ਕੰਟੋਨਮੈਂਟ ਬੋਰਡ ਸਟੇਡੀਅਮ ਵਿਖੇ ਹੋਈ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲtle
ਫਿਰੋਜ਼ਪੁਰ 24 ਜਨਵਰੀ 2026.
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਵਾਰ 26 ਜਨਵਰੀ ਨੂੰ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਸਵੇਰੇ 09:58 ਵਜੇ ਫ਼ਿਰੋਜ਼ਪੁਰ ਛਾਉਣੀ ਵਿਖੇ ਸਥਿਤ ਕੰਟੋਨਮੈਂਟ ਬੋਰਡ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਹੋਣ ਉਪਰੰਤ ਮੀਟਿੰਗ ਕਰਨ ਮੌਕੇ ਦਿੱਤੀ।
ਗਣਤੰਤਰ ਦਿਵਸ ਦੇ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਦੌਰਾਨ ਐਸ.ਡੀ.ਐਮ ਫਿਰੋਜ਼ਪੁਰ ਸ੍ਰੀਮਤੀ ਲਿੰਦਿਆ ਆਈ.ਏ.ਐਸ ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਉਨ੍ਹਾਂ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਸਹਾਇਕ ਕਮਿਸ਼ਨਰ ਰਾਜਬੀਰ ਸਿੰਘ ਵੀ ਉਨ੍ਹਾਂ ਦੇ ਨਾਲ ਹਾਜ਼ਰ ਸਨ। ਇਸ ਦੌਰਾਨ ਪਰੇਡ ਕਮਾਂਡਰ ਕਰਨ ਸ਼ਰਮਾ ਦੀ ਅਗਵਾਈ ਵਿਚ ਵੱਖ-ਵੱਖ ਟੁਕੜੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ। ਇਸ ਮੌਕੇ ਵੱਖ ਵੱਖ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਨੇ ਸੱਭਿਆਚਾਰਕ ਅਤੇ ਦੇਸ਼ਭਗਤੀ ਨਾਲ ਸਬੰਧਿਤ ਕੋਰਿਓਗ੍ਰਾਫੀਆਂ ਵੀ ਪੇਸ਼ ਕੀਤੀਆਂ।
ਰਿਹਰਸਲ ਉਪਰੰਤ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਪੂਰੀ ਤਨਦੇਹੀ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਕਰਨ ਦੀ ਹਦਾਇਤ ਕੀਤੀ ਤੇ ਕਿਹਾ ਕਿ ਉਹ ਸਮਾਗਮ ਦੀ ਸਫ਼ਲਤਾ ਲਈ ਤਨੋ-ਮਨੋਂ ਸਹਿਯੋਗ ਪਾਉਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ.) ਨਿਧੀ ਕੁਮੁਦ ਬੰਬਾਹ, ਵਧੀਕ ਡਿਪਟੀ ਕਮਿਸ਼ਨਰ (ਵਿ) ਸ. ਅਰਵਿੰਦ ਕੁਮਾਰ ਤੋਂ ਇਲਾਵਾ ਸਮੂਹ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।


