ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਿਹਤ ਸਕੀਮਾਂ ਦਾ ਲਾਭ ਹਰ ਵਿਅਕਤੀ ਤੱਕ ਪਹੁੰਚਣਾ ਯਕੀਨੀ ਬਣਾਉਣਾ ਸਿਹਤ ਵਿਭਾਗ ਦੀ ਪਹਿਲੀ ਤਰਜੀਹ - ਸਿਵਲ ਸਰਜਨ
By NIRPAKH POST
On
ਰੂਪਨਗਰ, 16 ਦਸੰਬਰ: ਸਿਵਲ ਸਰਜਨ ਰੂਪਨਗਰ ਡਾ. ਸੁਖਵਿੰਦਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਸਿਵਲ ਸੁਰਜਨ ਦਫ਼ਤਰ ਰੂਪਨਗਰ ਵਿਖੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ (ਐਸਐਮਓਜ਼) ਅਤੇ ਵੱਖ-ਵੱਖ ਪ੍ਰੋਗਰਾਮ ਅਫਸਰਾਂ ਦੀ ਮਹੀਨਾਵਾਰ ਸਮੀਖਿਆ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦਾ ਮੁੱਖ ਉਦੇਸ਼ ਜ਼ਿਲ੍ਹੇ ਵਿੱਚ ਚੱਲ ਰਹੇ ਸਮੂਹ ਨੈਸ਼ਨਲ ਪ੍ਰੋਗਰਾਮਾਂ ਅਤੇ ਸਿਹਤ ਸਕੀਮਾਂ ਦੀ ਪ੍ਰਗਤੀ ਦਾ ਵਿਸਥਾਰ ਨਾਲ ਰਿਵਿਊ ਕਰਨਾ ਅਤੇ ਆਉਣ ਵਾਲੇ ਸਮੇਂ ਲਈ ਕਾਰਜ ਯੋਜਨਾ ਤਿਆਰ ਕਰਨਾ ਸੀ।
ਮੀਟਿੰਗ ਦੌਰਾਨ ਡਾ. ਸੁਖਵਿੰਦਰਜੀਤ ਸਿੰਘ ਨੇ ਟੀਬੀ ਮੁਕਤ ਭਾਰਤ ਅਭਿਆਨ, ਮਾਤਾ ਅਤੇ ਸ਼ਿਸ਼ੁ ਸਿਹਤ ਸੇਵਾਵਾਂ, ਆਭਾ ਆਈ.ਡੀ., ਟੀਕਾਕਰਨ ਪ੍ਰੋਗਰਾਮ, ਪਰਿਵਾਰ ਕਲਿਆਣ, ਗੈਰ-ਸੰਕਰਾਮਕ ਰੋਗਾਂ (ਐਨਸੀਡੀ), ਆਯੁਸ਼ਮਾਨ ਭਾਰਤ-ਆਰੋਗਿਆ ਕੇਂਦਰਾਂ, ਨੈਸ਼ਨਲ ਮੈਂਟਲ ਹੈਲਥ ਪ੍ਰੋਗਰਾਮ, ਨੈਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ ਨੈਸ਼ਨਲ ਏਡਜ਼ ਕੰਟਰੋਲ ਪ੍ਰੋਗਰਾਮ ਅਤੇ ਪੀ.ਐਨ.ਡੀ.ਟੀ. ਪ੍ਰੋਗਰਾਮ ਦੀ ਪ੍ਰਗਤੀ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਿਹਤ ਸਕੀਮਾਂ ਦਾ ਲਾਭ ਹਰ ਵਿਅਕਤੀ ਤੱਕ ਪਹੁੰਚਣਾ ਯਕੀਨੀ ਬਣਾਉਣਾ ਸਿਹਤ ਵਿਭਾਗ ਦੀ ਪਹਿਲੀ ਤਰਜੀਹ ਹੈ।
