ਭਗਵੰਤ ਮਾਨ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਲਾਗੂ, ਹਰੇਕ ਪਰਿਵਾਰ ਨੂੰ ਮਿਲੇਗਾ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ
ਚੰਡੀਗੜ੍ਹ, 23 ਜਨਵਰੀ, 2026 :
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਿਹਤ ਸੰਭਾਲ ਖੇਤਰ ਵਿੱਚ ਇੱਕ ਵੱਡਾ ਮੀਲ ਪੱਥਰ ਤੇ ਲੀਹੋ-ਹਟਵੀਂ ਪਹਿਲਕਦਮੀ ਕਰਦਿਆਂ ਮੁੱਖ ਮੰਤਰੀ ਸਿਹਤ ਯੋਜਨਾ ਲਾਗੂ ਕੀਤੀ ਹੈ, ਜੋ ਇਹ ਯਕੀਨੀ ਬਣਾਉਂਦੀ ਹੈ ਕਿ ਸੂਬੇ ਦੇ ਹਰ ਨਿਵਾਸੀ ਨੂੰ ਵਿੱਤੀ ਤੰਗੀਆਂ-ਤੁਰਸ਼ੀਆਂ ਦੇ ਬੋਝ ਤੋਂ ਬਿਨਾਂ ਮਿਆਰੀ ਡਾਕਟਰੀ ਇਲਾਜ ਮਿਲੇ। ਇਹ ਯੋਜਨਾ ਪ੍ਰਤੀ ਪਰਿਵਾਰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਡਾਕਟਰੀ ਇਲਾਜ ਪ੍ਰਦਾਨ ਕਰਦੀ ਹੈ, ਜੋ ਦੇਸ਼ ਦੇ ਸਭ ਤੋਂ ਵਿਸ਼ਾਲ ਅਤੇ ਵਿਆਪਕ ਸਿਹਤ ਸੰਭਾਲ ਪ੍ਰੋਗਰਾਮਾਂ ਵਿੱਚੋਂ ਇੱਕ ਹੈ।
ਇਸ ਪਹਿਲਕਦਮੀ ਨਾਲ ਪੰਜਾਬ ਨੇ ਬਿਨਾਂ ਕਿਸੇ ਆਮਦਨ ਸੀਮਾ ਜਾਂ ਯੋਜਨਾ ਤੋਂ ਬਾਹਰ ਰੱਖਣ ਦੀ ਸ਼ਰਤ ਦੇ ਯੂਨੀਵਰਸਲ ਸਿਹਤ ਕਵਰੇਜ ਦੀ ਪੇਸ਼ਕਸ਼ ਕਰਕੇ ਇੱਕ ਨਵਾਂ ਕੌਮੀ ਮਾਪਦੰਡ ਸਥਾਪਤ ਕੀਤਾ ਹੈ, ਜੋ ਭਾਰਤ ਵਿੱਚ ਕਿਤੇ ਵੀ ਲਾਗੂ ਕਿਸੇ ਵੀ ਸਿਹਤ ਬੀਮਾ ਯੋਜਨਾ ਨਾਲੋਂ ਵਿਲੱਖਣ ਅਤੇ ਵਿਆਪਕ ਹੈ।
ਮੁੱਖ ਮੰਤਰੀ ਸਿਹਤ ਯੋਜਨਾ ਕੀ ਹੈ?
