ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਅਤੇ ਭਲਾਈ ਐਸੋਸੀਏਸ਼ਨਾਂ ਨਾਲ ਵਿਆਪਕ ਵਿਚਾਰ-ਵਟਾਂਦਰਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਅਤੇ ਭਲਾਈ ਐਸੋਸੀਏਸ਼ਨਾਂ ਨਾਲ ਵਿਆਪਕ ਵਿਚਾਰ-ਵਟਾਂਦਰਾ

ਚੰਡੀਗੜ੍ਹ, 29 ਸਤੰਬਰ 2026: ਮੁਲਾਜ਼ਮਾਂ ਅਤੇ ਕਾਰਜਬਲ ਦੇ ਵੱਖ-ਵੱਖ ਵਰਗਾਂ ਦੇ ਜਾਇਜ਼ ਮਸਲਿਆਂ ਨੂੰ ਆਪਸੀ ਗੱਲਬਾਤ, ਪਾਰਦਰਸ਼ਤਾ ਅਤੇ ਉਸਾਰੂ ਪਹੁੰਚ ਰਾਹੀਂ ਹੱਲ ਕਰਨ ਸਬੰਧੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਮੁਲਾਜ਼ਮਾਂ ਦੇ ਮੁੱਦਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਮੁਖੀ ਤੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਅਤੇ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਦੀ ਲੜੀ ਕੀਤੀ।

ਮੀਟਿੰਗਾਂ ਦੌਰਾਨ ਸੰਯੁਕਤ ਦਿਵਿਆਂਗ ਮੋਰਚਾ (ਪੰਜਾਬ), ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਇੰਪਲਾਈਜ਼ ਕੰਟਰੈਕਟ ਵਰਕਰਜ਼ ਐਂਡ ਲੇਬਰ ਯੂਨੀਅਨ, ਮਨਰੇਗਾ ਕਰਮਚਾਰੀ ਯੂਨੀਅਨ (ਪੰਜਾਬ) ਅਤੇ ਨੇਤਰਹੀਣ ਏਕਤਾ ਪੰਜਾਬ ਐਸੋਸੀਏਸ਼ਨ ਦੇ ਵਫ਼ਦਾਂ ਨੇ ਕੈਬਨਿਟ ਸਬ-ਕਮੇਟੀ ਨੂੰ ਆਪਣੇ ਮੰਗ-ਪੱਤਰ ਸੌਂਪੇ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਆਪਣੇ ਪ੍ਰਸ਼ਾਸਨਿਕ, ਸੇਵਾ-ਮੁਕਤ/ਨੌਕਰੀ ਸਬੰਧੀ ਅਤੇ ਭਲਾਈ ਨਾਲ ਜੁੜੇ ਮਸਲਿਆਂ ਤੋਂ ਜਾਣੂ ਕਰਵਾਇਆ।

ਵਿਚਾਰ-ਵਟਾਂਦਰੇ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰੇਕ ਵਫ਼ਦ ਦੇ ਨੁਮਾਇੰਦਿਆਂ ਨੂੰ ਧੀਰਜ ਨਾਲ ਸੁਣਿਆ ਅਤੇ ਉਨ੍ਹਾਂ ਵੱਲੋਂ ਉਠਾਏ ਗਏ ਮੁੱਦਿਆਂ ਨੂੰ ਗੌਰ ਨਾਲ ਦਰਜ ਕੀਤਾ। ਉਨ੍ਹਾਂ ਕਿਹਾ, “ਪੰਜਾਬ ਸਰਕਾਰ ‘ਖੁੱਲ੍ਹੇ ਦਰਵਾਜ਼ੇ’ ਦੀ ਨੀਤੀ ਵਿੱਚ ਵਿਸ਼ਵਾਸ ਰੱਖਦੀ ਹੈ ਅਤੇ ਮੁਲਾਜ਼ਮਾਂ ਤੇ ਉਨ੍ਹਾਂ ਦੇ ਨੁਮਾਇੰਦਿਆਂ ਨਾਲ ਉਸਾਰੂ ਅਤੇ ਪਾਰਦਰਸ਼ੀ ਢੰਗ ਨਾਲ ਰਾਬਤਾ ਕਾਇਮ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਰਕਾਰ ਸੂਬੇ ਦੇ ਕੰਮਕਾਜ ਵਿੱਚ ਮੁਲਾਜ਼ਮਾਂ ਅਤੇ ਕਾਰਜਬਲ ਦੇ ਵੱਖ-ਵੱਖ ਵਰਗਾਂ ਦੇ ਯੋਗਦਾਨ ਨੂੰ ਮਾਨਤਾ ਦਿੰਦੀ ਹੈ ਅਤੇ ਜਾਇਜ਼ ਮੰਗਾਂ ਦੀ ਪੜਤਾਲ ਹਾਂ-ਪੱਖੀ ਰਵੱਈਏ ਨਾਲ ਕਰਨ ਲਈ ਵਚਨਬੱਧ ਹੈ।

ਵਿੱਤ ਮੰਤਰੀ ਨੇ ਸਬੰਧਤ ਪ੍ਰਸ਼ਾਸਨਿਕ ਵਿਭਾਗਾਂ ਨੂੰ ਮੁਲਾਜ਼ਮ ਯੂਨੀਅਨਾਂ ਅਤੇ ਐਸੋਸੀਏਸ਼ਨਾਂ ਵੱਲੋਂ ਸੌਂਪੇ ਗਏ ਮੰਗ-ਪੱਤਰਾਂ ਦੀ ਬਾਰੀਕੀ ਨਾਲ ਪੜਤਾਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਵਿਭਾਗਾਂ ਨੂੰ ਮੌਜੂਦਾ ਨੀਤੀਆਂ ਅਤੇ ਨਿਯਮਾਂ ਅਨੁਸਾਰ ਮੁੱਦਿਆਂ ਦਾ ਮੁਲਾਂਕਣ ਕਰਨ ਅਤੇ ਪ੍ਰਵਾਨਿਤ ਦਾਇਰੇ ਵਿੱਚ ਵਿਵਹਾਰਕ ਹੱਲ ਲੱਭਣ ਲਈ ਕਿਹਾ।

ਉਨ੍ਹਾਂ ਵਿਭਾਗਾਂ ਨੂੰ ਇਨ੍ਹਾਂ ਮਾਮਲਿਆਂ ਦੀ ਸਮਾਂਬੱਧ ਢੰਗ ਨਾਲ ਪੜਤਾਲ ਕਰਨ ਦੇ ਵੀ ਨਿਰਦੇਸ਼ ਦਿੱਤੇ ਤਾਂ ਜੋ ਜਾਇਜ਼ ਚਿੰਤਾਵਾਂ ਦਾ ਢੁਕਵਾਂ ਨਿਪਟਾਰਾ ਕੀਤਾ ਜਾ ਸਕੇ।

ਵਿੱਤ ਮੰਤਰੀ ਨੇ ਦੁਹਰਾਇਆ ਕਿ ਕੈਬਨਿਟ ਸਬ-ਕਮੇਟੀ ਮੁਲਾਜ਼ਮਾਂ ਦੇ ਨੁਮਾਇੰਦਿਆਂ ਨਾਲ ਲਗਾਤਾਰ ਰਾਬਤਾ ਕਾਇਮ ਰੱਖੇਗੀ ਅਤੇ ਵਿਵਹਾਰਕ ਤੇ ਨੀਤੀ-ਅਨੁਕੂਲ ਹੱਲ ਲੱਭਣ ਦੇ ਉਦੇਸ਼ ਨਾਲ ਉਨ੍ਹਾਂ ਦੇ ਮਸਲਿਆਂ ਦੀ ਪੜਚੋਲ ਜਾਰੀ ਰੱਖੇਗੀ।

 

Latest

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਪਿੰਡ ਸਹਾਰੀ ਵਿਖੇ 'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਸਿਹਤ ਕਾਰਡ ਵੰਡੇ
ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026' ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ
ਪੀ.ਏ.ਯੂ ਨੇ ਸੂਬੇ ਦੀ ਖੇਤੀ ਨੂੰ ਅਗਾਂਹਵਧੂ ਲੀਹਾਂ ਉੱਪਰ ਤੋਰਨ ਲਈ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਕਾਰਜ ਕੀਤਾ-ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ
ਮੇਰਾ ਘਰ-ਮੇਰੇ ਨਾਮ’ ਸਕੀਮ ਤਹਿਤ ਲਾਭਪਾਤਰੀਆਂ ਨੂੰ ਜਲਦ ਦਿੱਤੇ ਜਾਣਗੇ ਮਾਲਕੀ ਦੇ ਹੱਕਾਂ ਵਾਲੇ ਕਾਰਡ : ਡਿਪਟੀ ਕਮਿਸ਼ਨਰ
ਪੰਜਾਬ ਸਰਕਾਰ ਨੇ ਜ਼ਮੀਨੀ ਪੱਧਰ ’ਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਸ਼ਾਨਦਾਰ ਉਪਰਾਲੇ : ਡਾ. ਰਵਜੋਤ ਸਿੰਘ