ਗਣਤੰਤਰ ਦਿਵਸ ਦੀ ਪੂਰਵ ਸੰਧਿਆ 'ਤੇ ਪੰਜਾਬ ਪੁਲਿਸ ਵੱਲੋਂ ਸੂਬੇ ਭਰ ‘ਚ ਫਲੈਗ ਮਾਰਚ
ਚੰਡੀਗੜ੍ਹ, 25 ਜਨਵਰੀ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਗਣਤੰਤਰ ਦਿਵਸ ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਸਖ਼ਤ ਸੁਰੱਖਿਆ ਪ੍ਰਬੰਧਾਂ ਦਰਮਿਆਨ ਪੰਜਾਬ ਪੁਲਿਸ ਦੀਆਂ ਟੀਮਾਂ ਨੇ ਅੱਜ ਸੂਬੇ ਭਰ ਦੇ ਸੰਵੇਦਨਸ਼ੀਲ ਖੇਤਰਾਂ ਵਿੱਚ ਫਲੈਗ ਮਾਰਚ ਕੀਤਾ।
ਜ਼ਿਕਰਯੋਗ ਹੈ ਕਿ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਪੁਲਿਸ ਕਮਿਸ਼ਨਰਾਂ (ਸੀਪੀਜ਼) ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀਜ਼) ਨੂੰ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਇਸਦੇ ਨਾਲ ਹੀ ਉਨ੍ਹਾਂ ਨੇ ਸਾਰੇ ਸਟੇਸ਼ਨ ਹਾਊਸ ਅਫ਼ਸਰਾਂ (ਐਸਐਚਓਜ਼) ਅਤੇ ਗਜ਼ਟਿਡ ਅਫ਼ਸਰਾਂ ਨੂੰ ਗਣਤੰਤਰ ਦਿਵਸ ਸਮਾਗਮ ਦੀ ਸਮਾਪਤੀ ਤੱਕ ਫੀਲਡ ਵਿੱਚ ਰਹਿਣ ਲਈ ਵੀ ਕਿਹਾ ਹੈ।
ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਸੀਪੀਜ਼/ਐਸਐਸਪੀਜ਼ ਦੀ ਅਗਵਾਈ ਵਿੱਚ ਪੁਲਿਸ ਟੀਮਾਂ ਵੱਲੋਂ ਆਪਣੇ-ਆਪਣੇ ਜ਼ਿਲ੍ਹਿਆਂ ਦੇ ਸੰਵੇਦਨਸ਼ੀਲ ਖੇਤਰਾਂ ਵਿੱਚ ਫਲੈਗ ਮਾਰਚ ਕੀਤੇ ਗਏ। ਉਨ੍ਹਾਂ ਕਿਹਾ ਕਿ ਇਸ ਅਭਿਆਸ ਦਾ ਉਦੇਸ਼ ਆਮ ਲੋਕਾਂ ਦਾ ਵਿਸ਼ਵਾਸ ਵਧਾਉਣ ਦੇ ਨਾਲ-ਨਾਲ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪੁਲਿਸ ਕਰਮੀਆਂ ਨੂੰ ਤਿਆਰ ਕਰਨਾ ਸੀ।
ਉਨ੍ਹਾਂ ਦੱਸਿਆ ਕਿ ਸੂਬੇ ਭਰ ਵਿੱਚ ਸੁਰੱਖਿਆ ਪਹਿਲਾਂ ਹੀ ਵਧਾ ਦਿੱਤੀ ਗਈ ਹੈ ਅਤੇ ਸਮਾਜ ਵਿਰੋਧੀ ਅਨਸਰਾਂ 'ਤੇ ਨਜ਼ਰ ਰੱਖਣ ਅਤੇ ਗਣਤੰਤਰ ਦਿਵਸ ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ 20 ਹਜ਼ਾਰ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ।
ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੀਪੀਜ਼/ਐਸਐਸਪੀਜ਼ ਨੂੰ ਸੂਬੇ ਭਰ ਦੇ ਸਾਰੇ ਭੀੜ-ਭੜੱਕੇ ਵਾਲੇ ਸਥਾਨਾਂ 'ਤੇ ਐਸਪੀ-ਰੈਂਕ ਦੇ ਅਧਿਕਾਰੀ ਦੀ ਨਿਗਰਾਨੀ ਹੇਠ ਇੱਕ ਵਿਸ਼ੇਸ਼ ਘੇਰਾਬੰਦੀ ਅਤੇ ਖੋਜ ਮੁਹਿੰਮ (ਕਾਸੋ) ਚਲਾਉਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ ਜਿਸ ਵਿੱਚ ਰੇਲਵੇ ਸਟੇਸ਼ਨ, ਬੱਸ ਸਟੈਂਡ, ਬਾਜ਼ਾਰ, ਸ਼ਾਪਿੰਗ ਮਾਲ, ਜਨਤਕ ਪਾਰਕ ਆਦਿ ਸ਼ਾਮਲ ਹਨ। ਉਨ੍ਹਾਂ ਅੱਗੇ ਦੱਸਿਆ ਕਿ ਅਸੀਂ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਸਖ਼ਤੀ ਨਾਲ ਹਦਾਇਤ ਕੀਤੀ ਸੀ ਕਿ ਇਸ ਕਾਰਵਾਈ ਦੌਰਾਨ ਤਲਾਸ਼ੀ ਲੈਣ ਸਮੇਂ ਹਰ ਵਿਅਕਤੀ ਨਾਲ ਨਿਮਰਤਾ ਨਾਲ ਪੇਸ਼ ਆਇਆ ਜਾਵੇ।
ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 330ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 50 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 150 ਗ੍ਰਾਮ ਹੈਰੋਇਨ ਅਤੇ 376 ਨਸ਼ੀਲੀਆਂ ਗੋਲੀਆਂ/ਕੈਪਸੂਲ ਬਰਾਮਦ ਕੀਤੇ ਹਨ। ਇਸ ਨਾਲ ਸਿਰਫ਼ 330 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 46,443 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ ਅੱਠ ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ।