ਮੁੱਖ ਮੰਤਰੀ ਸਿਹਤ ਯੋਜਨਾ ਇੱਕ ਯੂਨੀਵਰਸਲ ਸਿਹਤ ਬੀਮਾ ਯੋਜਨਾ ਹੈ ਜੋ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੁਆਰਾ ਸੂਚੀਬੱਧ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਰਾਹੀਂ ਰਾਜ ਭਰ ਦੇ ਪਰਿਵਾਰਾਂ ਨੂੰ ਮੁਫਤ ਅਤੇ ਨਕਦੀ ਰਹਿਤ ਡਾਕਟਰੀ ਇਲਾਜ ਪ੍ਰਦਾਨ ਕਰਨ ਲਈ ਸ਼ੁਰੂ ਕੀਤੀ ਗਈ ਹੈ। ਇਸ ਯੋਜਨਾ ਤਹਿਤ ਸਾਰੇ ਇਲਾਜ ਖਰਚਿਆਂ ਦਾ ਨਿਪਟਾਰਾ ਹਸਪਤਾਲਾਂ ਅਤੇ ਲਾਗੂਕਰਨ ਏਜੰਸੀਆਂ ਦਰਮਿਆਨ ਸਿੱਧੇ ਤੌਰ ‘ਤੇ ਕੀਤਾ ਜਾਂਦਾ ਹੈ, ਜੋ ਇਹ ਯਕੀਨੀ ਬਣਾਉਂਦਾ ਹੈ ਕਿ ਮਰੀਜ਼ਾਂ ਨੂੰ ਆਪਣੀ ਜੇਬ ਵਿੱਚੋਂ ਇੱਕ ਵੀ ਪੈਸਾ ਖ਼ਰਚ ਨਾ ਕਰਨਾ ਪਵੇ।
ਯੋਜਨਾ ਤਹਿਤ ਯੋਗਤਾ
ਇਹ ਯੋਜਨਾ ਪੰਜਾਬ ਦੇ ਸਾਰੇ ਮੂਲ ਨਿਵਾਸੀਆਂ 'ਤੇ ਲਾਗੂ ਹੁੰਦੀ ਹੈ ਅਤੇ ਇਸ ਵਿੱਚ ਆਮਦਨ ਅਤੇ ਸ਼੍ਰੇਣੀ-ਅਧਾਰਤ ਆਦਿ ਸਾਰੀਆਂ ਪਾਬੰਦੀਆਂ ਨੂੰ ਹਟਾ ਕੇ ਇਸਨੂੰ ਪੂਰੀ ਤਰ੍ਹਾਂ ਸਰਵ ਵਿਆਪਕ ਬਣਾਇਆ ਗਿਆ ਹੈ। ਪੰਜਾਬ ਦੀ ਵੈਧ ਵੋਟਰ ਆਈਡੀ ਵਾਲੇ ਪਰਿਵਾਰ ਇਸ ਯੋਜਨਾ ਅਧੀਨ ਰਜਿਸਟ੍ਰੇਸ਼ਨ ਲਈ ਯੋਗ ਹਨ, ਜਦੋਂ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਆਪਣੇ ਮਾਤਾ-ਪਿਤਾ ਜਾਂ ਦੇਖਰੇਖ ਕਰਨ ਵਾਲੇ ਵਿਅਕਤੀ (ਗਾਰਡੀਅਨ) ਦੀ ਵੋਟਰ ਆਈਡੀ ਰਾਹੀਂ ਕਵਰ ਕਰਨ ਦਾ ਉਪਬੰਧ ਹੈ। ਸਾਰੇ ਸਰਕਾਰੀ ਕਰਮਚਾਰੀ, ਪੈਨਸ਼ਨਰ, ਅਤੇ ਪੰਜਾਬ ਸਰਕਾਰ ਦੇ ਵਿਭਾਗਾਂ, ਕਾਰਪੋਰੇਸ਼ਨਾਂ, ਟਰੱਸਟਾਂ ਅਤੇ ਸੁਸਾਇਟੀਆਂ ਅਧੀਨ ਠੇਕੇ, ਆਊਟਸੋਰਸਿੰਗ ਜਾਂ ਕੰਸਲਟੈਂਸਿੰਗ ਆਧਾਰ 'ਤੇ ਲੱਗੇ ਵਿਅਕਤੀ ਵੀ ਇਸ ਯੋਜਨਾ ਅਧੀਨ ਯੋਗ ਹਨ। ਇਸ ਯੋਜਨਾ ਵਿੱਚ ਕੋਈ ਆਮਦਨ ਸੀਮਾ ਨਹੀਂ ਹੈ।
ਕਵਰੇਜ ਅਤੇ ਲਾਭਪਾਤਰੀ
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਲਗਭਗ 65 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਜਾਰੀ ਕੀਤੇ ਜਾਣਗੇ, ਜੋ ਕਿ ਪੰਜਾਬ ਭਰ ਦੇ ਲਗਭਗ ਤਿੰਨ ਕਰੋੜ ਨਾਗਰਿਕਾਂ ਨੂੰ ਕਵਰ ਕਰਦੇ ਹਨ। ਹਰੇਕ ਯੋਗ ਪਰਿਵਾਰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਡਾਕਟਰੀ ਇਲਾਜ ਦਾ ਹੱਕਦਾਰ ਹੈ। ਇਸ ਯੋਜਨਾ ਅਧੀਨ ਪਹਿਲਾਂ ਵਾਲੇ 5 ਲੱਖ ਰੁਪਏ ਦੀ ਕਵਰੇਜ ਸੀਮਾ ਨੂੰ ਦੁੱਗਣਾ ਕਰ ਦਿੱਤਾ ਗਿਆ ਹੈ, ਜਿਸ ਨਾਲ ਯੋਜਨਾ ਅਧੀਨ ਕਵਰ ਪਰਿਵਾਰਾਂ ਲਈ ਸਿਹਤ ਸੁਰੱਖਿਆ ਅਤੇ ਵਿੱਤੀ ਸੁਰੱਖਿਆ ਨੂੰ ਵੱਡੀ ਮਜ਼ਬੂਤੀ ਮਿਲੀ ਹੈ।
ਸਿਹਤ ਕਾਰਡ ਜਾਰੀ ਕਰਨਾ
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਿਹਤ ਕਾਰਡ ਨਕਦੀ ਰਹਿਤ ਇਲਾਜ ਪ੍ਰਾਪਤ ਕਰਨ ਲਈ ਮੁੱਖ ਪਹੁੰਚ ਦਸਤਾਵੇਜ਼ ਵਜੋਂ ਕੰਮ ਕਰਦੇ ਹਨ। ਇਹ ਕਾਰਡ ਸੁਵਿਧਾ ਕੇਂਦਰਾਂ, ਕਾਮਨ ਸਰਵਿਸ ਸੈਂਟਰਾਂ ਜਾਂ ਆਧਾਰ ਕਾਰਡ ਅਤੇ ਪੰਜਾਬ ਦੀ ਵੋਟਰ ਆਈਡੀ ਦੀ ਵਰਤੋਂ ਕਰਕੇ ਔਨਲਾਈਨ ਰਜਿਸਟ੍ਰੇਸ਼ਨ ਰਾਹੀਂ ਪ੍ਰਾਪਤ ਕੀਤੇ ਜਾ ਸਕਦੇ ਹਨ। ਇਸ ਯੋਜਨਾ ਅਧੀਨ ਵੱਧ ਤੋਂ ਵੱਧ ਲੋਕਾਂ ਦੀ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਉਣ ਲਈ ਯੁਵਾ ਕਲੱਬ ਦੇ ਸਿਖਲਾਈ ਪ੍ਰਾਪਤ ਮੈਂਬਰ ਰਾਜ ਭਰ ਵਿੱਚ ਘਰ-ਘਰ ਪਹੁੰਚ ਕੇ ਵੀ ਪਰਿਵਾਰਾਂ ਦੀ ਸਹਾਇਤਾ ਕਰਨਗੇ।