ਸਿਵਲ ਸਰਜਨ ਨੇ ਟੀਕਾਕਰਨ ਦੀ ਕਵਰੇਜ 100 ਫੀਸਦੀ ਤੱਕ ਲਿਜਾਣ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਕੋਈ ਵੀ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ। ਉਨ੍ਹਾਂ ਨੇ ਐਸਐਮਓਜ਼ ਨੂੰ ਹਦਾਇਤ ਕੀਤੀ ਕਿ ਫੀਲਡ ਪੱਧਰ ’ਤੇ ਟੀਮਾਂ ਦੀ ਨਿਗਰਾਨੀ ਹੋਰ ਮਜ਼ਬੂਤ ਕੀਤੀ ਜਾਵੇ ਅਤੇ ਡਾਟਾ ਦੀ ਸਹੀ ਅਤੇ ਸਮੇਂ ਸਿਰ ਐਂਟਰੀ ਯਕੀਨੀ ਬਣਾਈ ਜਾਵੇ। ਟੀਬੀ ਮੁਕਤ ਭਾਰਤ ਅਭਿਆਨ ਸਬੰਧੀ ਗੱਲ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਟੀਬੀ ਦੇ ਮਰੀਜ਼ਾਂ ਦੀ ਜਲਦੀ ਪਛਾਣ, ਮੁਫ਼ਤ ਇਲਾਜ ਅਤੇ ਨਿਯਮਿਤ ਫਾਲੋਅੱਪ ਬਹੁਤ ਜ਼ਰੂਰੀ ਹੈ ਤਾਂ ਜੋ ਜ਼ਿਲ੍ਹੇ ਨੂੰ ਟੀਬੀ ਮੁਕਤ ਬਣਾਉਣ ਦਾ ਲਕੜੀ ਹਾਸਲ ਕੀਤਾ ਜਾ ਸਕੇ।
ਮੀਟਿੰਗ ਦੌਰਾਨ ਮਾਤਾ ਅਤੇ ਸ਼ਿਸ਼ੁ ਸਿਹਤ ਸੇਵਾਵਾਂ ਦੀ ਸਮੀਖਿਆ ਕਰਦਿਆਂ ਡਾ. ਸੁਖਵਿੰਦਰਜੀਤ ਸਿੰਘ ਨੇ ਗਰਭਵਤੀ ਮਹਿਲਾਵਾਂ ਦੀ ਸਮੇਂ ਸਿਰ ਰਜਿਸਟ੍ਰੇਸ਼ਨ, ਨਿਯਮਿਤ ਐਨਟੇਨੇਟਲ ਚੈਕਅਪ ਅਤੇ ਸੰਸਥਾਗਤ ਡਿਲੀਵਰੀਆਂ ’ਤੇ ਵਿਸ਼ੇਸ਼ ਧਿਆਨ ਦੇਣ ਲਈ ਕਿਹਾ। ਉਨ੍ਹਾਂ ਨੇ ਦੱਸਿਆ ਕਿ ਮਾਤਾ ਮੌਤ ਦਰ ਅਤੇ ਸ਼ਿਸ਼ੁ ਮੌਤ ਦਰ ਨੂੰ ਘਟਾਉਣਾ ਸਿਹਤ ਵਿਭਾਗ ਦੀ ਮੁੱਖ ਪ੍ਰਾਥਮਿਕਤਾ ਹੈ।ਆਯੁਸ਼ਮਾਨ ਭਾਰਤ ਸਕੀਮ ਅਧੀਨ ਆਰੋਗਿਆ ਕੇਂਦਰਾਂ ਦੀ ਕਾਰਗੁਜ਼ਾਰੀ ’ਤੇ ਵੀ ਵਿਚਾਰ-ਵਟਾਂਦਰਾ ਕੀਤੀ ਗਈ।
ਸਿਵਲ ਸਰਜਨ ਨੇ ਹਦਾਇਤ ਕੀਤੀ ਕਿ ਆਰੋਗਿਆ ਕੇਂਦਰਾਂ ਵਿੱਚ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਦੀ ਗੁਣਵੱਤਾ ਨੂੰ ਹੋਰ ਬਿਹਤਰ ਬਣਾਇਆ ਜਾਵੇ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਸਿਹਤ ਸੇਵਾਵਾਂ ਦਾ ਲਾਭ ਦਿੱਤਾ ਜਾਵੇ। ਉਨ੍ਹਾਂ ਨੇ ਐਨਸੀਡੀ ਪ੍ਰੋਗਰਾਮ ਹੇਠ ਬਲੱਡ ਪ੍ਰੈਸ਼ਰ, ਸ਼ੂਗਰ ਅਤੇ ਕੈਂਸਰ ਦੀ ਸਕ੍ਰੀਨਿੰਗ ਨੂੰ ਤੇਜ਼ ਕਰਨ ਲਈ ਵੀ ਜ਼ੋਰ ਦਿੱਤਾ।
