ਪੇਂਡੂ ਸਿਹਤ ਸੇਵਾਵਾਂ ਦਾ ਵਿਸਥਾਰ: ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ ਵੱਲੋਂ ਆਮ ਆਦਮੀ ਪਿੰਡ ਕਲੀਨਿਕ ਆਦਮਪਾਲ ਲੋਕਾਂ ਨੂੰ ਸਮਰਪਿਤ
ਮਾਲੇਰਕੋਟਲਾ, 28 ਨਵੰਬਰ - ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੇਂਡੂ ਖੇਤਰਾਂ ਵਿੱਚ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਫ਼ਤ ਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਹਲਕਾ ਮਾਲੇਰਕੋਟਲਾ ਦੇ ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ ਵੱਲੋਂ ਪਿੰਡ ਆਦਮਪਾਲ ਵਿਖੇ ਆਮ ਆਦਮੀ ਪਿੰਡ ਕਲੀਨਿਕ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਜਿਕਰਯੋਗ ਹੈ ਕਿ ਜ਼ਿਲ੍ਹੇ ਦੇ ਪਿੰਡ ਹੁਸੈਣਪੁਰਾ ਅਤੇ ਫਰਵਾਲੀ ਵਿਖੇ ਵੀ ਆਮ ਆਦਮੀ ਪਿੰਡ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ ।
ਇਸ ਮੌਕੇ ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਸਿਹਤ, ਸਿੱਖਿਆ ਅਤੇ ਸਮਾਜਿਕ ਸੁਰੱਖਿਆ ਦੇ ਖੇਤਰਾਂ ਵਿੱਚ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਪਿੰਡ ਪੱਧਰ ’ਤੇ ਸਿਹਤ ਸੇਵਾਵਾਂ ਦੀ ਉਪਲਬਧਤਾ ਨਾਲ ਲੋਕਾਂ ਦੇ ਸਮੇਂ ਅਤੇ ਪੈਸੇ ਦੀ ਬੱਚਤ ਹੋਣ ਦੇ ਨਾਲ-ਨਾਲ ਬਜ਼ੁਰਗਾਂ, ਔਰਤਾਂ ਅਤੇ ਲੋੜਵੰਦ ਪਰਿਵਾਰਾਂ ਨੂੰ ਵਿਸ਼ੇਸ਼ ਸਹੂਲਤ ਮਿਲੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦਾ ਉਦੇਸ਼ ਆਮ ਪਰਿਵਾਰਾਂ ਦੇ ਆਰਥਿਕ ਬੋਝ ਨੂੰ ਘਟਾਉਣਾ ਅਤੇ ਉਨ੍ਹਾਂ ਦੇ ਜੀਵਨ ਪੱਧਰ ਵਿੱਚ ਸੁਧਾਰ ਲਿਆਉਣਾ ਹੈ। ਘਰੇਲੂ ਖਪਤਕਾਰਾਂ ਨੂੰ ਪ੍ਰਤੀ ਮਹੀਨਾ 300 ਯੂਨਿਟ ਤੱਕ ਮੁਫ਼ਤ ਬਿਜਲੀ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪ੍ਰਤੀ ਪਰਿਵਾਰ ਸਾਲਾਨਾ 10 ਲੱਖ ਰੁਪਏ ਤੱਕ ਨਗਦੀ ਰਹਿਤ ਇਲਾਜ, ਔਰਤਾਂ ਲਈ ਸਰਕਾਰੀ ਬੱਸਾਂ ਵਿੱਚ ਮੁਫ਼ਤ ਸਫ਼ਰ, ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਅਤੇ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ਮਾਵਾਂ ਧੀਆਂ ਸਤਿਕਾਰ ਯੋਜਨਾ ਤੋ ਇਲਾਵਾ ਹੋਰ ਪੈਨਸ਼ਨਾਂ ਵਰਗੀਆਂ ਯੋਜਨਾਵਾਂ ਇਸੇ ਉਦੇਸ਼ ਨਾਲ ਲਾਗੂ ਕੀਤੀਆਂ ਜਾ ਰਹੀਆਂ ਹਨ।
ਵਿਧਾਇਕ ਨੇ ਕਿਹਾ ਕਿ ਸਰਕਾਰੀ ਸਹੂਲਤਾਂ ਦਾ ਲਾਭ ਜ਼ਮੀਨੀ ਪੱਧਰ ’ਤੇ ਹਰੇਕ ਯੋਗ ਲਾਭਪਾਤਰੀ ਤੱਕ ਪਹੁੰਚਾਉਣਾ ਸਰਕਾਰ ਦੀ ਤਰਜੀਹ ਹੈ। ਪਿੰਡ ਆਦਮਪਾਲ ਵਿਖੇ ਕਲੀਨਿਕ ਦੀ ਸ਼ੁਰੂਆਤ ਇਸ ਦਿਸ਼ਾ ਵਿੱਚ ਕੀਤਾ ਗਿਆ ਇੱਕ ਹੋਰ ਉਪਰਾਲਾ ਹੈ। ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਸ ਕਲੀਨਿਕ ਰਾਹੀਂ ਮਰੀਜ਼ਾਂ ਨੂੰ ਮੁਫ਼ਤ ਡਾਕਟਰੀ ਸਲਾਹ, ਸਿਹਤ ਜਾਂਚ, ਲੋੜੀਂਦੇ ਲੈਬਾਰਟਰੀ ਟੈਸਟ ਅਤੇ ਦਵਾਈਆਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਮੌਕੇ ਵਿਧਾਇਕ ਰਹਿਮਾਨ ਵਲੋਂ ਪਿੰਡ ਵਾਸੀਆਂ ਨੂੰ ਕਲੀਨਿਕ ਵਿੱਚ ਉਪਲਬਧ ਮੁਫ਼ਤ ਸਿਹਤ ਸਹੂਲਤਾਂ ਅਤੇ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ ਗਈ।