ਡਾਕਟਰੀ ਇਲਾਜ ਅਤੇ ਕਵਰ ਕੀਤੀਆਂ ਸੇਵਾਵਾਂ
ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 2,300 ਤੋਂ ਵੱਧ ਇਲਾਜ ਪੈਕੇਜ ਸ਼ਾਮਲ ਕੀਤੇ ਗਏ ਹਨ, ਜਿਸ ਵਿੱਚ ਆਰਥੋਪੈਡਿਕਸ, ਜਨਰਲ ਮੈਡੀਸਨ, ਕਾਰਡੀਓਲੋਜੀ, ਨਿਊਰੋਲੋਜੀ, ਨੈਫਰੋਲੋਜੀ, ਯੂਰੋਲੋਜੀ ਅਤੇ ਓਨਕੋਲੋਜੀ ਵਰਗੀਆਂ ਡਾਕਟਰੀ ਵਿਸ਼ੇਸ਼ਤਾਵਾਂ ਦੀ ਵਿਸ਼ਾਲ ਸ਼੍ਰੇਣੀ ਤਹਿਤ ਸੈਕੰਡਰੀ ਅਤੇ ਟਰਸ਼ਰੀ ਪੱਧਰ ਦੀਆਂ ਸਿਹਤ ਸੰਭਾਲ ਸੇਵਾਵਾਂ ਦਿੱਤੀਆਂ ਜਾਂਦੀਆਂ ਹਨ। ਇਸ ਯੋਜਨਾ ਵਿੱਚ ਦਿਲ ਦਾ ਆਪ੍ਰੇਸ਼ਨ, ਕੈਂਸਰ ਦਾ ਇਲਾਜ, ਗੁਰਦੇ ਦਾ ਡਾਇਲਸਿਸ ਅਤੇ ਟ੍ਰਾਂਸਪਲਾਂਟ, ਦਿਮਾਗ ਅਤੇ ਰੀੜ੍ਹ ਦੀ ਹੱਡੀ ਦੀ ਸਰਜਰੀ, ਗੋਡੇ ਅਤੇ ਚੂਲ਼ਾ ਬਦਲਣਾ, ਮੋਤੀਏ ਸਬੰਧੀ ਸਰਜਰੀ, ਜਣੇਪਾ ਅਤੇ ਨਵਜੰਮੇ ਬੱਚੇ ਦੀ ਦੇਖਭਾਲ, ਦੁਰਘਟਨਾ ਅਤੇ ਐਮਰਜੈਂਸੀ ਸੇਵਾਵਾਂ, ਆਈ.ਸੀ.ਯੂ. ਦੇਖਭਾਲ ਅਤੇ ਨਾਲ ਹੀ ਹਸਪਤਾਲ ਵਿੱਚ ਭਰਤੀ ਹੋਣ ਤੋਂ ਪਹਿਲਾਂ ਅਤੇ ਬਾਅਦ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਵਰਗੇ ਪ੍ਰਮੁੱਖ ਇਲਾਜ ਸ਼ਾਮਲ ਹਨ। ਇਲਾਜ ਨਾਲ ਸਬੰਧਤ ਡਾਇਗਨੌਸਟਿਕ ਸੇਵਾਵਾਂ ਵੀ ਕਵਰ ਕੀਤੀਆਂ ਜਾਂਦੀਆਂ ਹਨ।
ਸਕੀਮ ਅਧੀਨ ਸੂਚੀਬੱਧ ਹਸਪਤਾਲ
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਸੂਚੀਬੱਧ ਕੀਤੇ ਹਸਪਤਾਲਾਂ ਜਿਨ੍ਹਾਂ ਵਿੱਚ ਸਰਕਾਰੀ ਸੰਸਥਾਵਾਂ, ਨਿੱਜੀ ਹਸਪਤਾਲਾਂ, ਜਨਤਕ-ਨਿੱਜੀ ਭਾਈਵਾਲੀ ਵਾਲੇ ਹਸਪਤਾਲਾਂ ਅਤੇ ਪੰਜਾਬ ਦੇ ਸਾਰੇ ਮੈਡੀਕਲ ਕਾਲਜ ਸ਼ਾਮਲ ਹਨ, ਦੇ ਮਜ਼ਬੂਤ ਅਤੇ ਵਿਆਪਕ ਨੈੱਟਵਰਕ ਰਾਹੀਂ ਨਕਦੀ ਰਹਿਤ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਹੁਣ ਤੱਕ ਇਸ ਸਕੀਮ ਅਧੀਨ ਕੁੱਲ 823 ਹਸਪਤਾਲਾਂ ਨੂੰ ਸੂਚੀਬੱਧ ਕੀਤਾ ਗਿਆ ਹੈ ਤਾਂ ਜੋ ਪੂਰੇ ਸੂਬੇ ਵਿੱਚ ਵਿਆਪਕ ਕਵਰੇਜ ਦੇ ਨਾਲ-ਨਾਲ ਮੈਡੀਕਲ ਕਾਲਜ-ਪੱਧਰੀ ਦੇਖਭਾਲ ਤੱਕ ਆਸਾਨ ਪਹੁੰਚ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਨੈੱਟਵਰਕ ਵਿੱਚ ਚਾਰ ਸਰਕਾਰੀ ਮੈਡੀਕਲ ਕਾਲਜ, ਚਾਰ ਨਿੱਜੀ ਮੈਡੀਕਲ ਕਾਲਜ ਅਤੇ ਜਨਤਕ-ਨਿੱਜੀ ਭਾਈਵਾਲੀ ਤਹਿਤ ਕੰਮ ਕਰ ਰਿਹਾ ਇੱਕ ਮੈਡੀਕਲ ਕਾਲਜ ਸ਼ਾਮਲ ਹੈ। ਇਸ ਤੋਂ ਇਲਾਵਾ, 23 ਜ਼ਿਲ੍ਹਾ ਹਸਪਤਾਲ, 41 ਸਬ-ਡਿਵੀਜ਼ਨਲ ਹਸਪਤਾਲ, ਅਤੇ 151 ਕਮਿਊਨਿਟੀ ਸਿਹਤ ਕੇਂਦਰ ਇਸ ਸਕੀਮ ਅਧੀਨ ਲਿਆਂਦੇ ਗਏ ਹਨ, ਜਿਸ ਨਾਲ ਜ਼ਿਲ੍ਹਾ ਅਤੇ ਉਪ-ਜ਼ਿਲ੍ਹਾ ਪੱਧਰ ’ਤੇ ਸਿਹਤ ਸੰਭਾਲ ਤੱਕ ਪਹੁੰਚ ਹੋਰ ਬਿਹਤਰ ਹੋਈ ਹੈ।
ਐਮ.ਐਮ.ਐਸ.ਵਾਈ. ਤਹਿਤ ਸੂਚੀਬੱਧ ਕੀਤੇ 559 ਨਿੱਜੀ ਹਸਪਤਾਲ ਨਾਲ ਪ੍ਰਾਈਵੇਟ ਸੈਕਟਰ ਨੈੱਟਵਰਕ ਦਾ ਯੋਗਦਾਨ ਵੀ ਮਹੱਤਵਪੂਰਨ ਹੈ। ਇਸ ਸਕੀਮ ਅਧੀਨ ਸ਼ਾਮਲ ਪ੍ਰਮੁੱਖ ਨਿੱਜੀ ਹਸਪਤਾਲ ਪੀਆਈਐਮਐਸ ਮੈਡੀਕਲ ਐਂਡ ਐਜੂਕੇਸ਼ਨ ਚੈਰੀਟੇਬਲ ਸੋਸਾਇਟੀ ਜਲੰਧਰ, ਆਦੇਸ਼ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਐਂਡ ਰਿਸਰਚ ਬਠਿੰਡਾ, ਚਿੰਤਪੂਰਨੀ ਮੈਡੀਕਲ ਕਾਲਜ ਅਤੇ ਹਸਪਤਾਲ ਪਠਾਨਕੋਟ, ਰਿਮਟ ਮੈਡੀਕਲ ਕਾਲਜ ਅਤੇ ਹਸਪਤਾਲ ਫਤਿਹਗੜ੍ਹ ਸਾਹਿਬ, ਗਿਆਨ ਸਾਗਰ ਮੈਡੀਕਲ ਕਾਲਜ ਪਟਿਆਲਾ ਨੀਲਮ ਹਸਪਤਾਲ ਪਟਿਆਲਾ, ਸ਼੍ਰੀ ਗੁਰੂ ਰਾਮ ਦਾਸ ਚੈਰੀਟੇਬਲ ਹਸਪਤਾਲ ਅੰਮ੍ਰਿਤਸਰ, ਕੈਪੀਟਲ ਹਸਪਤਾਲ ਜਲੰਧਰ, ਸੋਹਾਣਾ ਹਸਪਤਾਲ ਐਸਏਐਸ ਨਗਰ ਅਤੇ ਅਮਰ ਹਸਪਤਾਲ ਐਸਏਐਸ ਨਗਰ ਸ਼ਾਮਲ ਹਨ। ਪੰਜਾਬ ਸਰਕਾਰ ਰਾਜ ਭਰ ਵਿੱਚ ਨਕਦੀ ਰਹਿਤ ਇਲਾਜ ਤੱਕ ਪਹੁੰਚ ਨੂੰ ਹੋਰ ਮਜ਼ਬੂਤ ਕਰਨ ਲਈ ਸੂਚੀਬੱਧ ਹਸਪਤਾਲਾਂ ਦੇ ਨੈੱਟਵਰਕ ਦਾ ਵਿਸਥਾਰ ਕਰਨਾ ਜਾਰੀ ਰੱਖੇਗੀ।
ਜਿੱਥੇ ਇਲਾਜ ਉਪਲਬਧ ਕਰਵਾਇਆ ਜਾ ਸਕਦਾ ਹੈ
ਲਾਭਪਾਤਰੀ ਪੰਜਾਬ ਭਰ ਵਿੱਚ ਕਿਸੇ ਵੀ ਸੂਚੀਬੱਧ ਸਰਕਾਰੀ ਜਾਂ ਨਿੱਜੀ ਹਸਪਤਾਲ ਵਿੱਚ ਨਕਦੀ ਰਹਿਤ ਇਲਾਜ ਪ੍ਰਾਪਤ ਕਰ ਸਕਦੇ ਹਨ। ਚੰਡੀਗੜ੍ਹ ਵਿੱਚ ਸਥਿਤ ਸੂਚੀਬੱਧ ਹਸਪਤਾਲ ਵੀ ਸ਼ਾਮਲ ਹਨ, ਜਿਸ ਨਾਲ ਲਾਭਪਾਤਰੀਆਂ ਨੂੰ ਲੋੜ ਪੈਣ ’ਤੇ ਰਾਜ ਤੋਂ ਬਾਹਰ ਇਲਾਜ ਦੀ ਸਹੂਲਤ ਮਿਲਦੀ ਹੈ।
ਨਕਦੀ ਰਹਿਤ ਇਲਾਜ ਕਿਵੇਂ ਮਿਲੇਗਾ
ਇਲਾਜ ਪ੍ਰਾਪਤ ਕਰਨ ਲਈ ਲਾਭਪਾਤਰੀਆਂ ਨੂੰ ਸੂਚੀਬੱਧ ਹਸਪਤਾਲ ਵਿੱਚ ਆਪਣਾ ਮੁੱਖ ਮੰਤਰੀ ਸਿਹਤ ਯੋਜਨਾ ਸਿਹਤ ਕਾਰਡ ਦੇਣਾ ਹੋਵੇਗਾ। ਮਰੀਜ਼ ਨੂੰ ਬਿਨਾਂ ਕਿਸੇ ਭੁਗਤਾਨ ਦੇ ਇਲਾਜ ਪ੍ਰਦਾਨ ਕੀਤਾ ਜਾਂਦਾ ਹੈ। ਇਲਾਜ ਪੂਰਾ ਹੋਣ ਤੋਂ ਬਾਅਦ ਹਸਪਤਾਲ ਅਦਾਇਗੀ ਲਈ ਕਲੇਮ ਪੇਸ਼ ਕਰਦਾ ਹੈ , ਜਿਸਦਾ ਭੁਗਤਾਨ ਪੰਦਰਾਂ ਦਿਨਾਂ ਦੇ ਅੰਦਰ ਜਾਰੀ ਕਰ ਦਿੱਤਾ ਜਾਂਦਾ ਹੈ। ਪੰਜਾਬ ਸਰਕਾਰ ਨੇ ਨਿਰਵਿਘਨ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਪਹਿਲਾਂ ਹੀ ਬੀਮਾ ਕੰਪਨੀ ਨੂੰ ਐਡਵਾਂਸ ਪ੍ਰੀਮੀਅਮ ਦਾ ਭੁਗਤਾਨ ਕਰ ਦਿੱਤਾ ਹੈ।