ਮੀਟਿੰਗ ਵਿੱਚ ਸਿਵਲ ਸਰਜਨ ਵੱਲੋਂ ਸਫ਼ਾਈ ਪ੍ਰਬੰਧ, ਦਵਾਈਆਂ ਦੀ ਉਪਲਬਧਤਾ, ਸਿਹਤ ਸੰਸਥਾਵਾਂ ਵਿੱਚ ਸਟਾਫ਼ ਦੀ ਹਾਜ਼ਰੀ ਅਤੇ ਮਰੀਜ਼ਾਂ ਨਾਲ ਸੁਚੱਜੇ ਵਿਹਾਰ ਬਾਰੇ ਵੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਉਨ੍ਹਾਂ ਨੇ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਆਉਣ ਵਾਲੇ ਹਰ ਮਰੀਜ਼ ਨਾਲ ਸੰਵੇਦਨਸ਼ੀਲਤਾ ਅਤੇ ਸਨਮਾਨ ਨਾਲ ਪੇਸ਼ ਆਇਆ ਜਾਵੇ।
ਡਾ. ਸੁਖਵਿੰਦਰਜੀਤ ਸਿੰਘ ਨੇ ਸਮੂਹ ਐਸਐਮਓਜ਼ ਅਤੇ ਪ੍ਰੋਗਰਾਮ ਅਫਸਰਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਜ਼ਿਲ੍ਹੇ ਦੀ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਹਰ ਅਧਿਕਾਰੀ ਆਪਣੀ ਜ਼ਿੰਮੇਵਾਰੀ ਨਿਭਾਏ। ਮੀਟਿੰਗ ਵਿੱਚ ਵੱਖ-ਵੱਖ ਪ੍ਰੋਗਰਾਮ ਅਫਸਰਾਂ ਵੱਲੋਂ ਆਪਣੇ-ਆਪਣੇ ਪ੍ਰੋਗਰਾਮਾਂ ਦੀ ਪ੍ਰਗਤੀ ਰਿਪੋਰਟ ਵੀ ਪੇਸ਼ ਕੀਤੀ ਗਈ।
ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਬੋਬੀ ਗੁਲਾਟੀ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਅੰਜਲੀ ਚੌਧਰੀ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਨਵਰੂਪ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਵਰਿੰਦਰ ਕੁਮਾਰ, ਜ਼ਿਲ੍ਹਾ ਸਮੂਹ ਸਿੱਖਿਆ ਸੂਚਨਾ ਅਫਸਰ ਮੈਡਮ ਗੁਰਮੀਤ ਕੌਰ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਡੋਲੀ ਸਿੰਗਲਾ ਸਮੂਹ ਬਲਾਕਾਂ ਦੇ ਐਸਐਮਓਜ ਅਤੇ ਸਿਵਲ ਸਰਜਨ ਦਫਤਰ ਦੇ ਸੰਬੰਧਿਤ ਸਟਾਫ ਮੈਂਬਰ ਹਾਜ਼ਰ ਸਨ।
Tags:


