5 ਜਨਵਰੀ ਤੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਦੂਜਾ ਚਰਨ ਸ਼ੁਰੂ ਕੀਤਾ ਜਾਵੇਗਾ : ਲਾਲਜੀਤ ਸਿੰਘ ਭੁੱਲਰ
ਪੱਟੀ/ਤਰਨ ਤਾਰਨ, 04 ਜਨਵਰੀ ( ) - ਸੂਬਾ ਸਰਕਾਰ ਵੱਲੋਂ ਨਸ਼ਾ ਮੁਕਤ ਪੰਜਾਬ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਦੂਜਾ ਪੜਾਅ 5 ਜਨਵਰੀ ਤੋਂ ਸ਼ੁਰੂ ਕੀਤਾ ਜਾਵੇਗਾ।
ਪੱਟੀ ਵਿਖੇ ਆਪਣੇ ਕੈਂਪ ਦਫ਼ਤਰ ਵਿਖੇ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਉਪਰੰਤ ਪੱਤਰਕਾਰਾਂ ਨਾਲ ਗੱਲ ਕਰਦਿਆਂ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਪਹਿਲੇ ਪੜਾਅ ਦੀ ਸਫਲਤਾ ਤੋਂ ਬਾਅਦ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਦੂਜਾ ਪੜਾਅ ਸ਼ੁਰੂ ਕੀਤਾ ਜਾ ਰਿਹਾ ਹੈ, ਤਾਂ ਜੋ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਪੜਾਅ ਦੌਰਾਨ ਉਹ ਨੌਜਵਾਨ, ਜੋ ਕਦੇ ਨਸ਼ੇ ਦੇ ਸ਼ਿਕਾਰ ਸਨ ਅਤੇ ਇਲਾਜ ਤੋਂ ਬਾਅਦ ਮੁੜ ਸਮਾਜ ਦੀ ਮੁੱਖ ਧਾਰਾ ਨਾਲ ਜੁੜ ਚੁੱਕੇ ਹਨ, ਪ੍ਰੇਰਕ ਵਕਤਾ ਵਜੋਂ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਗੇ।
ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਵਿੱਚ ਘਰ-ਘਰ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ, ਜਿਸ ਵਿੱਚ ਸਥਾਨਕ ਲੋਕਾਂ ਦੀ ਭਾਗੀਦਾਰੀ ਯਕੀਨੀ ਬਣਾਈ ਜਾਵੇਗੀ, ਤਾਂ ਜੋ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਨਤਾ ਵਿੱਚ ਜਾਗਰੂਕਤਾ ਪੈਦਾ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਪਹਿਲੇ ਪੜਾਅ ਦੌਰਾਨ ਹਜ਼ਾਰਾਂ ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਭੇਜਿਆ ਗਿਆ ਹੈ ਅਤੇ ਬਾਕੀ ਦੋਸ਼ੀਆਂ ਖਿਲਾਫ਼ ਦੂਜੇ ਪੜਾਅ ਵਿੱਚ ਕਰੜੀ ਕਾਰਵਾਈ ਕੀਤੀ ਜਾਵੇਗੀ।
ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਸ. ਭੁੱਲਰ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਲਈ ਸਬੰਧਿਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ।