ਲਾਗੂਕਰਨ ਅਤੇ ਵਿੱਤੀ ਪ੍ਰਬੰਧ
ਇਹ ਯੋਜਨਾ ਇੱਕ ਹਾਈਬ੍ਰਿਡ ਮਾਡਲ ਰਾਹੀਂ ਲਾਗੂ ਕੀਤੀ ਜਾ ਰਹੀ ਹੈ, ਜਿਸ ਤਹਿਤ ਪ੍ਰਤੀ ਪਰਿਵਾਰ 1 ਲੱਖ ਰੁਪਏ ਦਾ ਬੀਮਾ ਕਵਰੇਜ ਯੂਨਾਈਟਿਡ ਇੰਡੀਆ ਬੀਮਾ ਕੰਪਨੀ ਦੁਆਰਾ ਪ੍ਰਦਾਨ ਕੀਤਾ ਜਾਂਦਾ ਹੈ, ਜਦੋਂ ਕਿ 10 ਲੱਖ ਰੁਪਏ ਤੱਕ ਦਾ ਬਾਕੀ ਕਵਰੇਜ ਪੰਜਾਬ ਸਰਕਾਰ ਦੁਆਰਾ ਰਾਜ ਸਿਹਤ ਏਜੰਸੀ ਰਾਹੀਂ ਸਹਿਣ ਕੀਤਾ ਜਾਂਦਾ ਹੈ। ਇਸਦੇ ਸੁਚਾਰੂ ਅਤੇ ਨਿਰੰਤਰ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ 1,200 ਕਰੋੜ ਰੁਪਏ ਦਾ ਬਜਟ ਪ੍ਰਬੰਧ ਕੀਤਾ ਗਿਆ ਹੈ।
ਮੁੱਖ ਮੰਤਰੀ ਸਿਹਤ ਯੋਜਨਾ ਦਾ ਉਦੇਸ਼
ਭਗਵੰਤ ਸਿੰਘ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਇਹ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ ਕਿ ਪੰਜਾਬ ਦਾ ਕੋਈ ਵੀ ਨਾਗਰਿਕ ਵਿੱਤੀ ਰੁਕਾਵਟਾਂ ਕਰਕੇ ਡਾਕਟਰੀ ਇਲਾਜ ਤੋ ਵਾਂਝਾ ਨਾ ਰਹੇ। ਇਹ ਯੋਜਨਾ ਬਿਨਾਂ ਕਿਸੇ ਭੇਦਭਾਵ ਦੇ ਯੂਨੀਵਰਸਲ, ਨਕਦੀ ਰਹਿਤ ਸਿਹਤ ਸੰਭਾਲ ਦੀ ਪੇਸ਼ਕਸ਼ ਕਰਕੇ ਪੰਜਾਬ ਨੂੰ ਜਨਤਕ ਸਿਹਤ ਸੰਭਾਲ ਸੁਧਾਰਾਂ ਵਿੱਚ ਰਾਸ਼ਟਰੀ ਪੱਧਰ 'ਤੇ ਮੋਹਰੀ ਬਣਾਉਂਦੀ ਹੈ।
ਹੋਰ ਜਾਣਕਾਰੀ ਅਤੇ ਯੋਜਨਾ ਅਧੀਨ ਰਜਿਸਟ੍ਰੇਸ਼ਨ ਸਹਾਇਤਾ ਲਈ, ਨਾਗਰਿਕ ਆਪਣੇ ਨਜ਼ਦੀਕੀ ਕਾਮਨ ਸਰਵਿਸ ਸੈਂਟਰ ਜਾਂ ਸਰਕਾਰੀ ਸਿਹਤ ਸਹੂਲਤ ਨਾਲ ਸੰਪਰਕ ਕਰ ਸਕਦੇ ਹਨ।


