਼ਾ ਮੁਕਤੀ ਮੋਰਚਾ ਦੇ ਸਾਰੇ ਵਲੰਟੀਅਰਜ਼, ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਵੱਲੋਂ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਬੜੀ ਸਰਗਰਮੀ ਨਾਲ ਕੰਮ ਕੀਤਾ ਜਾ ਰਿਹਾ ਹੈ।
ਮੀਟਿੰਗ ਦੌਰਾਨ ਐੱਸ ਡੀ ਐਮ, ਆਦਿੱਤਿਆ ਸ਼ਰਮਾ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਦੂਸਰੇ ਫੇਜ਼ ਤਹਿਤ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਮੀਟਿੰਗ ਕੀਤੀਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਤਹਿਤ ਡੇਰਾ ਬਾਬਾ ਨਾਨਕ ਵਿੱਚ ਕੀਤੀ ਮੀਟਿੰਗ ਦੌਰਾਨ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਨੂੰ ਹੋਰ ਤੇਜ਼ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਸਬੰਧੀ ਵਿਸਥਾਰਪੂਰਵਕ ਵਿਚਾਰ- ਵਟਾਂਦਰਾ ਕੀਤਾ ਗਿਆ ਅਤੇ ਅਗਲੇ ਦਿਨਾਂ ਵਿੱਚ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਮੀਟਿੰਗ ਵਿੱਚ ਇਹ ਵੀ ਫੈਸਲਾ ਲਿਆ ਗਿਆ ਕਿ ਆਉਣ ਵਾਲੇ ਸਮੇਂ ਵਿੱਚ ਜਾਗਰੂਕਤਾ ਮੁਹਿੰਮ, ਸੈਮੀਨਾਰ ਅਤੇ ਕੈਂਪ ਵੱਡੇ ਪੱਧਰ `ਤੇ ਲਗਾਏ ਜਾਣਗੇ।
ਇਸ ਮੌਕੇ ਨਸ਼ਾ ਮੁਕਤੀ ਮੋਰਚਾ ਡੇਰਾ ਬਾਬਾ ਨਾਨਕ ਦੇ ਅਹੁਦੇਦਾਰ ਸਾਹਿਬਾਨ ਹਾਜ਼ਰ ਸਨ ਅਤੇ ਸਾਰੇ ਮੈਂਬਰਾਂ ਵੱਲੋਂ ਨਸ਼ਿਆਂ ਦੇ ਖਿਲਾਫ਼ ਜੰਗ ਨੂੰ ਹੋਰ ਮਜ਼ਬੂਤ ਬਣਾਉਣ ਲਈ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ।

